ਮੁਹਾਲੀ 27 ਜੁਲਾਈ
ਨੈਸ਼ਨਲ ਜਾਂਚ ਏਜੰਸੀ (ਐਨਆਈਏ) ਵੱਲੋਂ ਰੈਫਰੰਡਮ-2020 ਦੇ ਸਬੰਧ ਵਿੱਚ ਸਿੱਖ ਨੌਜਵਾਨਾਂ ਦੀ ਫੜੋ ਫੜੀ ਅਤੇ ਪੁੱਛਗਿੱਛ ਲਈ ਆਪਣੇ ਦਫਤਰ ਸੱਦ ਕੇ ਉਨ੍ਹਾਂ ਨੂੰ ਮਾਨਸਿਕ ਤੌਰ ‘ਤੇ ਪਰੇਸ਼ਾਨ ਕਰਨ ਅਤੇ ਝੂਠੇ ਕੇਸਾਂ ਵਿੱਚ ਫਸਾਉਣ ਦਾ ਡਰ ਦਿਖਾ ਕੇ ਧਮਕਾਉਣ ਨੂੰ ਲੈ ਕੇ ਸਿੱਖਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਐਨਆਈਏ ਦੀ ਪੁੱਛਗਿੱਛ ਤੋਂ ਘਬਰਾਏ ਲਵਪ੍ਰੀਤ ਸਿੰਘ ਵਾਸੀ ਪਿੰਡ ਰੋੜਾ ਖੇੜਾ (ਸੰਗਰੂਰ) ਨੇ ਪਿਛਲੇ ਦਿਨੀਂ ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਅੰਬ ਸਾਹਿਬ ਵਿੱਚ ਛੱਤ ਵਾਲੇ ਪੱਖੇ ਦੀ ਹੁੱਕ ਨਾਲ ਫਾਹਾ ਲਗਾ ਕੇ ਆਤਮ ਹੱਤਿਆ ਕਰ ਲਈ ਸੀ। ਭਾਈ ਲਵਪ੍ਰੀਤ ਸਿੰਘ ਦੀ ਮੌਤ ਲਈ ਜ਼ਿੰਮੇਵਾਰ ਜਾਂਚ ਏਜੰਸੀ ਦੇ ਅਧਿਕਾਰੀਆਂ/ਕਰਮਚਾਰੀਆਂ ਦੇ ਖਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਦੀ ਮੰਗ ਨੂੰ ਲੈ ਅੱਜ ਵੱਖ-ਵੱਖ ਸਿੱਖ ਜਥੇਬੰਦੀਆਂ ਵੱਲੋਂ ਦਮਦਮੀ ਟਕਸਾਲ ਦੇ ਮੁੱਖ ਸੇਵਾਦਾਰ ਅਤੇ ਸਰਬੱਤ ਖਾਲਸਾ ਵੱਲੋਂ ਥਾਪੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਭਾਈ ਅਮਰੀਕ ਸਿੰਘ ਅਜਨਾਲਾ ਅਤੇ ਜਥੇਦਾਰ ਭਾਈ ਬਲਜੀਤ ਸਿੰਘ ਦਾਦੂਵਾਲ ਦੀ ਅਗਵਾਈ ਹੇਠ ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਅੰਬ ਸਾਹਿਬ ਤੋਂ ਮੁੱਖ ਮੰਤਰੀ ਦੀ ਕੋਠੀ ਤੱਕ ਇਨਸਾਫ਼ ਮਾਰਚ ਕੀਤਾ ਗਿਆ। ਇਨਸਾਫ਼ ਮਾਰਚ ਵਿੱਚ ਦਲ ਖਾਲਸਾ, ਯੂਨਾਈਟਿਡ ਅਕਾਲੀ ਦਲ, ਅਕਾਲੀ ਦਲ (ਅੰਮ੍ਰਿਤਸਰ), ਸਿੱਖ ਸਟੂਡੈਂਟਸ ਫੈਡਰੇਸ਼ਨ ਅਤੇ ਹੋਰ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਸ਼ਿਰਕਤ ਕੀਤੀ।
