ਜੰਡਿਆਲਾ ਗੁਰੂ, 7 ਦਸੰਬਰ
ਕਿਸਾਨ ਸੰਘਰਸ਼ ਕਮੇਟੀ ਵੱਲੋਂ ਜੰਡਿਆਲਾ ਗੁਰੂ ਰੇਲਵੇ ਸਟੇਸ਼ਨ ’ਤੇ ਚੱਲ ਰਿਹਾ ਰੇਲ ਰੋੋਕ ਅੰਦੋਲਨ 76ਵੇਂ ਵਿੱਚ ਪਹੁੰਚ ਗਿਆ ਹੈ। ਇਸ ਮੌਕੇ 8 ਦਸੰਬਰ ਦੇ ਭਾਰਤ ਬੰਦ ਨੂੰ ਸਫਲ ਕਰਨ ਲਈ ਵਿਸ਼ੇਸ਼ ਮੁਹਿੰਮ ਵਿੱਢੀ ਗਈ ਅਤੇ ਲੋਕਾਂ ਨੂੰ ਸਹਿਯੋਗ ਦੇਣ ਲਈ ਪ੍ਰੇਰਿਤ ਕੀਤਾ ਗਿਆ। ਕਮੇਟੀ ਨੇ ਅਗਲੇ ਜੱਥੇ ਦਿੱਲੀ ਸੰਘਰਸ਼ ਵਿੱਚ ਕੰਡਲੀ ਬਾਰਡਰ ’ਤੇ ਭੇਜਣ ਲਈ ਵੀ ਤਿਆਰੀ ਪੂਰੀ ਕਰ ਲਈ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ ਅਤੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਕਿਹਾ ਅੱਜ ਰੇਲ ਰੋਕੋ ਮੋਰਚੇ ਉਤੇ ਦਿੱਤੇ ਜਾ ਰਹੇ ਧਰਨੇ ਨੂੰ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਕਿਹਾ ਕਿ ਮਾਝੇ ਵਿੱਚ ਭਾਰਤ ਬੰਦ ਮੁਹਿੰਮ ਸ਼ੁਰੂ ਕੀਤੀ ਗਈ ਹੈ ਅਤੇ ਜੰਡਿਆਲਾ ਗੁਰੂ ਰੇਲਵੇ ਸਟੇਸ਼ਨ ਅੱਗੇ ਚੱਲ ਰਹੇ ਰੇਲ ਰੋਕੋ ਮੋਰਚੇ ਵਿੱਚ ਕਿਸਾਨਾਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ ਅਤੇ ਕੇਂਦਰ ਨੂੰ ਕਾਲੇ ਖੇਤੀ ਕਾਨੂੰਨ ਰੱਦ ਕਰਨੇ ਹੀ ਪੈਣਗੇ।
ਸਤਨਾਮ ਸਿੰਘ ਪੰਨੂ ਅਤੇ ਸਰਵਣ ਸਿੰਘ ਪੰਧੇਰ ਨੇ ਕਿਹਾ ਅੱਜ ਮਾਝੇ ਦੇ 11 ਜ਼ਿਲ੍ਹਿਆਂ ਵਿੱਚ ਕਿਸਾਨ ਆਗੂਆਂ ਵੱਲੋਂ ਮੋਟਰਸਾਈਕਲ ਮਾਰਚ ਕਰਕੇ ਅਤੇ ਅਨਾਊਸਮੈਂਟਾਂ ਰਾਹੀਂ ਮਜ਼ਦੂਰਾਂ, ਵਪਾਰੀਆਂ, ਦੁਕਾਨਦਾਰਾਂ, ਟਰਾਂਸਪੋਰਟਰਾਂ, ਵਿਦਿਆਰਥੀਆਂ, ਨੌਜਵਾਨਾਂ ਅਤੇ ਹੋਰਨਾਂ ਜਥੇਬੰਦੀਆਂ ਨੂੰ 8 ਦਸੰਬਰ ਨੂੰ ਭਾਰਤ ਬੰਦ ਕਰਨ ਦੀ ਅਪੀਲ ਕੀਤੀ ਗਈ ਹੈ।