ਅੰਮ੍ਰਿਤਸਰ, 27 ਨਵੰਬਰ
ਸ੍ਰੀ ਅਕਾਲ ਤਖ਼ਤ ਨੇ ਸੋਮਵਾਰ ਨੂੰ ਸ਼੍ਰੋਮਣੀ ਕਮੇਟੀ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਰਿਹਾਈ ਅਗਲੇ ਸਾਲ ਤਕ ਯਕੀਨੀ ਬਣਾਏ। ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਦੀ ਪ੍ਰਧਾਨਗੀ ਕਰਨ ਮਗਰੋਂ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਕਿਹਾ ਕਿ ਉਹ ਅਗਲੇ ਸਾਲ ਗੁਰੂ ਨਾਨਕ ਦੇਵ ਦੇ 550ਵੇਂ ਪ੍ਰਕਾਸ਼ ਪੁਰਬ ਤੋਂ ਪਹਿਲਾਂ ਇਸ ਸਬੰਧੀ ਲੋੜੀਂਦੀ ਕਾਰਵਾਈ ਕਰਨ। ਜਥੇਦਾਰ ਹਰਪ੍ਰੀਤ ਸਿੰਘ ਨੇ ਕਿਹਾ ਕਿ ਬੇਅੰਤ ਸਿੰਘ ਹੱਤਿਆ ਕਾਂਡ ’ਚ ਸ਼ਜਾ-ਏ-ਮੌਤ ਹਾਸਲ ਭਾਈ ਰਾਜੋਆਣਾ ਦੀ ਰਹਿਮ ਪਟੀਸ਼ਨ ਪਿਛਲੇ ਸੱਤ ਸਾਲਾਂ ਤੋਂ ਰਾਸ਼ਟਰਪਤੀ ਕੋਲ ਬਕਾਇਆ ਪਈ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਜ਼ੋਰਦਾਰ ਹੰਭਲਾ ਮਾਰੇ ਤਾਂ ਜੋ ਰਾਸ਼ਟਰਪਤੀ ਕੋਲ ਪਈ ਅਪੀਲ ਦੇ ਹਾਂ-ਪੱਖੀ ਨਤੀਜੇ ਨਿਕਲਣ ਅਤੇ ਭਾਈ ਰਾਜੋਆਣਾ ਰਿਹਾਅ ਹੋ ਜਾਣ। ਇਸ ਦੌਰਾਨ ਸਿੰਘ ਸਾਹਿਬਾਨ ਨੇ ਭਾਰਤ ਅਤੇ ਪਾਕਿਸਤਾਨ ਸਰਕਾਰਾਂ ਵੱਲੋਂ ਸਿੱਖ ਸ਼ਰਧਾਲੂਆਂ ਲਈ ਪਾਕਿਸਤਾਨ ਦੇ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਕਰਤਾਰਪੁਰ ਲਾਂਘਾ ਖੋਲ੍ਹਣ ਦੇ ਸੁਹਿਰਦ ਯਤਨਾਂ ਦੀ ਸ਼ਲਾਘਾ ਕੀਤੀ।