ਸੰਗਰੂਰ/ਲੌਂਗੋਵਾਲ, 25 ਅਗਸਤ
ਲੌਂਗੋਵਾਲ ਪੁਲੀਸ ਲਾਠੀਚਾਰਜ ਮਾਮਲੇ ’ਚ ਕਿਸਾਨ ਜਥੇਬੰਦੀਆਂ ਤੇ ਪੰਜਾਬ ਪੁਲੀਸ ਦੇ ਉੱਚ ਅਧਿਕਾਰੀਆਂ ਵਿਚਕਾਰ ਕੱਲ੍ਹ ਹੋਏ ਸਮਝੌਤੇ ਨੂੰ ਅਮਲੀ ਰੂਪ ਦੇਣ ਲਈ ਅੱਜ ਮੁੜ ਮੁਖਵਿੰਦਰ ਸਿੰਘ ਛੀਨਾ (ਏਡੀਜੀਪੀ) ਆਈਜੀ ਪਟਿਆਲਾ, ਜਸਕਰਨ ਸਿੰਘ ਆਈਜੀ ਇੰਟੈਲੀਜੈਂਸ, ਨਰਿੰਦਰ ਭਾਰਗਵ ਆਈਜੀ ਬਾਰਡਰ ਰੇਂਜ ਅੰਮ੍ਰਿਤਸਰ, ਸੁਰੇਂਦਰ ਲਾਂਬਾ ਐੱਸਐੱਸਪੀ ਤੇ ਜਤਿੰਦਰ ਜ਼ੋਰਵਾਲ ਡਿਪਟੀ ਕਮਿਸ਼ਨਰ ਸੰਗਰੂਰ ਨੇ ਪੁਲੀਸ ਥਾਣਾ ਲੌਂਗੋਵਾਲ ਵਿੱਚ ਕਿਸਾਨ ਜਥੇਬੰਦੀਆਂ ਦੇ ਆਗੂਆਂ ਨਾਲ ਮੀਟਿੰਗ ਕੀਤੀ।
ਏਡੀਜੀਪੀ ਮੁਖਵਿੰਦਰ ਸਿੰਘ ਛੀਨਾ ਤੇ ਆਈਜੀ ਜਸਕਰਨ ਸਿੰਘ ਨੇ ਮੀਟਿੰਗ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਮੀਟਿੰਗ ਵਿੱਚ ਹੋਏ ਸਮਝੌਤੇ ਅਨੁਸਾਰ ਸ਼ਹੀਦ ਕਿਸਾਨ ਪ੍ਰੀਤਮ ਸਿੰਘ ਦੇ ਪਰਿਵਾਰ ਨੂੰ 10 ਲੱਖ ਰੁਪਏ ਦੇ ਮੁਆਵਜ਼ੇ ਦਾ ਚੈੱਕ ਸੌਂਪਿਆ ਗਿਆ ਹੈ। ਇਸ ਤੋਂ ਬਿਨਾਂ 4 ਸਤੰਬਰ ਨੂੰ ਚੰਡੀਗੜ੍ਹ ਵਿੱਚ 16 ਕਿਸਾਨ ਜਥੇਬੰਦੀਆਂ ਦੀ ਪ੍ਰਸ਼ਾਸਨ ਨਾਲ ਮੀਟਿੰਗ ਤੈਅ ਕਰਵਾ ਕੇ ਇਸ ਦਾ ਨੋਟੀਫਿਕੇਸ਼ਨ ਕਿਸਾਨ ਆਗੂਆਂ ਨੂੰ ਸੌਂਪ ਦਿੱਤਾ ਗਿਆ ਹੈ। ਕਿਸਾਨ ਜਥੇਬੰਦੀਆਂ ਦੀ ਸ਼ਿਕਾਇਤ ’ਤੇ ਥਾਣਾ ਲੌਂਗੋਵਾਲ ਦੇ ਐੱਸਐੱਚਓ ਗਗਨਦੀਪ ਸਿੰਘ ਦਾ ਤਬਾਦਲਾ ਕਰ ਕੇ ਉਸ ਖ਼ਿਲਾਫ਼ ਵਿਭਾਗੀ ਜਾਂਚ ਦੇ ਹੁਕਮ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਕੁਲ 350 ਕਿਸਾਨਾਂ ’ਚੋਂ 172 ਨੂੰ ਰਿਹਾਅ ਕਰ ਦਿੱਤਾ ਗਿਆ ਹੈ, ਜਦਕਿ ਬਾਕੀ ਵੀ ਸ਼ਾਮ ਤੱਕ ਰਿਹਾਅ ਕਰ ਦਿੱਤੇ ਜਾਣਗੇ। ਅੱਜ ਦੇਰ ਸ਼ਾਮ ਲੌਂਗੋਵਾਲ ਵਿੱਚ ਚੱਲ ਰਿਹਾ ਰੋਸ ਧਰਨਾ ਸਮਾਪਤ ਕਰ ਦਿੱਤਾ ਗਿਆ ਹੈ।
ਇਸ ਬਾਰੇ ਭਾਕਿਯੂ ਏਕਤਾ ਆਜ਼ਾਦ ਦੇ ਪ੍ਰਮੁੱਖ ਸੂਬਾ ਆਗੂ ਜਸਵਿੰਦਰ ਸਿੰਘ ਲੌਂਗੋਵਾਲ, ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਆਗੂ ਸੁਖਵਿੰਦਰ ਸਿੰਘ ਸਭਰਾ, ਜਸਵੀਰ ਸਿੰਘ ਪਿੱਦੀ, ਕਿਰਤੀ ਕਿਸਾਨ ਯੂਨੀਅਨ ਦੇ ਭੁਪਿੰਦਰ ਲੌਂਗੋਵਾਲ ਤੇ ਭਾਕਿਯੂ ਕ੍ਰਾਂਤੀਕਾਰੀ ਦੇ ਬਲਦੇਵ ਸਿੰਘ ਜ਼ੀਰਾ ਨੇ ਦੱਸਿਆ ਕਿ ਪੁਲੀਸ ਵੱਲੋਂ ਸਾਰੇ ਕਿਸਾਨਾਂ ਦੀ ਰਿਹਾਈ ਕੀਤੇ ਜਾਣ ਮਗਰੋਂ ਪੰਜਾਬ ਵਿੱਚ 12 ਥਾਵਾਂ ’ਤੇ ਚੱਲ ਰਹੇ ਰੋਸ ਧਰਨੇ ਸਮਾਪਤ ਕਰ ਦਿੱਤੇ ਜਾਣਗੇ। ਉਨ੍ਹਾਂ ਦੱਸਿਆ ਕਿ ਕਿਸਾਨ ਪ੍ਰੀਤਮ ਸਿੰਘ ਦੇ ਪਰਿਵਾਰ ਨੂੰ ਦਸ ਲੱਖ ਰੁਪਏ ਦੀ ਮੁਆਵਜ਼ਾ ਰਾਸ਼ੀ ਦੇ ਚੈੱਕ ਸੌਂਪੇ ਗਏ ਹਨ। ਕਿਸਾਨਾਂ ਆਗੂਆਂ ਨੇ ਕਿਹਾ ਕਿ ਜੇਕਰ 4 ਸਤੰਬਰ ਨੂੰ ਚੰਡੀਗੜ੍ਹ ਪ੍ਰਸ਼ਾਸਨ ਨਾਲ ਹੋਈ ਮੀਟਿੰਗ ਵਿੱਚ ਮੰਗਾਂ ਦਾ ਕੋਈ ਪੁਖਤਾ ਹੱਲ ਨਾ ਨਿਕਲਿਆ ਤਾਂ 16 ਕਿਸਾਨ ਜਥੇਬੰਦੀਆਂ ਵੱਲੋਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।