ਚੰਡੀਗੜ੍ਹ ,13  ਜੂਨ
ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਤੇ ਮੁੱਖ ਮੰਤਰੀ ਭਗਵੰਤ ਮਾਨ ਵਿਚਕਾਰ ਤਕਰਾਰ ਵਧਦਾ ਜਾ ਰਿਹਾ ਹੈ। ਅੱਜ ਰਾਜਪਾਲ ਪੁਰੋਹਿਤ ਨੇ ਕਿਹਾ ਕਿ ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਨੂੰ 10 ਚਿੱਠੀਆਂ ਲਿਖੀਆਂ ਹਨ, ਜਿਸ ਵਿਚੋਂ ਮੁੱਖ ਮੰਤਰੀ ਨੇ ਇਕ ਚਿੱਠੀ ਦਾ ਵੀ ਜਵਾਬ ਨਹੀਂ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਰਾਜਪਾਲ ਦੀਆਂ ਚਿੱਠੀਆਂ ਦਾ ਜਵਾਬ ਨਾ ਦੇ ਕੇ ਸੰਵਿਧਾਨ ਵਿਰੁੱਧ ਕੰਮ ਕੀਤਾ ਹੈ। ਦੂਜੇ ਪਾਸੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਰਾਜਪਾਲ ’ਤੇ ਨਿਸ਼ਾਨਾ ਸੇਧਿਆ ਹੈ। ਰਾਜਪਾਲ ਪੁਰੋਹਿਤ ਨੇ ਚੰਡੀਗੜ੍ਹ ਦੇ ਸੈਕਟਰ-9 ਸਥਿਤ ਮਿਨੀ ਸਕੱਤਰੇਤ ’ਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਪੰਜਾਬ ਸਰਕਾਰ ਤੋਂ ਕੁਝ ਮੁੱਦਿਆਂ ’ਤੇ ਜਾਣਕਾਰੀ ਮੰਗੀ ਸੀ ਤਾਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਸਿਰਫ਼ ਪੰਜਾਬ ਦੇ ਤਿੰਨ ਕਰੋੜ ਲੋਕਾਂ ਨੂੰ ਜਵਾਬਦੇਹ ਹਨ। ਉਨ੍ਹਾਂ ਨੇ ਸੁਪਰੀਮ ਕੋਰਟ ਦੇ ਆਦੇਸ਼ਾਂ ਦਾ ਹਵਾਲਾ ਦਿੰਦਿਆ ਕਿਹਾ ਕਿ ਪੰਜਾਬ ਸਰਕਾਰ ਰਾਜਪਾਲ ਨੂੰ ਜਵਾਬਦੇਹ ਹੈ। ਰਾਜਪਾਲ ਨੇ ਕੈਬਨਿਟ ਮੰਤਰੀ ਕਟਾਰੂਚੱਕ ਵਿਰੁੱਧ ਕਾਰਵਾਈ ਕੀਤੇ ਜਾਣ ਸਬੰਧੀ ਪੁੱਛੇ ਗਏ ਸਵਾਲ ਦਾ ਜਵਾਬ ਦਿੰਦਿਆ ਕਿਹਾ ਕਿ ਉਹ ਪੰਜਾਬ ਸਰਕਾਰ ਦੀਆਂ ਸਾਰੀਆਂ ਗਤੀਵਿਧੀਆਂ ਨੂੰ ਇਕੱਠਾ ਕਰ ਰਹੇ ਹਨ, ਜਿਸ ਦਾ ਸਮਾਂ ਆਉਣ ’ਤੇ ਜਵਾਬ ਦੇਣਗੇ। ਰਾਜਪਾਲ ਨੇ ਵਿਧਾਨ ਸਭਾ ਦੇ ਸੈਸ਼ਨ ਦੌਰਾਨ ‘ਮੇਰੀ ਸਰਕਾਰ’ ਦੀ ਥਾਂ ਸਿਰਫ਼ ਸਰਕਾਰ ਕਹਿਣ ਦੇ ਮੁੱਦੇ ’ਤੇ ਕਿਹਾ ਕਿ ਪੰਜਾਬ ’ਚ ਉਨ੍ਹਾਂ ਅਧੀਨ (ਰਾਜਪਾਲ) ਹੀ ਸਰਕਾਰ ਚੱਲ ਰਹੀ ਹੈ। ਉਨ੍ਹਾਂ ਕਿਹਾ, ‘ਪੰਜਾਬ ’ਚ ‘ਮੇਰੀ ਸਰਕਾਰ’ ਚੱਲ ਰਹੀ ਹੈ, ਸਾਰੇ ਕੰਮ ਮੇਰੇ ਦਸਤਖਤ ਹੇਠਾਂ ਕੀਤੇ ਜਾਂਦੇ ਹਨ ਤਾਂ ਫੇਰ ਪੰਜਾਬ ਸਰਕਾਰ ਨੂੰ ਉਹ ‘ਮੇਰੀ ਸਰਕਾਰ’ ਕਿਉਂ ਨਹੀਂ ਕਹਿਣਗੇ।’ ਰਾਜਪਾਲ ਨੇ ਕਿਹਾ ਕਿ ਪੰਜਾਬ ’ਚ ਉਨ੍ਹਾਂ ਦੀ ਹੀ ਸਰਕਾਰ ਚੱਲ ਰਹੀ ਹੈ। ਦੂਜੇ ਪਾਸੇ ਮੁੱਖ ਮੰਤਰੀ ਭਗਵੰਤ ਮਾਨ ਨੇ ਇੱਕ ਵੀਡੀਓ ਰਿਕਾਰਡਿੰਗ ਦਾ ਹਵਾਲਾ ਦਿੰਦਿਆਂ ਕਿਹਾ ਕਿ ਵਿਧਾਨ ਸਭਾ ਸੈਸ਼ਨ ਦੌਰਾਨ ਰਾਜਪਾਲ ਨੇ ਆਪਣਾ ਭਾਸ਼ਣ ‘ਮੇਰੀ ਸਰਕਾਰ’ ਸ਼ਬਦ ਤੋਂ ਸ਼ੁਰੂ ਕੀਤਾ ਸੀ ਪਰ ਜਦੋਂ ਵਿਰੋਧੀ ਧਿਰ ਵੱਲੋਂ ਬਿਨਾਂ ਕਿਸੇ ਤਰਕ ਦੇ ਰੌਲਾ ਪਾਇਆ ਗਿਆ ਤਾਂ ਉਨ੍ਹਾਂ ਸਿਰਫ਼ ‘ਸਰਕਾਰ’ ਸ਼ਬਦ ਦੀ ਵਰਤੋਂ ਕਰਨ ਨੂੰ ਤਰਜੀਹ ਦਿੱਤੀ। ਭਗਵੰਤ ਮਾਨ ਨੇ ਕਿਹਾ ਕਿ ਹਾਲਾਂਕਿ ਜਦੋਂ ਉਨ੍ਹਾਂ ਨੇ ਰਾਜਪਾਲ ਨੂੰ ਸੁਪਰੀਮ ਕੋਰਟ ਦੇ ਫੈਸਲੇ ਬਾਰੇ ਯਾਦ ਕਰਵਾਇਆ ਤਾਂ ਉਨ੍ਹਾਂ ਆਪਣਾ ਰੁਖ਼ ਬਦਲ ਲਿਆ ਅਤੇ ‘ਮੇਰੀ ਸਰਕਾਰ’ ਸ਼ਬਦ ਦੀ ਵਰਤੋਂ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਵਿਧਾਨ ਸਭਾ ਦੇ ਰਿਕਾਰਡ ਤੋਂ ਮਿਲੀ ਵੀਡੀਓ ਰਿਕਾਰਡਿੰਗ ਇਸ ਗੱਲ ਦਾ ਸਬੂਤ ਹੈ ਕਿ ਰਾਜਪਾਲ ਚੁਣੀ ਹੋਈ ਸੂਬਾ ਸਰਕਾਰ ਪ੍ਰਤੀ ਵਿਰੋਧੀ ਰਵੱਈਆ ਅਪਣਾ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਰਾਜਪਾਲ ਦੀ ਬੇਬੁਨਿਆਦ ਅਤੇ ਗੁਮਰਾਹਕੁੰਨ ਬਿਆਨਬਾਜ਼ੀ ਇਸ ਅਹੁਦੇ ਦਾ ਨਿਰਾਦਰ ਕਰ ਰਹੀ ਹੈ। ਰਾਜਪਾਲ ਵੱਲੋਂ ਜਾਰੀ ਕੀਤੇ ਜਾ ਰਹੇ ਬਿਆਨ ਰਾਜ ਵਿਧਾਨ ਸਭਾ ’ਚ ਉਨ੍ਹਾਂ ਦੀਆਂ ਕਾਰਵਾਈਆਂ ਦੇ ਬਿਲਕੁਲ ਉਲਟ ਹਨ, ਜਿਨ੍ਹਾਂ ਦੇ ਰਿਕਾਰਡਿੰਗ ਵਿਚ ਸਬੂਤ ਹਨ।
