ਫਤਹਿਗੜ੍ਹ ਸਾਹਿਬ, 18 ਜੂਨ
ਸ਼੍ਰੋਮਣੀ ਅਕਾਲੀ ਦਲ ਦੀ ਜ਼ਿਲ੍ਹਾ ਇਕਾਈ ਦੀ ਮੀਟਿੰਗ ਹਲਕੇ ਦੇ ਮੁੱਖ ਸੇਵਾਦਾਰ ਦੀਦਾਰ ਸਿੰਘ ਭੱਟੀ ਦੀ ਅਗਵਾਈ ਹੇਠ ਹੋਈ।
ਮੀਟਿੰਗ ’ਚ ਪਾਰਟੀ ਨੂੰ ਬੂਥ ਪੱਧਰ ’ਤੇ ਮਜ਼ਬੂਤ ਕਰਨ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਦੌਰਾਨ ਸੰਬੋਧਨ ਕਰਦਿਆਂ ਸ੍ਰੀ ਭੱਟੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਗੱਠਜੋੜ ਦੀ ਸਰਕਾਰ ਨੇ ਪਿਛਲੇ 10 ਸਾਲਾਂ ਦੌਰਾਨ ਪੰਜਾਬ ਦੀ ਜਨਤਾ ਦੀ ਸੇਵਾ ਕੀਤੀ ਹੈ ਅਤੇ ਕੋਈ ਵੀ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਪਰ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਦੇ ਡੇਢ ਸਾਲਾਂ ਦੇ ਕਾਰਜਕਾਲ ਵਿੱਚ ਹੀ ਲੋਕਾਂ ਦਾ ਇਸ ਸਰਕਾਰ ਤੋਂ ਮੋਹ ਭੰਗ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਖਿੱਤੇ ਵਿੱਚ ਪਈ ਪਹਿਲੀ ਬਾਰਿਸ਼ ਨੇ ਹੀ ਕਾਂਗਰਸ ਪਾਰਟੀ ਵੱਲੋਂ ਕੀਤੇ ਜਾ ਰਹੇ ਵਿਕਾਸ ਦੇ ਦਾਅਵਿਆਂ ਦੀ ਪੋਲ ਖੋਲ੍ਹ ਕੇ ਰੱਖ ਦਿੱਤੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਪਈ ਹਲਕੀ ਬਾਰਿਸ਼ ਨਾਲ ਸੜਕਾਂ ਅਤੇ ਗਲ਼ੀਆਂ ਵਿੱਚ ਪਾਣੀ ਖੜ੍ਹਾ ਹੋ ਗਿਆ ਹੈ। ਸੀਵਰੇਜ ਪਾਉਣ ਲਈ ਪੁੱਟੀਆਂ ਸੜਕਾਂ ਦੀ ਦੁਬਾਰਾ ਮੁਰੰਮਤ ਨਾ ਹੋਣ ਕਾਰਨ ਸੜਕਾਂ ’ਤੇ ਚਿਕੜੀ ਫੈਲ ਗਈ ਹੈ ਜੋ ਕਿ ਹਾਦਸਿਆਂ ਦਾ ਕਾਰਨ ਬਣ ਰਹੀ ਹੈ। ਜ਼ਿਲ੍ਹੇ ਦੇ ਸ਼ਹਿਰਾਂ ਅਤੇ ਪਿੰਡਾਂ ਵਿੱਚ ਸੜਕਾਂ ਪੁੱਟੀਆਂ ਪਈਆਂ ਹਨ, ਚਾਰੇ ਪਾਸੇ ਬੁਰਾ ਹਾਲ ਹੈ। ਲੋਕ ਇਨ੍ਹਾਂ ਸੜਕਾਂ ਦੀ ਮੁਰੰਮਤ ਕਰਨ ਲਈ ਧਰਨੇ ਵੀ ਲਗਾ ਚੁੱਕੇ ਹਨ ਪਰ ਕਿਧਰੇ ਕੋਈ ਸੁਣਵਾਈ ਨਹੀਂ ਹੋ ਰਹੀ ਹੈ।
ਸ੍ਰੀ ਭੱਟੀ ਨੇ ਕਿਹਾ ਕਿ ਸੂਬੇ ਦੀ ਜਨਤਾ ਹੁਣ ਅਕਾਲੀ ਦਲ ਦੀ ਸਰਕਾਰ ਨੂੰ ਯਾਦ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕ ਹਾਲ ਦੁਹਾਈ ਪਾ ਰਹੇ ਹਨ ਪਰ ਸਰਕਾਰ ਦੇ ਨੁਮਾਇੰਦੇ ਸੈਰ ਸਪਾਟਿਆਂ ’ਚ ਰੁੱਝੇ ਹੋਏ ਹਨ। ਸੜਕਾਂ ’ਤੇ ਪਏ ਟੋਏ ਬਾਰਿਸ਼ ਕਾਰਨ ਛੱਪੜਾਂ ਦਾ ਰੂਪ ਧਾਰ ਚੁੱਕੇ ਹਨ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਦੇ ਨੁਮਾਇੰਦਿਆਂ ਨੇ ਜਲਦ ਹੀ ਟੁੱਟੀਆਂ ਸੜਕਾਂ ਦੀ ਮੁਰੰਮਤ ਨਾ ਕਰਵਾਈ ਤਾਂ ਸ਼੍ਰੋਮਣੀ ਅਕਾਲੀ ਦਲ ਸੰਘਰਸ਼ ਛੇੜਨ ਲਈ ਮਜਬੂਰ ਹੋਵੇਗੀ। ਇਸ ਮੌਕੇ ਜਸਵੀਰ ਸਿੰਘ ਚੱਢਾ, ਕੁਲਵੰਤ ਸਿੰਘ ਰਾਠੌਰ, ਸ਼ਰਨਜੀਤ ਸਿੰਘ ਚਨਾਰਥਲ, ਸੁਖਵੀਰ ਸੁਹਾਗਹੇੜੀ ਪ੍ਰਧਾਨ ਸਰਕਲ ਸਰਹਿੰਦ, ਗੁਰੀ ਨਲੀਨਾ, ਪ੍ਰੇਮ ਸਿੰਘ ਬਾੜਾ, ਮੋਹਨ ਸਿੰਘ ਤੇ ਸਿਕੰਦਰ ਸਿੰਘ ਆਦਿ ਵੀ ਹਾਜ਼ਰ ਸਨ।