ਚੰਡੀਗੜ੍ਹ: ਲੈਂਡ ਪੂਲਿੰਗ ਪਾਲਿਸੀ ਭਗਵੰਤ ਮਾਨ ਸਰਕਾਰ ਲਈ ਵੱਡੀ ਚੁਣੌਤੀ ਬਣ ਗਈ ਹੈ। ਕਿਸਾਨਾਂ ਅੰਦਰ ਸਰਕਾਰ ਵੱਲੋਂ ਜ਼ਮੀਨਾਂ ਲੈਣ ਖਿਲਾਫ ਰੋਸ ਹੈ। ਜਗਰਾਓਂ ਦੇ ਪਿੰਡਾਂ ਵਿਚ ਲੈਂਡ ਪੁਲਿੰਗ ਦੇ ਵਿਰੋਧ ਵਿਚ ਲੋਕਾਂ ਨੇ ਪਿੰਡਾਂ ਦੀਆਂ ਹੱਦਾਂ ਉਤੇ ਕਿਸੇ ਵੀ ਆਮ ਆਦਮੀ ਪਾਰਟੀ ਦੇ ਲੀਡਰ ਦੇ ਪਿੰਡ ਵਿੱਚ ਵੜਨ ਉਤੇ ਮਨਾਹੀ ਦੇ ਬੋਰਡ ਲਗਾ ਦਿੱਤੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਉਹ ਖ਼ੂਨ ਵਹਾ ਦੇਣਗੇ ਪਰ ਜ਼ਮੀਨ ਦਾ ਇਕ ਮਰਲਾ ਵੀ ਐਕਵਾਇਰ ਨਹੀਂ ਹੋਣ ਦੇਣਗੇ। ਕਈ ਪਿੰਡਾਂ ਵਿੱਚ ਬੋਰਡ ਲਾ ਕੇ ਆਮ ਆਦਮੀ ਪਾਰਟੀ ਦੇ ਲੀਡਰਾਂ ਦੀ ਐਂਟਰੀ ਬੈਨ ਕਰ ਦਿੱਤੀ ਗਈ ਹੈ ਤੇ ਕਈ ਪਿੰਡਾਂ ਵਿੱਚ ਗ੍ਰਾਮ ਸਭਾ ਵੱਲੋਂ ਸਰਕਾਰ ਨੂੰ ਜ਼ਮੀਨਾਂ ਨਾ ਦੇਣ ਦੇ ਮਤੇ ਪਾਏ ਗਏ ਹਨ। ਇਸ ਦੇ ਨਾਲ ਕਿਸਾਨ ਜਥੇਬੰਦੀਆਂ ਤੇ ਵਿਰੋਧੀ ਧਿਰਾਂ ਇਸ ਮੁੱਦੇ ਨੂੰ ਲੈ ਕੇ ਵੱਡੇ ਸੰਘਰਸ਼ ਦੀ ਤਿਆਰੀ ਕਰ ਰਹੀਆਂ ਹਨ।

ਜਗਰਾਓਂ ਦੇ ਪਿੰਡ ਅਲੀਗੜ੍ਹ, ਮਾਲਕੀ,ਪੋਨਾ ਤੇ ਅਗਵਾੜ ਗੁੱਜਰਾਂ ਦੇ ਲੋਕਾਂ ਨੇ ਪਿੰਡਾਂ ਦੀਆਂ ਹੱਦਾਂ ਉਤੇ ਬੀਤੀ ਸ਼ਾਮ ਲੈਂਡ ਪੁਲਿੰਗ ਦੇ ਵਿਰੋਧ ਵਿਚ ਆਮ ਆਦਮੀ ਪਾਰਟੀ ਦੇ ਕਿਸੇ ਵੀ ਲੀਡਰ ਦਾ ਪਿੰਡ ਵਿੱਚ ਨਾ ਵੜਨ ਦੇ ਬੋਰਡ ਲਗਾ ਦਿੱਤੇ ਗਏ ਸਨ, ਜਿਨ੍ਹਾਂ ਨੂੰ ਬੀਤੀ ਰਾਤ ਅਣਪਛਾਤੇ ਲੋਕਾਂ ਨੇ ਪਾੜ ਵੀ ਦਿੱਤਾ। ਇਸ ਮੌਕੇ ਇਕੱਠੇ ਹੋਏ ਲੋਕਾਂ ਨੇ ਜਿਥੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਉਥੇ ਹੀ ਕਿਹਾ ਕਿ ਉਹ ਆਪਣੇ ਖੂਨ ਦਾ ਕਤਰਾ-ਕਤਰਾ ਵਹਾ ਦੇਣਗੇ ਪਰ ਆਪਣੀ ਜ਼ਮੀਨ ਦਾ ਇਕ ਮਰਲਾ ਵੀ ਐਕਵਾਇਰ ਨਹੀਂ ਹੋਣ ਦੇਣਗੇ।

