ਭੁੱਚੋ ਮੰਡੀ, 6 ਅਗਸਤ

ਜੀਐੱਚਟੀਪੀ ਠੇਕਾ ਮੁਲਾਜ਼ਮ ਯੂਨੀਅਨ (ਆਜ਼ਾਦ) ਲਹਿਰਾ ਮੁਹੱਬਤ ਨੇ ਪ੍ਰਧਾਨ ਜਗਰੂਪ ਸਿੰਘ ਦੀ ਅਗਵਾਈ ਅੱਜ ਬਠਿੰਡਾ-ਜ਼ੀਰਕਪੁਰ ਕੌਮੀ ਮਾਰਗ ‘ਤੇ ਜਾਮ ਲਗਾਕੇ ਪੰਜਾਬ ਸਰਕਾਰ ਦੀ ਵਾਅਦੀ ਖ਼ਿਲਾਫ਼ ਵਿਰੁੱਧ ਕੈਪਟਨ ਅਤੇ ਮਨਪ੍ਰੀਤ ਬਾਦਲ ਦੀ ਅਰਥੀ ਫੂਕੀ ਅਤੇ ਨਾਅਰੇਬਾਜ਼ੀ ਕੀਤੀ।
ਇਸ ਤੋਂ ਪਹਿਲਾਂ ਕਾਮਿਆਂ ਨੇ ਕੌਮੀ ਮਾਰਗ ਦੀ ਸਰਵਿਸ ਰੋਡ ‘ਤੇ ਰੈਲੀ ਵੀ ਕੀਤੀ। ਇਸ ਮੌਕੇ ਪ੍ਰਧਾਨ ਜਗਰੂਪ ਸਿੰਘ, ਜਨਰਲ ਸਕੱਤਰ ਜਗਸੀਰ ਸਿੰਘ ਭੰਗੂ, ਪਾਵਰਕੌਮ ਠੇਕਾ ਮੁਲਾਜ਼ਮ ਸੰਘਰਸ਼ ਕਮੇਟੀ ਜ਼ੋਨ ਬਠਿੰਡਾ ਦੇ ਪ੍ਰਧਾਨ ਗੁਰਵਿੰਦਰ ਸਿੰਘ ਪੰਨੂੰ ਅਤੇ ਮੀਤ ਪ੍ਰਧਾਨ ਜਗਜੀਤ ਸਿੰਘ ਬਰਾੜ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਬਠਿੰਡਾ ਥਰਮਲ ਨੂੰ ਚਲਦਾ ਰੱਖਣ, ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਅਤੇ ਹਰ ਘਰ ਨੌਕਰੀ ਦੇਣ ਆਦਿ ਦੇ ਜੋ ਅਨੇਕਾਂ ਵਾਅਦੇ ਕੀਤੇ ਸਨ, ਕੈਪਟਨ ਸਰਕਾਰ ਨੇ ਸਾਢੇ ਤਿੰਨ ਸਾਲਾਂ ਵਿੱਚ ਇੱਕ ਵੀ ਵਾਅਦਾ ਪੂਰਾ ਨਹੀਂ ਕੀਤਾ। ਇਸ ਮੌਕੇ ਥਰਮਲ ਟਰੈਕਟਰ-ਟਰਾਲੀ ਯੂਨੀਅਨ ਦੇ ਪ੍ਰਧਾਨ ਪੂਰਨ ਸਿੰਘ ਸਿੱਧੂ ਨੇ ਸੰਬੋਧਨ ਕੀਤਾ।