ਲਖੀਮਪੁਰ ਖੀਰੀ, 15 ਫਰਵਰੀ
ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਅੱਜ ਇਥੇ ਕਿਹਾ ਕਿ ਲਖੀਮਪੁਰ ਖੀਰੀ ਹਿੰਸਾ ਕਾਂਡ, ਜਿਸ ਵਿੱਚ ਚਾਰ ਕਿਸਾਨਾਂ ਸਮੇਤ ਅੱਠ ਲੋਕਾਂ ਦੀ ਮੌਤ ਹੋ ਗਈ ਸੀ, ਖ਼ਿਲਾਫ਼ ਸੰਯੁਕਤ ਕਿਸਾਨ ਮੋਰਚਾ (ਐੱਸਕੇਐੱਮ) ਸੁਪਰੀਮ ਕੋਰਟ ਵਿੱਚ ਪਹੁੰਚ ਕਰੇਗਾ। ਪੱਤਰਕਾਰਾਂ ਨਾਲ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਕੇਂਦਰੀ ਮੰਤਰੀ ਅਜੈ ਮਿਸ਼ਰਾ ‘ਟੈਨੀ’ ਦਾ ਪੁੱਤਰ ਆਸ਼ੀਸ਼ ਮਿਸ਼ਰਾ ਇਸ ਕੇਸ ਦਾ ਮੁੱਖ ਮੁਲਜ਼ਮ ਹੈ ਅਤੇ ਅਲਾਹਾਬਾਦ ਹਾਈ ਕੋਰਟ ਨੇ 10 ਫਰਵਰੀ ਨੂੰ ਉਸ ਨੂੰ ਜ਼ਮਾਨਤ ਦੇ ਦਿੱਤੀ ਸੀ। ਇਸ ਖ਼ਿਲਾਫ਼ ਸੁਪਰੀਮ ਕੋਰਟ ਦਾ ਦਰ ਖੜਕਾਇਆ ਜਾਵੇਗਾ। ਇਸ ਦੌਰਾਨ ਸੰਯੁਕਤ ਕਿਸਾਨ ਮੋਰਚਾ ਨੇ ਉੱਤਰ ਪ੍ਰਦੇਸ਼ ਦੇ ਲੋਕਾਂ ਨੂੰ ਭਾਜਪਾ ਨੂੰ ਸਜ਼ਾ ਦੇਣ ਦੀ ਅਪੀਲ ਕਰਦਿਆਂ ਕਿਹਾ ਕਿ ਕਿਸਾਨਾਂ ਨਾਲ ਕੀਤੇ ਵਾਅਦਿਆਂ ’ਚੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਰਕਾਰ ਨੇ ਕੋਈ ਵੀ ਪੂਰਾ ਨਹੀਂ ਕੀਤਾ। ਪ੍ਰੈੱਸ ਕਾਨਫਰੰਸ ਵਿੱਚ ਕਿਸਾਨ ਆਗੂ ਸ਼ਿਵਕੁਮਾਰ ਸ਼ਰਮਾ ‘ਕੱਕਾਜੀ’ ਨੇ ਕਿਹਾ ਕਿ ਸਰਕਾਰ ਨੇ ਕਿਸਾਨਾਂ ਨਾਲ ਕਈ ਵਾਅਦੇ ਕੀਤੇ ਸਨ ਪਰ ਹਾਲੇ ਤੱਕ ਕਿਸੇ ’ਤੇ ਕੋਈ ਕੰਮ ਨਹੀਂ ਕੀਤਾ।