ਚੰਡੀਗੜ੍ਹ: ਪੰਜਾਬ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਜਤਿੰਦਰ ਮਸੀਹ ਗੌਰਵ ਨੇ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੂੰ ਜਲਦ ਮੁਆਫ਼ੀ ਮੰਗਣ ਲਈ ਕਿਹਾ ਹੈ। ਪਿਛਲੇ ਦਿਨ ਕੇਂਦਰੀ ਮੰਤਰੀ ਰਵਨੀਤ ਬਿੱਟੂ ਵੱਲੋਂ ਪੰਜਾਬ ਵਿੱਚ ਮਸੀਹੀ ਭਾਈਚਾਰੇ ਖਿਲਾਫ਼ ਦਿੱਤੇ ਬਿਆਨ ਨੂੰ ਲੈ ਕੇ ਮਸੀਹੀ ਭਾਈਚਾਰੇ ਅੰਦਰ ਰੋਸ ਹੈ। ਇਸਾਈ ਭਾਈਚਾਰੇ ਨੇ ਕਿਹਾ ਕਿ ਰਵਨੀਤ ਸਿੰਘ ਬਿੱਟੂ ਇੱਕ ਜ਼ਿੰਮੇਵਾਰ ਵਿਅਕਤੀ ਹਨ ਅਤੇ ਕੇਂਦਰ ਵਿੱਚ ਰਾਜ ਮੰਤਰੀ ਹਨ। ਇਸ ਲਈ ਉਨ੍ਹਾਂ ਨੂੰ ਅਜਿਹੇ ਗੈਰ-ਜ਼ਿੰਮੇਵਾਰਾਨਾ ਬਿਆਨ ਦੇਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ।
ਪੰਜਾਬ ਘੱਟ ਗਿਣਤੀ ਕਮਿਸ਼ਨ ਨੇ ਕਿਹਾ ਕਿ ਰਵਨੀਤ ਬਿੱਟੂ ਜਲਦੀ ਤੋਂ ਜਲਦੀ ਆਪਣੇ ਅਣ-ਸੰਵਿਧਾਨਿਕ ਬਿਆਨ ਸਬੰਧੀ ਸਮੂਹ ਇਸਾਈ ਭਾਈਚਾਰੇ ਤੋਂ ਜਨਤਕ ਤੌਰ ‘ਤੇ ਮਾਫ਼ੀ ਮੰਗਣ। ਲਗਾਤਾਰ ਇਸਾਈ ਭਾਈਚਾਰੇ ਵੱਲੋਂ ਘੱਟ ਗਿਣਤੀ ਕਮਿਸ਼ਨ ਕੋਲ ਰਵਨੀਤ ਬਿੱਟੂ ਵਿਰੁੱਧ ਸ਼ਿਕਾਇਤਾਂ ਪਹੁੰਚ ਰਹੀਆਂ ਸਨ। ਇਸ ਨੂੰ ਵੇਖਦੇ ਹੋਏ, ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਜਤਿੰਦਰ ਮਸੀਹ ਗੌਰਵ ਨੇ ਪੰਜਾਬ ਸਰਕਾਰ ਦੇ ਵਿਸ਼ੇਸ਼ ਸਕੱਤਰ ਨੂੰ ਪੱਤਰ ਲਿਖ ਕੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਰਵਨੀਤ ਬਿੱਟੂ ਨੂੰ ਅਜਿਹੇ ਬਿਆਨ ਦੇਣ ਤੋਂ ਰੋਕਿਆ ਜਾਵੇ।