ਹੁਣ ਆਮ ਆਦਮੀ ਪਾਰਟੀ ਦੇ ਅੰਦਰ ਵੀ ਇਸ ਨੀਤੀ ਦਾ ਵਿਰੋਧ ਹੋਣ ਲੱਗਾ ਹੈ। ‘ਆਪ’ ਦੇ ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਪਾਰਟੀ ਲਾਈਨ ਤੋਂ ਉਲਟ ਸੋਸ਼ਲ ਮੀਡੀਆ ਅਕਾਊਂਟ ਫੇਸਬੁੱਕ ‘ਤੇ ਪੋਸਟ ਕਰਕੇ ਲੈਂਡ ਪੂਲਿੰਗ ਪਾਲਿਸੀ ਬਾਰੇ ਆਪਣੀ ਰਾਏ ਪ੍ਰਗਟ ਕੀਤੀ ਹੈ। ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਤੇ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਅਪੀਲ ਕੀਤੀ ਹੈ ਕਿ ਉਹ ਕਿਸਾਨ ਸੰਗਠਨਾਂ ਦੇ ਲੈਂਡ ਪੂਲਿੰਗ ਨੀਤੀ ‘ਤੇ ਇਤਰਾਜ਼ਾਂ ਨੂੰ ਗੰਭੀਰਤਾ ਨਾਲ ਲੈਣ ਤੇ ਉਨ੍ਹਾਂ ਨਾਲ ਗੱਲ ਕਰਨ ਤੋਂ ਬਾਅਦ ਹੀ ਅੱਗੇ ਵਧਣ।

ਉਨ੍ਹਾਂ ਨੇ ਪੋਸਟ ਵਿੱਚ ਲਿਖਿਆ, “Land pooling policy” ਨੂੰ ਲੈ ਕੇ ਕਿਸਾਨ ਜਥੇਬੰਦੀਆਂ ਵੱਲੋਂ ਜੋ ਇਤਰਾਜ਼ ਹਨ, ਮੇਰਾ Arvind Kejriwal ਅਤੇ Bhagwant Mann ਨੂੰ ਸੁਝਾਅ ਹੈ ਕਿ, ਸਾਡੀ ਸਰਕਾਰ ਨੇ ਪਿਛਲੇ ਤਿੰਨ ਸਾਲਾਂ ਵਿੱਚ ਕਿਸਾਨੀ ਦੀ ਬਿਹਤਰੀ ਲਈ ਬਹੁਤ ਸਾਰੇ ਕੰਮ ਕੀਤੇ ਹਨ, ਜਿਵੇਂ ਕਿ ਖੇਤੀ ਲਈ ਬਿਜਲੀ ਦੀ ਨਿਰਵਿਘਨ ਸਪਲਾਈ, ਨਹਿਰੀ ਪਾਣੀ ਹਰ ਖੇਤ ਤੱਕ ਪਹੁੰਚਾਉਣ ਦਾ ਟੀਚਾ, ਮੰਡੀਕਰਨ ਵਿੱਚ ਤੇਜੀ ,ਫ਼ਸਲੀ ਵਿਭਿੰਨਤਾ ‘ਤੇ ਕੰਮ ਕਰਨਾ ਆਦਿ| ਇਸ ਨੀਤੀ ‘ਤੇ ਵੀ ਕਿਸਾਨਾਂ ਅਤੇ ਕਿਸਾਨ ਜਥੇਬੰਦੀਆਂ ਨਾਲ ਗੱਲਬਾਤ ਰਾਹੀਂ ਉਹਨਾਂ ਨੂੰ ਭਰੋਸੇ ਵਿੱਚ ਲੈ ਕੇ ਹੀ ਸਰਕਾਰ ਨੂੰ ਅੱਗੇ ਵਧਣਾ ਚਾਹੀਦਾ ਹੈ।