ਲਖਨਊ, 9 ਮਈ

ਅਲਾਹਾਬਾਦ ਹਾਈ ਕੋਰਟ ਦੇ ਲਖਨਊ ਬੈਂਚ ਨੇ ਲਖੀਮਪੁਰ ਖੀਰੀ ਕਾਂਡ ਦੇ ਚਾਰ ਮੁੱਖ ਮੁਲਜ਼ਮਾਂ ਨੂੰ ਅੱਜ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ। ਜਸਟਿਸ ਡੀ ਕੇ ਸਿੰਘ ਦੀ ਅਗਵਾਈ ਹੇਠਲੇ ਬੈਂਚ ਨੇ ਅੰਕਿਤ ਦਾਸ, ਲਵਕੁਸ਼, ਸੁਮਿਤ ਜੈਸਵਾਲ ਅਤੇ ਸ਼ਿਸ਼ੂਪਾਲ ਦੀ ਜ਼ਮਾਨਤ ਅਰਜ਼ੀ ਰੱਦ ਕਰਦਿਆਂ ਕਿਹਾ ਕਿ ਲਖੀਮਪੁਰ ’ਚ ਇਹ ਕਾਰਾ ਨਾ ਵਾਪਰਿਆ ਹੁੰਦਾ ਜੇਕਰ ਕੇਂਦਰੀ ਗ੍ਰਹਿ ਰਾਜ ਮੰਤਰੀ ਨੇ ਕਿਸਾਨਾਂ ਖ਼ਿਲਾਫ਼ ਇਤਰਾਜ਼ਯੋਗ ਸ਼ਬਦਾਵਲੀ ਨਾ ਵਰਤੀ ਹੁੰਦੀ। ਅਦਾਲਤ ਨੇ ਕਿਹਾ ਕਿ ਸਿਆਸੀ ਵਿਅਕਤੀਆਂ ਨੂੰ ਗ਼ੈਰਜ਼ਿੰਮੇਵਾਰੀ ਵਾਲੇ ਬਿਆਨ ਨਹੀਂ ਦੇਣੇ ਚਾਹੀਦੇ।