ਦਾਉਦ ਕਰਿਸਚਨ ਸੈਨਾ ਕਮੇਟੀ ਦੇ ਪ੍ਰਧਾਨ ਜਸਵਿੰਦਰ ਬਿੱਟਾ ਨੇ ਕਿਹਾ ਕਿ ਪੰਜਾਬ ਦੇ ਸ਼ਾਂਤੀਪ੍ਰਿਯ ਮਾਹੌਲ ਨੂੰ ਖਰਾਬ ਕਰਨ ਅਤੇ ਆਪਸੀ ਭਾਈਚਾਰੇ ਨੂੰ ਕਮਜ਼ੋਰ ਕਰਨ ਲਈ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਵੱਲੋਂ ਦਿੱਤਾ ਗਿਆ ਈਸਾਈ ਧਰਮ ਵਿਰੋਧੀ ਬਿਆਨ ਬਹੁਤ ਹੀ ਦੁਖਦਾਈ ਹੈ। ਇਸ ਨਾਲ ਸਮੂਹ ਇਸਾਈ ਭਾਈਚਾਰੇ ਵਿੱਚ ਰੋਸ ਪੈਦਾ ਹੋਇਆ ਹੈ ਅਤੇ ਇਹ ਵੀ ਸਾਬਤ ਹੁੰਦਾ ਹੈ ਕਿ ਪੰਜਾਬ ਦੇ ਕੁਝ ਨੇਤਾ ਜਾਣ-ਬੁੱਝ ਕੇ ਪੰਜਾਬ ਦੀ ਸ਼ਾਂਤੀ ਨੂੰ ਭੰਗ ਕਰਨਾ ਚਾਹੁੰਦੇ ਹਨ।
ਉਨ੍ਹਾਂ ਕਿਹਾ ਕਿ ਅਜਿਹਾ ਲੱਗਦਾ ਹੈ ਜਿਵੇਂ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਮਾਨਸਿਕ ਤੌਰ ‘ਤੇ ਕਮਜ਼ੋਰ ਹਨ, ਜੋ ਸ਼ਾਂਤੀ ਦੇ ਪ੍ਰਤੀਕ ਈਸਾਈ ਧਰਮ ਦੀ ਤੁਲਨਾ ਮਾਓਵਾਦੀਆਂ ਨਾਲ ਕਰ ਰਹੇ ਹਨ। ਜਸਵਿੰਦਰ ਬਿੱਟਾ ਨੇ ਇਹ ਵੀ ਕਿਹਾ ਕਿ ਪੈਸੇ ਦੀ ਤਾਕਤ ਨਾਲ ਈਸਾਈਆਂ ਨੂੰ ਕਮਜ਼ੋਰ ਕਰਨ ਦੀ ਆਰ.ਐਸ.ਐਸ. ਨੀਤੀ ਬਹੁਤ ਨਿੰਦਣਯੋਗ ਹੈ।
ਉਨ੍ਹਾਂ ਕਿਹਾ ਕਿ ਭਾਰਤ ਦਾ ਸੰਵਿਧਾਨ ਸਾਰੇ ਧਰਮਾਂ ਨੂੰ ਬਰਾਬਰ ਮੰਨਦਾ ਹੈ। ਹਰ ਕਿਸੇ ਨੂੰ ਆਪਣੇ ਧਰਮ ਦਾ ਪ੍ਰਚਾਰ ਕਰਨ ਅਤੇ ਕਿਸੇ ਵੀ ਧਰਮ ਦਾ ਪਾਲਣ ਕਰਨ ਦੀ ਆਜ਼ਾਦੀ ਹੈ। ਜਿੱਥੋਂ ਤੱਕ ਮਾਓਵਾਦੀਆਂ ਦਾ ਸਵਾਲ ਹੈ, ਉਹ ਹੇਠਲੇ ਵਰਗ ਦੇ ਹੱਕਾਂ ਲਈ ਵੀ ਲੜ ਰਹੇ ਹਨ।
ਯਾਦ ਰਹੇ ਕਿ ਬੀਤੇ ਦਿਨ ਰਵਨੀਤ ਸਿੰਘ ਬਿੱਟੂ ਨੇ ਧਰਮ ਪਰਿਵਰਤਨ ‘ਤੇ ਸਵਾਲ ਖੜ੍ਹੇ ਕੀਤੇ ਸਨ। ਇੱਕ ਸਮਾਗਮ ਦੌਰਾਨ ਸੰਬੋਧਨ ਕਰਦੇ ਹੋਏ ਉਹਨਾਂ ਨੇ ਕਿਹਾ ਸੀ ਕਿ ਸਿੱਖਾਂ ਦੇ ਹੋ ਰਹੇ ਧਰਮ ਪਰਿਵਰਤਨ ਨੂੰ ਆਰ.ਐਸ.ਐਸ. ਨਾਲ ਮਿਲ ਕੇ ਹੀ ਰੋਕਿਆ ਜਾ ਸਕਦਾ ਹੈ। ਇਸ ਦੌਰਾਨ ਰਵਨੀਤ ਬਿੱਟੂ ਨੇ ਕੁਝ ਇਸਾਈ ਪ੍ਰਚਾਰਕਾਂ ‘ਤੇ ਤਿੱਖੇ ਸ਼ਬਦੀ ਹਮਲੇ ਵੀ ਕੀਤੇ ਸਨ।