ਲੌਂਗੋਵਾਲ, 22 ਅਗਸਤ
ਧਰਨਾ ਦੇ ਰਹੇ ਕਿਸਾਨਾਂ ਅਤੇ ਪੁਲੀਸ ਦਰਮਿਆਨ ਹੋਈ ਝੜਪ ਦੌਰਾਨ ਟਰੈਕਟਰ-ਟਰਾਲੀ ਹੇਠ ਆਉਣ ਕਾਰਨ ਇੱਕ ਕਿਸਾਨ ਦੀ ਮੌਤ ਹੋ ਗਈ ਹੈ ਜਦਕਿ ਇੱਕ ਇੰਸਪੈਕਟਰ ਸਮੇਤ ਕਈ ਹੋਰ ਵਿਅਕਤੀ ਫੱਟੜ ਹੋਏ ਹਨ। ਜ਼ਖ਼ਮੀ ਹੋਏ ਇੰਸਪੈਕਟਰ ਦੀਪਇੰਦਰ ਸਿੰਘ ਜੇਜੀ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਜਦੋਂ ਕਿਸਾਨ ਪ੍ਰੀਤਮ ਸਿੰਘ (ਪੁੱਤਰ ਰੂਪ ਸਿੰਘ ਵਾਸੀ ਮੰਡੇਰ ਕਲਾਂ) ਨੂੰ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਲਿਆਂਦਾ ਜਾ ਰਿਹਾ ਸੀ ਤਾਂ ਉਸ ਨੇ ਰਾਹ ਵਿਚ ਦਮ ਤੋੜ ਦਿੱਤਾ। ਜ਼ਖ਼ਮੀ ਹੋਇਆ ਇਕ ਹੋਰ ਕਿਸਾਨ ਗੁਰਜੰਟ ਸਿੰਘ ਹਸਪਤਾਲ ’ਚ ਜ਼ੇਰੇ ਇਲਾਜ ਹੈ। ਝੜਪ ਤੋਂ ਬਾਅਦ ਇਲਾਕੇ ਵਿੱਚ ਮਾਹੌਲ ਤਣਾਅਪੂਰਨ ਬਣ ਗਿਆ ਹੈ। ਪੂਰੇ ਇਲਾਕੇ ਨੂੰ ਪੁਲੀਸ ਛਾਉਣੀ ਵਿਚ ਤਬਦੀਲ ਕਰ ਦਿੱਤਾ ਗਿਆ ਹੈ। ਕਿਸਾਨਾਂ ਨੇ ਲੌਂਗੋਵਾਲ ਥਾਣੇ ਅੱਗੇ ਸੁਨਾਮ-ਬਰਨਾਲਾ ਰੋਡ ’ਤੇ ਪੱਕਾ ਮੋਰਚਾ ਆਰੰਭ ਕਰ ਦਿੱਤਾ ਹੈ। ਸਥਿਤੀ ਨੂੰ ਕੰਟਰੋਲ ਕਰਨ ਲਈ ਸੰਗਰੂਰ ਦੇ ਐੱਸਐੱਸਪੀ ਸੁਰਿੰਦਰ ਲਾਂਬਾ ਮੌਕੇ ’ਤੇ ਪੁੱਜ ਗਏ ਸਨ ਅਤੇ ਉਨ੍ਹਾਂ ਕਿਸਾਨਾਂ ਨੂੰ ਮਨਾਉਣ ਲਈ ਉਨ੍ਹਾਂ ਨਾਲ ਗੱਲਬਾਤ ਸ਼ੁਰੂ ਕੀਤੀ ਹੈ।
ਝੜਪਾਂ ਲਈ ਪੁਲੀਸ ਅਤੇ ਕਿਸਾਨ ਇੱਕ-ਦੂਜੇ ਨੂੰ ਦੋਸ਼ੀ ਠਹਿਰਾ ਰਹੇ ਹਨ। ਝੜਪ ਦੀ ਸਥਿਤੀ ਉਸ ਵੇਲੇ ਪੈਦਾ ਹੋਈ ਜਦੋਂ 16 ਕਿਸਾਨ ਜਥੇਬੰਦੀਆਂ ਵੱਲੋਂ ਚੰਡੀਗੜ੍ਹ ’ਚ ਦਿੱਤੇ ਜਾਣ ਵਾਲੇ ਧਰਨੇ ਦੇ ਮੱਦੇਨਜ਼ਰ ਪੁਲੀਸ ਨੇ ਭਾਰਤੀ ਕਿਸਾਨ ਯੂਨੀਅਨ ਏਕਤਾ (ਆਜ਼ਾਦ) ਦੇ ਸੂਬਾ ਕਮੇਟੀ ਮੈਂਬਰ ਜਸਵਿੰਦਰ ਸਿੰਘ ਲੌਂਗੋਵਾਲ ਨੂੰ ਹਿਰਾਸਤ ’ਚ ਲੈ ਲਿਆ। ਇਸ ਦੇ ਵਿਰੋਧ ਵਿਚ ਕਿਸਾਨਾਂ ਵੱਲੋਂ ਬਡਬਰ ਰੋਡ ’ਤੇ ਧਰਨਾ ਦਿੱਤਾ ਜਾ ਰਿਹਾ ਸੀ। ਕਿਸਾਨਾਂ ਮੁਤਾਬਕ ਜਦੋਂ ਉਹ ਬਡਬਰ ਟੌਲ ਪਲਾਜ਼ੇ ਵੱਲ ਜਾਣ ਲਈ ਅੱਗੇ ਵਧਣ ਲੱਗੇ ਤਾਂ ਪੁਲੀਸ ਨੇ ਬੈਰੀਕੇਡਾਂ ’ਤੇ ਉਨ੍ਹਾਂ ਨੂੰ ਰੋਕਦਿਆਂ ਔਰਤਾਂ ਅਤੇ ਕਿਸਾਨਾਂ ਦੀ ਬੇਰਹਿਮੀ ਨਾਲ ਕੁੱਟਮਾਰ ਸ਼ੁਰੂ ਕਰ ਦਿੱਤੀ। ਕਿਸਾਨਾਂ ਨੇ ਦੱਸਿਆ ਕਿ ਪੁਲੀਸ ਨੇ ਉਨ੍ਹਾਂ ’ਤੇਲਾਠੀਚਾਰਜ ਕੀਤਾ ਅਤੇ ਗਾਲ੍ਹਾਂ ਕੱਢੀਆਂ।
ਉਨ੍ਹਾਂ ਬੀਬੀਆਂ ਵਾਲੀਆਂ ਬੱਸਾਂ ਦੇ ਸ਼ੀਸ਼ੇ ਵੀ ਭੰਨ੍ਹ ਦਿੱਤੇ। ਇਸ ਦੌਰਾਨ ਕਿਸਾਨਾਂ ਨੇ ਪੁਲੀਸ ਦੀ ਧੱਕੇਸ਼ਾਹੀ ਅਤੇ ਭਗਵੰਤ ਮਾਨ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਇਹ ਵੀ ਦੋਸ਼ ਲਗਾਇਆ ਕਿ ਪੁਲੀਸ ਨੇ ਕੁੱਝ ਔਰਤਾਂ ਤੇ ਨੌਜਵਾਨਾਂ ਨੂੰ ਧੱਕੇ ਨਾਲ ਥਾਣੇ ਅੰਦਰ ਬੰਦ ਕਰਕੇ ਰੱਖਿਆ ਹੈ। ਉਧਰ ਸੰਗਰੂਰ ਦੇ ਐੱਸਪੀ ਪਲਵਿੰਦਰ ਸਿੰਘ ਚੀਮਾ ਨੇ ਘਟਨਾ ਦੀ ਵੀਡੀਓ ਵਿਖਾਉਂਦਿਆਂ ਦੱਸਿਆ ਕਿ ਪ੍ਰੀਤਮ ਸਿੰਘ ਕਿਸਾਨਾਂ ਦੀ ਟਰਾਲੀ ਥੱਲੇ ਆ ਕੇ ਮਾਰਿਆ ਗਿਆ ਹੈ ਜਦਕਿ ਇੰਸਪੈਕਟਰ ਜੇਜੀ ਇਸ ਘਟਨਾ ਵਿਚ ਵਾਲ ਵਾਲ ਬਚੇ ਹਨ ਅਤੇ ਬੁਰੀ ਤਰ੍ਹਾਂ ਜ਼ਖ਼ਮੀ ਹੋਏ ਹਨ। ਉਨ੍ਹਾਂ ਕਿਹਾ ਕਿ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਹੋਵੇਗੀ। ਕਿਸਾਨਾਂ ’ਤੇ ਲਾਠੀਚਾਰਜ ਕਰਨ ਬਾਰੇ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਚੀਮਾ ਨੇ ਕਿਹਾ ਕਿ ਕਿਸਾਨ ਰੋਹ ਵਿਚ ਆ ਗਏ ਸਨ ਅਤੇ ਅਮਨ-ਸ਼ਾਂਤੀ ਨੂੰ ਕਾਇਮ ਰੱਖਣ ਲਈ ਪੁਲੀਸ ਨੂੰ ਲਾਠੀਚਾਰਜ ਕਰਨਾ ਪਿਆ ਹੈ।