ਪਠਾਨਕੋਟ, 3 ਦਸੰਬਰ

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ’ਤੇ ਅੱਜ ਨਿਸ਼ਾਨਾ ਸੇਧਦਿਆਂ ਕਿਹਾ ਕਿ ਜਦੋਂ ਵੀ ਉਨ੍ਹਾਂ (ਚੰਨੀ) ਨੇ ਆਮ ਲੋਕਾਂ ਦੀ ਭਲਾਈ ਦੇ ਮੁੱਦੇ ਉਠਾਏ ਤਾਂ ਕੈਪਟਨ ਨੂੰ ਉਨ੍ਹਾਂ ਨੂੰ ‘ਤੰਗ ਪ੍ਰੇਸ਼ਾਨ’ ਕੀਤਾ। ਨੇੜਲੇ ਕਸਬੇ ਭਾਓ ਵਿੱਚ ਲੋਕਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਦੇ ਬਾਵਜੂਦ ਉਹ ਲੋੜਵੰਦ ਲੋਕਾਂ ਨਾਲ ਸਬੰਧਤ ਮੁੱਦੇ ਉਠਾਉਂਦੇ ਰਹੇ। ਉਨ੍ਹਾਂ ਨੇ ਅਕਾਲੀ ਦਲ, ਭਾਜਪਾ ਤੇ ਕੈਪਟਨ ਅਮਰਿੰਦਰ ਸਿੰਘ ’ਤੇ ਦੋਸ਼ ਲਗਾਇਆ ਕਿ ਤਿੰਨਾਂ ਨੇ ਖੇਤੀ ਕਾਨੂੰਨ ਪਾਸ ਕਰਵਾਉਣ ਲਈ ਮਿਲੀਭੁਗਤ ਕੀਤੀ ਤਾਂ ਕਿ ਪੰਜਾਬ ਦੇ ਹਿੱਤਾਂ ਨੂੰ ਨੁਕਸਾਨ ਪਹੁੰਚਾਇਆ ਜਾ ਸਕੇ। ਇਸੇ ਦੌਰਾਨ ਆਮ ਆਦਮੀ ਪਾਰਟੀ ’ਤੇ ਹਮਲਾ ਕਰਦਿਆਂ ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਨੂੰ ਪੰਜਾਬ ਬਾਰੇ ਬਹੁਤ ਘੱਟ ਜਾਣਕਾਰੀ ਹੈ ਤੇ ਉਹ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰਕੇ ਸੂਬੇ ਦੀ ਸੱਤਾ ’ਤੇ ਕਾਬਜ਼ ਹੋਣਾ ਚਾਹੁੰਦਾ ਹੈ।