ਅੰਮ੍ਰਿਤਸਰ, 31 ਅਗਸਤ

ਲਾਪਤਾ ਪਾਵਨ ਸਰੂਪਾਂ ਦੇ ਮਾਮਲੇ ਵਿਚ ਅਗਲੇਰੀ ਕਾਰਵਾਈ ਕਰਦਿਆਂ ਸ਼੍ਰੋਮਣੀ ਕਮੇਟੀ ਨੇ ਅੱਜ ਦੋਸ਼ੀ ਕਰਾਰ ਦਿੱਤੇ ਕਰਮਚਾਰੀਆਂ ਅਤੇ ਅਧਿਕਾਰੀਆਂ ਖਿਲਾਫ ਕਾਰਵਾਈ ਲਈ ਕਾਨੂੰਨੀ ਮਾਹਿਰਾਂ ਦੀ ਇਕ ਚਾਰ ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਇਸ ਚਾਰ ਮੈਂਬਰੀ ਕਮੇਟੀ ਦਾ ਐਲਾਨ ਕਰਦਿਆਂ ਦੱਸਿਆ ਕਿ ਇਸ ਕਮੇਟੀ ਦੀ ਅਗਵਾਈ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਕਰਨਗੇ, ਜਦੋਂਕਿ ਇਸ ਵਿਚ ਬਤੌਰ ਮੈਂਬਰ ਸ਼੍ਰੋਮਣੀ ਕਮੇਟੀ ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਐਡਵੋਕੇਟ ਬਲਤੇਜ ਸਿੰਘ ਢਿੱਲੋਂ ਸਾਬਕਾ ਜ਼ਿਲ੍ਹਾ ਅਟਾਰਨੀ ਅਤੇ ਐਡਵੋਕੇਟ ਮਹਿੰਦਰ ਸਿੰਘ ਗਿੱਲ ਨੂੰ ਸ਼ਾਮਲ ਕੀਤਾ ਗਿਆ ਹੈ। ਇਸ ਕਮੇਟੀ ਵਲੋਂ ਅਗਲੇਰੀ ਕਾਰਵਾਈ ਵਾਸਤੇ ਅਤੇ ਅੰਤ੍ਰਿੰਗ ਕਮੇਟੀ ਦੇ ਫੈਸਲੇ ਨੂੰ ਲਾਗੂ ਕਰਨ ਲਈ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਜਾਂਚ ਰਿਪੋਰਟ ਨੂੰ ਰੱਦ ਕੀਤਾ; ਆਪਣੇ ਪੱਧਰ ’ਤੇ ਜਾਂਚ ਕਰਨ ਦਾ ਕੀਤਾ ਐਲਾਨ

ਲਾਪਤਾ ਪਾਵਨ ਸਰੂਪਾਂ ਦੇ ਮਾਮਲੇ ਵਿਚ ਸ੍ਰੀ ਅਕਾਲ ਤਖ਼ਤ ਵਲੋਂ ਕਰਵਾਈ ਗਈ ਜਾਂਚ ਨੂੰ ਰੱਦ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਨੇ ਇਸ ਮਾਮਲੇ ਦੀ ਆਪਣੇ ਤੌਰ ’ਤੇ ਜਾਂਚ ਕਰਨ ਦਾ ਐਲਾਨ ਕੀਤਾ ਹੈ। ਜਥੇਬੰਦੀ ਨੇ ਅੱਜ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਕੋਲੋਂ ਜਾਣਕਾਰੀ ਮੰਗੀ ਕਿ ਲਾਪਤਾ ਪਾਵਨ ਸਰੂਪ ਕਿੱਥੇ ਗਏ, ਕਿਸ ਹਾਲਾਤ ਵਿਚ ਹਨ ਅਤੇ ਕਿਸ ਦੇ ਆਦੇਸ਼ਾਂ ਨਾਲ ਅਗਾਂਹ ਵੰਡੇ ਗਏ ਸਨ। ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਆਗੂ ਇਮਾਨ ਸਿੰਘ ਮਾਨ ਦੀ ਅਗਵਾਈ ਹੇਠ ਸ਼੍ਰੋਮਣੀ ਕਮੇਟੀ ਦੇ ਦਫਤਰ ਪੁੱਜੇ। ਵਫ਼ਦ ਨੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਅਤੇ ਪ੍ਰਧਾਨ ਦੇ ਨਿੱਜੀ ਸਕੱਤਰ ਮਹਿੰਦਰ ਸਿੰਘ ਆਹਲੀ, ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾ ਕੋਹਨਾ ਤੇ ਹੋਰਨਾਂ ਨਾਲ ਮੁਲਾਕਾਤ ਕੀਤੀ। ਮੁਲਾਕਾਤ ਤੋਂ ਬਾਅਦ ਮੀਡੀਆ ਨਾਲ ਗੱਲ ਕਰਦਿਆਂ ਜਥੇਬੰਦੀ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਦੇ ਬੇਟੇ ਇਮਾਨ ਸਿੰਘ ਮਾਨ ਅਤੇ ਜਨਰਲ ਸਕੱਤਰ ਜਸਕਰਨ ਸਿੰਘ ਕਾਹਨ ਸਿੰਘ ਵਾਲਾ ਨੇ ਕਿਹਾ ਕਿ ਉਹ ਮਾਮਲੇ ਦੀ ਖੁਦ ਜਾਂਚ ਕਰਨਗੇ। ਇਸ ਸਬੰਧ ਵਿਚ ਇਕ ਸੱਤ ਮੈਂਬਰੀ ਕਮੇਟੀ ਬਣਾਈ ਗਈ ਹੈ।