ਅਰਦਾਸ ਉਪਰੰਤ ਸਿੱਖ ਆਗੂਆਂ ਦੇ ਵੱਡੇ ਕਾਫਲੇ ਨੇ ਸ਼ਾਂਤਮਈ ਮਾਰਚ ਕਰਦਿਆਂ ਮੁੱਖ ਮੰਤਰੀ ਨੂੰ ਮੰਗ ਪੱਤਰ ਦੇਣ ਜਾਣ ਲਈ ਚੰਡੀਗੜ੍ਹ ਵੱਲ ਕੂਚ ਕੀਤਾ ਤਾਂ ਵਾਈਪੀਐਸ ਚੌਕ ਨੇੜੇ ਮੁਹਾਲੀ-ਚੰਡੀਗੜ੍ਹ ਦੀ ਸਾਂਝੀ ਹੱਦ ‘ਤੇ ਪ੍ਰਦਰਸ਼ਨਕਾਰੀਆਂ ਦਾ ਰਾਹ ਡੱਕ ਲਿਆ ਗਿਆ, ਜਿਸ ਕਾਰਨ ਸਿੱਖ ਆਗੂ ਉੱਥੇ ਹੀ ਧੁੱਪ ਵਿੱਚ ਸੜਕ ‘ਤੇ ਧਰਨਾ ਲਗਾ ਕੇ ਬੈਠ ਗਏ। ਇਸ ਮੌਕੇ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਸਾਬਕਾ ਸੀਨੀਅਰ ਮੀਤ ਪ੍ਧਾਨ ਗੁਰਸੇਵ ਸਿੰਘ ਹਰਪਾਲਪੁਰ, ਅਕਾਲੀ ਦਲ (ਅੰਮ੍ਰਿਤਸਰ) ਦੇ ਜਨਰਲ ਸਕੱਤਰ ਕੁਲਦੀਪ ਸਿੰਘ ਭਾਗੋਵਾਲ, ਚੰਡੀਗੜ੍ਹ ਦੇ ਪ੍ਧਾਨ ਗੋਪਾਲ ਸਿੰਘ ਸਿੱਧੂ, ਜਸਕਰਨ ਸਿੰਘ ਕਾਹਨ ਸਿੰਘ ਵਾਲਾ, ਮਾ ਕਰਨੈਲ ਸਿੰਘ ਨਾਰਕੇ, ਗੁਰਸੇਵ ਸਿੰਘ ਜਵਾਹਕੇ, ਯੂਨਾਈਟਿਡ ਅਕਾਲੀ ਦਲ ਦੇ ਸੀਨੀਅਰ ਆਗੂ ਗੁਰਦੀਪ ਸਿੰਘ ਬਠਿੰਡਾ ਸਮੇਤ ਵੱਡੀ ਗਿਣਤੀ ਵਿੱਚ ਸਿੱਖ ਜਥੇਬੰਦੀਆਂ ਦੇ ਨੁਮਾਇੰਦੇ ਹਾਜ਼ਰ ਸਨ। ਬੁਲਾਰਿਆਂ ਨੇ ਮੰਗ ਕੀਤੀ ਕਿ ਸਿੱਖਾਂ ਨਾਲ ਵਧੀਕੀਆਂ ਬੰਦ ਕੀਤੀਆਂ ਜਾਣ। ਸਿੱਖ ਨੌਜਵਾਨ ਦੀ ਮੌਤ ਲਈ ਜ਼ਿੰਮੇਵਾਰ ਅਧਿਕਾਰੀਆਂ ਅਤੇ ਕਰਮਚਾਰੀਆਂ ਖਿਲਾਫ਼ ਸਖਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸਿੱਖ ਨੌਜਵਾਨ ਨੂੰ ਨਿਸ਼ਾਨਾ ਬਣਾਉਣਾ ਬੰਦ ਨਹੀਂ ਕੀਤਾ ਗਿਆ ਤਾਂ ਵੱਡੇ ਪੱਧਰ ‘ਤੇ ਸੰਘਰਸ਼ ਵਿੱਢਿਆ ਜਾਵੇਗਾ।