ਭਗਵੰਤ ਮਾਨ ਨੇ ਰਾਜਪਾਲ ਨੂੰ ਪੁੱਛਿਆ ਕਿ ਉਹ ਆਪਣੇ ਸੰਬੋਧਨ ਦੌਰਾਨ ‘ਮੇਰੀ ਸਰਕਾਰ’ ਸ਼ਬਦ ਦੀ ਵਰਤੋਂ ਨਾ ਕਰਕੇ ਆਪਣਾ ਸੰਵਿਧਾਨਕ ਫ਼ਰਜ਼ ਨਿਭਾਉਣ ਵਿੱਚ ਅਸਫ਼ਲ ਕਿਉਂ ਰਹੇ।
ਮਾਨ ਨੇ ਕਿਹਾ ਕਿ ਰਾਜ ਭਵਨ ਹੁਣ ਭਾਜਪਾ ਦੇ ਸੂਬਾਈ ਹੈੱਡ-ਕੁਆਰਟਰ ਵਜੋਂ ਕੰਮ ਕਰ ਰਹੇ ਹਨ, ਜੋ ਭਾਰਤੀ ਜਮਹੂਰੀਅਤ ਲਈ ਬਹੁਤ ਖਤਰਨਾਕ ਰੁਝਾਨ ਹੈ। ਗੌਰਤਲਬ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਤਵਾਰ ਦਿੱਲੀ ਦੇ ਰਾਮਲੀਲਾ ਮੈਦਾਨ ’ਚ ‘ਆਪ’ ਦੀ ਮਹਾ ਰੈਲੀ ਦੌਰਾਨ ਕਿਹਾ ਕਿ ਬਜਟ ਸੈਸ਼ਨ ਦੇ ਦਿਨ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਪੰਜਾਬ ਸਰਕਾਰ ਦੀਆਂ ਉਪਲਬਧੀਆਂ ਸਬੰਧੀ ਭਾਸ਼ਣ ਵਿੱਚ ‘ਮੇਰੀ ਸਰਕਾਰ’ ਨਹੀਂ ਕਿਹਾ ਸੀ, ਪਰ ਜਦੋਂ ਉਨ੍ਹਾਂ ਨੇ ਕਿਹਾ ਕਿ ਪੰਜਾਬ ਕੈਬਨਿਟ ਵੱਲੋਂ ਪਾਸ ਕੀਤਾ ਭਾਸ਼ਣ ਹੀ ਪੜ੍ਹਨਾ ਪਵੇਗਾ ਨਹੀਂ ਤਾਂ ਉਹ ਸੁਪਰੀਮ ਕੋਰਟ ਜਾਣਗੇ। ਇਸ ਤੋਂ ਬਾਅਦ ਰਾਜਪਾਲ ਨੇ ਮੇਰੀ ਸਰਕਾਰ ਕਿਹਾ ਸੀ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਤੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵਿਚਾਲੇ ਪਹਿਲਾਂ ਵੀ ਕਈ ਮੁੱਦਿਆਂ ’ਤੇ ਟਕਰਾਅ ਹੁੰਦਾ ਰਿਹਾ ਹੈ ਅਤੇ ਵਿਧਾਨ ਸੈਸ਼ਨ ਲਈ ਪ੍ਰਵਾਨਗੀ ਨਾ ਮਿਲਣ ਕਾਰਨ ਪਜਾਬ ਸਰਕਾਰ ਰਾਜਪਾਲ ਖ਼ਿਲਾਫ਼ ਸੁਪਰੀਮ ਕੋਰਟ ਵੀ ਗਈ ਸੀ।