ਰਈਆ,
ਮੇਲਾ ਰੱਖੜ-ਪੁੰਨਿਆ ’ਤੇ ਅੱਜ ਸੱਤਾਧਾਰੀ ਆਮ ਆਦਮੀ ਪਾਰਟੀ, ਪੰਜਾਬ ਪ੍ਰਦੇਸ਼ ਕਾਂਗਰਸ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਆਪੋ-ਆਪਣੀਆਂ ਕਾਨਫਰੰਸਾਂ ਕੀਤੀਆਂ ਗਈਆਂ। ਸੱਤਾਧਾਰੀ ਆਮ ਆਦਮੀ ਪਾਰਟੀ ਦੀ ਕਾਨਫ਼ਰੰਸ ਵਿਚ ਕਿਆਸੀ ਗਈ ਭੀੜ ਤੋਂ ਕਾਫ਼ੀ ਘੱਟ ਗਿਣਤੀ ਵਿੱਚ ਵਰਕਰ ਪੁੱਜੇ ਅਤੇ ਵੱਡੀ ਗਿਣਤੀ ਕੁਰਸੀਆਂ ਖ਼ਾਲੀ ਮਿਲੀਆਂ।‘ਆਪ’ ਵੱਲੋਂ ਹਲਕਾ ਬਾਬਾ ਬਕਾਲਾ ਸਾਹਿਬ ਦੇ ਵਿਧਾਇਕ ਦਲਬੀਰ ਸਿੰਘ ਟੌਂਗ ਦੀ ਅਗਵਾਈ ਹੇਠ ਆਈਟੀਆਈ ਗਰਾਊਂਡ ਵਿੱਚ ਰੈਲੀ ਕੀਤੀ ਗਈ। ਇਸ ਮੌਕੇ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਪ੍ਰਿੰਸੀਪਲ ਬੁੱਧ ਰਾਮ ਨੇ ਕੇਂਦਰ ਦੀ ਮੋਦੀ ਸਰਕਾਰ ਦੀ ਆਲੋਚਨਾ ਕਰਦਿਆਂ ਕਿਹਾ ਕਿ ਭਾਰਤ ਸਰਕਾਰ ਵਲੋਂ ਪੰਜਾਬ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪਹਿਲਾਂ ਕਾਂਗਰਸ ਸਰਕਾਰਾਂ ਵੇਲੇ ਪੰਜਾਬੀ ਸੂਬੇ ਨੂੰ ਸੀਮਤ ਕਰ ਦਿੱਤਾ ਗਿਆ ਹੈ ਤੇ ਹੁਣ ਮੋਦੀ ਸਰਕਾਰ ਵੱਲੋਂ ਪੰਜਾਬ ਦੇ ਰਾਜਪਾਲ ਰਾਹੀਂ ਪੰਜਾਬ ਨੂੰ ਬਰਬਾਦ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਜੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਅਸਫ਼ਲ ਕਰ ਦਿੱਤੀਆਂ ਗਈਆਂ ਹਨ। ਉੁਨ੍ਹਾਂ ਕਿਹਾ ਕਿ ਪੰਜਾਬ ਵਿਚ ਕਾਂਗਰਸ ਅਤੇ ਅਕਾਲੀ ਆਗੂਆਂ ਨੇ ਸੂਬੇ ਨੂੰ ਪਹਿਲਾਂ ਹੀ ਕਰਜ਼ਾਈ ਕਰ ਰੱਖਿਆ ਹੈ। ਇਨ੍ਹਾਂ ਪਾਰਟੀਆਂ ਨੇ ਪੰਜਾਬ ਸਿਰ ਤਿੰਨ ਲੱਖ ਕਰੋੜ ਦਾ ਕਰਜ਼ਾ ਚੜ੍ਹਾ ਦਿੱਤਾ ਸੀ। ਉਨ੍ਹਾਂ ਨੇ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਇਕ ਸਾਲ ਦੀ ਕਾਰਗੁਜ਼ਾਰੀ ਦਾ ਲੇਖਾ-ਜੋਖਾ ਵੀ ਪੇਸ਼ ਕੀਤਾ। ਇਸ ਮੌਕੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਗੁਰੂ ਲਾਧੋਰੇ ਦਿਵਸ ਬਾਰੇ ਦੱਸਿਆ ਪਰ ਸਰਕਾਰ ਦੀ ਕਾਰਗੁਜ਼ਾਰੀ ਬਾਰੇ ਕੋਈ ਵੀ ਗੱਲ ਨਾ ਕੀਤੀ।