ਚੰਡੀਗੜ੍ਹ, 3 ਜੂਨ
ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਸਾਬਕਾ ਆਗੂ ਸੁਖਪਾਲ ਸਿੰਘ ਖਹਿਰਾ ਸਣੇ ਤਿੰਨ ਵਿਧਾਇਕ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਿੱਲੀ ਜਾਣ ਤੋਂ ਪਹਿਲਾਂ ਚੰਡੀਗੜ੍ਹ ਰਿਹਾਇਸ਼ ‘ਤੇ ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ, ਆਮ ਆਦਮੀ ਪਾਰਟੀ ਦੇ ਮੌੜ ਤੋਂ ਬਾਗੀ ਵਿਧਾਇਕ ਜਗਦੇਵ ਸਿੰਘ ਕਮਾਲੂ ਅਤੇ ਭਦੌੜ ਤੋਂ ਪਿਰਮਲ ਸਿੰਘ ਧੌਲਾ ਨੂੰ ਕਾਂਗਰਸ ਵਿੱਚ ਸ਼ਾਮਲ ਕਰਵਾਇਆ। ਕੈਪਟਨ ਨੇ ਦੱਸਿਆ ਕਿ ਤਿੰਨ ਸੀਨੀਅਰ ਨੇਤਾਵਾਂ ਨੂੰ ਸ਼ਾਮਲ ਕਰਨ ਲਈ ਏਆਈਸੀਸੀ ਪ੍ਰਧਾਨ ਸ਼੍ਰੀਮਤੀ ਸੋਨੀਆ ਗਾਂਧੀ ਦੁਆਰਾ ਪ੍ਰਵਾਨਗੀ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਸ੍ਰੀ ਖਹਿਰਾ ਅਤੇ ਉਨ੍ਹਾਂ ਦੇ ਸਾਥੀਆਂ ਦੇ ਸ਼ਾਮਲ ਹੋਣ ਨਾਲ ਕਾਂਗਰਸ ਪਾਰਟੀ ਹੋਰ ਮਜ਼ਬੂਤ ਹੋਵੇਗੀ। ਇਸ ਮੌਕੇ ਪਟਿਆਲਾ ਤੋਂ ਸੰਸਦ ਮੈਂਬਰ ਸ੍ਰੀਮਤੀ ਪ੍ਰਨੀਤ ਕੌਰ ਵੀ ਮੌਜੂਦ ਸਨ।