ਲੁਧਿਆਣਾ: ਪੰਜਾਬ ਸਰਕਾਰ ਦੀ ਲੈਂਡ ਪੂਲਿੰਗ ਨੀਤੀ ਦੇ ਵਿਰੋਧ ਵਿੱਚ ਅੱਜ ਲੁਧਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਕਿਸਾਨ ‘ਜ਼ਮੀਨ ਬਚਾਓ ਰੈਲੀ’ ਵੀ ਕੱਢਣਗੇ। ਇਹ ਰੈਲੀ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਜੋਧਾ ਦੀ ਅਨਾਜ ਮੰਡੀ ਵਿੱਚ ਹੋਵੇਗੀ। ਦੱਸ ਦੇਈਏ ਕਿ ਕਿਸਾਨ ਮਜ਼ਦੂਰ ਮੋਰਚਾ ਦੀ ਇੱਕ ਮਹੱਤਵਪੂਰਨ ਯੋਜਨਾ ਮੀਟਿੰਗ ਜਲੰਧਰ ਵਿੱਚ ਹੋਈ ਹੈ।

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਇਸ ਰੈਲੀ ਵਿੱਚ ਵਿਸ਼ੇਸ਼ ਤੌਰ ‘ਤੇ ਸ਼ਾਮਿਲ ਹੋਣਗੇ। ਡੱਲੇਵਾਲ ਨੇ ਕਿਹਾ ਕਿ ਇਸ ਮਹਾਪੰਚਾਇਤ ਵਿੱਚ ਸ਼ਾਮਿਲ ਹੋਣ ਲਈ ਸਾਰੇ ਲੋਕਾਂ ਨੂੰ ਖੁੱਲ੍ਹਾ ਸੱਦਾ ਹੈ। ਡੱਲੇਵਾਲ ਨੇ ਦੋਸ਼ ਲਾਇਆ ਕਿ ਦਿੱਲੀ ਦੇ ਪੂੰਜੀਪਤੀਆਂ ਦੇ ਇਸ਼ਾਰੇ ‘ਤੇ, ਪੰਜਾਬ ਸਰਕਾਰ ਲੈਂਡ ਪੂਲਿੰਗ ਵਰਗੀਆਂ ਕਾਲੀਆਂ ਨੀਤੀਆਂ ਰਾਹੀਂ ਸੂਬੇ ਦੀਆਂ ਉਪਜਾਊ ਜ਼ਮੀਨਾਂ ਨੂੰ ਕਾਰਪੋਰੇਟ ਘਰਾਣਿਆਂ ਦੇ ਹਵਾਲੇ ਕਰਨ ਦੀ ਸਾਜ਼ਿਸ਼ ਰਚ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਨੀਤੀ ਕਾਰਨ 65 ਹਜ਼ਾਰ ਏਕੜ ਤੋਂ ਵੱਧ ਉਪਜਾਊ ਜ਼ਮੀਨ, ਜਿਸ ‘ਤੇ ਕਣਕ, ਝੋਨਾ ਅਤੇ ਸਬਜ਼ੀਆਂ ਉਗਾਈਆਂ ਜਾਂਦੀਆਂ ਹਨ, ਬਰਬਾਦ ਹੋ ਜਾਵੇਗੀ ਅਤੇ ਇਸ ਨਾਲ ਭੋਜਨ ਸੰਕਟ ਪੈਦਾ ਹੋ ਸਕਦਾ ਹੈ।