ਸੰਗਰੂਰ, 22 ਅਗਸਤ
ਆਮ ਆਦਮੀ ਪਾਰਟੀ ਦੇ ਬੁਲਾਰੇ ਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਅੱਜ ਇੱਥੇ ਕਿਹਾ ਕਿ ਪੰਜਾਬ ਵਿੱਚ ਕਾਂਗਰਸ ਦੀ ਨਵੀਂ ਬਣੀ ਸਰਕਾਰ ਤੋਂ ਲੋਕਾਂ ਦਾ ਚਾਅ ਲੱਥ ਚੁੱਕਿਆ ਹੈ ਅਤੇ ਉਮੀਦਾਂ ਟੁੱਟ ਚੁੱਕੀਆਂ ਹਨ। ਕੈਪਟਨ ਅਮਰਿੰਦਰ ਸਿੰਘ ਨੇ ਕਰਜ਼ਾ ਮੁਆਫ਼ੀ ਦਾ ਝੂਠਾ ਲਾਰਾ ਲਾ ਕੇ ਪੰਜਾਬ ਦੇ ਕਿਸਾਨਾਂ ਨੂੰ ਗੁੰਮਰਾਹ ਕੀਤਾ ਅਤੇ ਸੱਤਾ ਮਿਲਦਿਆਂ ਹੀ ਉਹ ਵਾਅਦਿਆਂ ਤੋਂ ਭੱਜ ਗਏ। ਇਸੇ ਕਾਰਨ ਕਾਂਗਰਸ ਸਰਕਾਰ ਬਣਨ ਮਗਰੋਂ ਹੁਣ ਤੱਕ ਕਰੀਬ 200 ਕਿਸਾਨ ਖੁਦਕੁਸ਼ੀ ਕਰ ਚੁੱਕੇ ਹਨ।
ਇੱਥੇ ਰੈਸਟ ਹਾਊਸ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਅਤੇ ਕੇਂਦਰੀ ਵਿੱਤ ਮੰਤਰੀ ਨੂੰ ਗੁਲਦਸਤੇ ਦੇ ਕੇ ਮਸਲੇ ਹੱਲ ਨਹੀਂ ਹੋਣਗੇ ਸਗੋਂ ਪੰਜਾਬ ਸਰਕਾਰ ਨੂੰ ਕਿਸਾਨੀ ਕਰਜ਼ੇ ਦੀ ਮੁਆਫ਼ੀ ਲਈ ਕੀਤਾ ਵਾਅਦਾ ਪੂਰਾ ਕਰਨਾ ਚਾਹੀਦਾ ਹੈ। ਸ੍ਰੀ ਮਾਨ ਨੇ ਕਿਹਾ ਕਿ ਭਲਕੇ ਉਹ ਐਨਆਰਆਈ ਭਰਾਵਾਂ ਸਮੇਤ ਜ਼ਿਲ੍ਹਾ ਮਾਨਸਾ ਵਿੱਚ 20 ਕਿਸਾਨ ਖੁਦਕੁਸ਼ੀ ਪੀੜਤ ਪਰਿਵਾਰਾਂ ਦੇ ਘਰ ਜਾਣਗੇ ਅਤੇ ਐਨਆਰਆਈਜ਼ ਵੱਲੋਂ ਇਨ੍ਹਾਂ ਕਿਸਾਨ ਪਰਿਵਾਰਾਂ ਦੀ ਮਾਲੀ ਸਹਾਇਤਾ ਕੀਤੀ ਜਾਵੇਗੀ।’
‘ਕੇਂਦਰ ਨੇ ਆਜ਼ਾਦੀ ਦਿਵਸ ਦਾ ਭਗਵਾਂਕਰਨ ਕੀਤਾ’
ਸੰਸਦ ਮੈਂਬਰ ਭਗਵੰਤ ਮਾਨ ਨੇ ਦੋਸ਼ ਲਾਇਆ ਕਿ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਪੂਰੇ ਦੇਸ਼ ਵਿੱਚ ਫਿਰਕਾਪ੍ਰਸਤੀ ਦਾ ਮਾਹੌਲ ਪੈਦਾ ਕਰ ਦਿੱਤਾ ਹੈ, ਜਿਸ ਕਾਰਨ ਘੱਟ ਗਿਣਤੀਆਂ ਲਈ ਵੱਡਾ ਖ਼ਤਰਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਭਾਜਪਾ ਸਰਕਾਰ ਨੇ ਆਜ਼ਾਦੀ ਦਿਵਸ ਦਾ ਭਗਵਾਂਕਰਨ ਕਰ ਦਿੱਤਾ ਹੈ ਅਤੇ ਸ਼ਹੀਦ ਭਗਤ, ਰਾਜਗੁਰੂ ਤੇ ਸੁਖਦੇਵ ਵਰਗੇ ਸ਼ਹੀਦਾਂ ਨੂੰ ਵੀ ਯਾਦ ਨਹੀਂ ਕੀਤਾ ਪ੍ਰੰਤੂ ਆਪਣੇ ਨਵੇਂ ਸ਼ਹੀਦ ਪਤਾ ਨਹੀਂ ਕਿੱਥੋਂ ਕੱਢ ਲਿਆਂਦੇ ਹਨ।