ਨਵੀਂ ਦਿੱਲੀ, 20 ਜੂਨ
ਪੱਛਮੀ ਬੰਗਾਲ ਦੇ ਸਾਬਕਾ ਰਾਜਪਾਲ ਗੋਪਾਲਕ੍ਰਿਸ਼ਨ ਗਾਂਧੀ ਨੇ ਰਾਸ਼ਟਰਪਤੀ ਚੋਣਾਂ ਲਈ ਵਿਰੋਧ ਧਿਰਾਂ ਦੇ ਸਾਂਝੇ ਉਮੀਦਵਾਰ ਵਜੋਂ ਆਪਣਾ ਨਾਮ ਵਾਪਸ ਲੈ ਲਿਆ ਹੈ। ਉਹ ਤੀਜੇ ਅਜਿਹੇ ਵਿਅਕਤੀ ਹਨ, ਜਿਨ੍ਹਾਂ ਨੇ ਰਾਸ਼ਟਰਪਤੀ ਅਹੁਦੇ ਲਈ ਵਿਰੋਧੀ ਧਿਰਾਂ ਦਾ ਸਾਂਝਾ ਉਮੀਦਵਾਰ ਬਣਨ ਤੋਂ ਇਨਕਾਰ ਕੀਤਾ ਹੈ। ਇਸ ਤੋਂ ਪਹਿਲਾਂ ਐੱਨਸੀਪੀ ਸੁਪਰੀਮੋ ਸ਼ਰਦ ਪਵਾਰ ਅਤੇ ਜੰਮੂ ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਫਾਰੂਕ ਅਬਦੁੱਲਾ ਨਾਮ ਵਾਪਸ ਲੈ ਚੁੱਕੇ ਹਨ। ਇਸ ਤਰ੍ਹਾਂ ਰਾਸ਼ਟਰਪਤੀ ਚੋਣਾਂ ਵਿੱਚ ਭਾਜਪਾ ਦੀ ਅਗਵਾਈ ਵਾਲੇ ਕੌਮੀ ਜਮਹੂਰੀ ਗੱਠਜੋੜ (ਐੱਨਡੀਏ) ਦੇ ਉਮੀਦਵਾਰ ਖ਼ਿਲਾਫ਼ ਸਾਂਝਾ ਉਮੀਦਵਾਰ ਉਤਾਰਨ ਲਈ ਵਿਰੋਧੀ ਧਿਰਾਂ ਦੀ ਸਥਿਤੀ ਹੋਰ ਵੀ ਗੁੰਝਲਦਾਰ ਹੋ ਗਈ ਹੈ। ਅਗਲੇ ਉਮੀਦਵਾਰ ਬਾਰੇ ਸਹਿਮਤੀ ਬਣਾਉਣ ਲਈ ਵਿਰੋਧੀ ਧਿਰਾਂ ਦੀ ਮੀਟਿੰਗ ਭਲਕੇ ਮੰਗਲਵਾਰ ਨੂੰ ਦਿੱਲੀ ਵਿੱਚ ਹੋਣ ਦੀ ਸੰਭਾਵਨਾ ਹੈ। ਮਹਾਤਮਾ ਗਾਂਧੀ ਦੇ ਪੋਤੇ ਜੀਕੇ ਗਾਂਧੀ ਨੇ ਬਿਆਨ ਵਿੱਚ ਕਿਹਾ ਕਿ ਵਿਰੋਧੀ ਧਿਰਾਂ ਦੇ ਕਈ ਮਾਣਯੋਗ ਆਗੂਆਂ ਨੇ ਸਾਂਝੀ ਉਮੀਦਵਾਰੀ ਲਈ ਨਾਮ ਪੇਸ਼ ਕਰ ਕੇ ਉਨ੍ਹਾਂ ਨੂੰ ਬਹੁਤ ਸਨਮਾਨ ਦਿੱਤਾ ਹੈ।