ਚੰਡੀਗੜ੍ਹ, 19 ਅਪਰੈਲ
ਪੰਜਾਬ ਵਿਜੀਲੈਂਸ ਬਿਊਰੋ ਨੇ ਬਰਖਾਸਤ ਪੁਲੀਸ ਅਧਿਕਾਰੀ ਰਾਜਜੀਤ ਸਿੰਘ ਖਿਲਾਫ਼ ਸਰੋਤਾਂ ਤੋਂ ਵੱਧ ਆਮਦਨ ਮਾਮਲੇ ਵਿੱਚ ਪੜਤਾਲ ਆਰੰਭ ਦਿੱਤੀ ਹੈ। ਵਿਜੀਲੈਂਸ ਦੇ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਸਰਕਾਰ ਵੱਲੋਂ ਰਾਜਜੀਤ ਸਿੰਘ ਖਿਲਾਫ਼ ਜਾਂਚ ਲਈ ਲੋੜੀਂਦਾ ਪੱਤਰ ਬਿਊਰੋ ਨੂੰ ਭੇਜ ਦਿੱਤਾ ਗਿਆ ਹੈ ਤੇ ਇਸ ਮਾਮਲੇ ਵਿੱਚ ਜਲਦੀ ਪੜਤਾਲ ਮੁਕੰਮਲ ਕੀਤੀ ਜਾਵੇਗੀ। ਪੰਜਾਬ ਸਰਕਾਰ ਨੇ ਲੰਘੇ ਦਿਨ ਰਾਜਜੀਤ ਸਿੰਘ ਨੂੰ ਨੌਕਰੀ ਤੋਂ ਬਰਖਾਸਤ ਕਰਨ ਦੇ ਹੁਕਮ ਦਿੱਤੇ ਸਨ। ਸਿਟ ਦੀਆਂ ਰਿਪੋਰਟਾਂ ਵਿੱਚ ਬਰਖਾਸਤ ਪੁਲੀਸ ਅਧਿਕਾਰੀ ਵੱਲੋਂ ਮੁਹਾਲੀ ਜ਼ਿਲ੍ਹੇ ਤੇ ਹੋਰਨਾਂ ਥਾਵਾਂ ’ਤੇ ਜਾਇਦਾਦ ਖ਼ਰੀਦਣ ਦੇ ਤੱਥ ਸਾਹਮਣੇ ਲਿਆਂਦੇ ਸਨ। ਵਿਜੀਲੈਂਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਸਰੋਤਾਂ ਤੋਂ ਵੱਧ ਆਮਦਨ ਮਾਮਲੇ ਵਿੱਚ ਸਾਰੇ ਪਰਿਵਾਰਕ ਮੈਂਬਰਾਂ ਦੀਆਂ ਜਾਇਦਾਦਾਂ, ਬੈਂਕ ਖਾਤਿਆਂ ਅਤੇ ਹੋਰਨਾਂ ਅਸਾਸਿਆਂ ਦੀ ਪੜਤਾਲ ਕੀਤੀ ਜਾਵੇਗੀ। ਗ੍ਰਹਿ ਵਿਭਾਗ ਵੱਲੋਂ ਜਾਰੀ 9 ਸਫ਼ਿਆਂ ਦੇ ਬਰਖਾਸਤਗੀ ਹੁਕਮਾਂ ਵਿੱਚ ਨਸ਼ਿਆਂ ਦੀ ਸਮਗਲਿੰਗ ਦੀ ਜਾਂਚ ਲਈ ਡੀਜੀਪੀ (ਸੇਵਾ ਮੁਕਤ) ਸਿਧਾਰਥ ਚਟੋਪਾਧਿਆਏ ਦੀ ਅਗਵਾਈ ਹੇਠਲੀ ਵਿਸ਼ੇਸ਼ ਜਾਂਚ ਟੀਮ (ਸਿਟ) ਨੇ ਆਪਣੀਆਂ ਰਿਪੋਰਟਾਂ ਵਿੱਚ ਦਿੱਤੇ ਹਵਾਲਿਆਂ ਦਾ ਵਿਸਥਾਰਤ ਜ਼ਿਕਰ ਕੀਤਾ ਹੈ। ਗ੍ਰਹਿ ਵਿਭਾਗ ਨੇ ਰਾਜਜੀਤ ਸਿੰਘ ਦੀਆਂ ਗਤੀਵਿਧੀਆਂ ਨੂੰ ਗੰਭੀਰ ਐਲਾਨਦਿਆਂ ਕਿਹਾ ਹੈ ਕਿ ਇਹ ਪੁਲੀਸ ਅਧਿਕਾਰੀ ਦੇਸ਼ ਵਿਰੋਧੀ ਅਨਸਰਾਂ ਤੇ ਗੈਰਕਾਨੂੰਨੀ ਗਤੀਵਿਧੀਆਂ ਕਰਨ ਵਾਲਿਆਂ ਦਾ ਮੋਹਰਾ ਬਣਿਆ। ਗ੍ਰਹਿ ਵਿਭਾਗ ਦਾ ਇਹ ਵੀ ਕਹਿਣਾ ਹੈ ਕਿ ਸਿਟ ਦੀਆਂ ਰਿਪੋਰਟਾਂ ਪਿਛਲੇ 5 ਸਾਲ ਤੋਂ ਕਾਰਵਾਈ ਅਧੀਨ ਸਨ। ਇਸ ਲਈ ਪਹਿਲਾਂ ਹੀ ਜ਼ਿਆਦਾ ਵਕਤ ਲੰਘ ਚੁੱਕਾ ਹੈ। ਪੰਜਾਬ ਸਰਕਾਰ ਦੀ ਇਸ ਕਾਰਵਾਈ ਤੋਂ ਬਾਅਦ ਪੁਲੀਸ ਵਿੱਚ ਸਹਿਮ ਪਾਇਆ ਜਾ ਰਿਹਾ ਹੈ। ਪੰਜਾਬ ਪੁਲੀਸ ਦੇ ਉਚ ਅਧਿਕਾਰੀਆਂ ਵੱਲੋਂ ਲਗਾਤਾਰ ਰਾਜਜੀਤ ਸਿੰਘ ਦਾ ਬਚਾਅ ਕੀਤਾ ਜਾਂਦਾ ਰਿਹਾ ਹੈ। ਇਹ ਤੱਥ ਵੀ ਜੱਗ ਜ਼ਾਹਿਰ ਹੈ ਕਿ ਕਾਂਗਰਸ ਸਰਕਾਰ ਦੇ ਸਮੇਂ ਜਦੋਂ ਵੀ ਕਦੇ ਰਾਜਜੀਤ ਸਿੰਘ ਜਾਂ ਹੋਰਨਾਂ ਵਿਅਕਤੀਆਂ ਖਿਲਾਫ਼ ਕਾਰਵਾਈ ਦੀ ਗੱਲ ਚਲਦੀ ਸੀ ਤਾਂ ਸੀਨੀਅਰ ਪੁਲੀਸ ਅਧਿਕਾਰੀ ਦਲੀਲ ਦਿੰਦੇ ਸਨ ਕਿ ਇਸ ਨਾਲ ਪੁਲੀਸ ਫੋਰਸ ਦੇ ਮਨੋਬਲ ਨੂੰ ਢਾਹ ਲੱਗੇਗੀ। ਜ਼ਿਕਰਯੋਗ ਹੈ ਕਿ ਪੀਸੀਐੱਸ ਅਧਿਕਾਰੀ ਰਾਜਜੀਤ ਸਿੰਘ ਨੂੰ ਬੀਤੇ ਦਿਨੀਂ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਗਿਆ ਸੀ।