ਸੰਗਰੂਰ, 24 ਅਗਸਤ

ਲੌਂਗੋਵਾਲ ’ਚ ਕਿਸਾਨਾਂ ਉਪਰ ਪੁਲੀਸ ਲਾਠੀਚਾਰਜ ਦੌਰਾਨ ਟਰਾਲੀ ਹੇਠਾਂ ਆਉਣ ਕਾਰਨ ਮਾਰੇ ਗਏ ਕਿਸਾਨ ਪ੍ਰੀਤਮ ਸਿੰਘ ਦੇ ਪਰਿਵਾਰ ਨੂੰ ਮੁਆਵਜ਼ਾ ਦੇਣ ਅਤੇ ਹੋਰ ਮੰਗਾਂ ਨੂੰ ਲੈ ਕੇ ਸਰਕਾਰ ਅਤੇ ਕਿਸਾਨਾਂ ਵਿਚਕਾਰ ਸਹਿਮਤੀ ਬਣ ਗਈ ਹੈ। ਸੂਬਾ ਸਰਕਾਰ ਤਰਫ਼ੋਂ ਪੰਜਾਬ ਪੁਲੀਸ ਦੇ ਸੀਨੀਅਰ ਅਧਿਕਾਰੀਆਂ ਅਤੇ ਕਿਸਾਨ ਜਥੇਬੰਦੀਆਂ ਦੇ ਵਫ਼ਦ ਦੀ ਅਹਿਮ ਮੀਟਿੰਗ ਸਥਾਨਕ ਰੈਸਟ ਹਾਊਸ ਵਿਚ ਹੋਈ। ਕਰੀਬ ਸਾਢੇ ਤਿੰਨ ਘੰਟੇ ਚੱਲੀ ਮੀਟਿੰਗ ਮਗਰੋਂ ਕਿਸਾਨ ਪ੍ਰੀਤਮ ਸਿੰਘ ਦੇ ਪੋਸਟਮਾਰਟ ਲਈ ਰਾਜ਼ੀ ਹੋ ਗਏ ਪਰ ਅੰਤਿਮ ਸੰਸਕਾਰ ਗ੍ਰਿਫ਼ਤਾਰ ਕੀਤੇ ਗਏ ਕਿਸਾਨਾਂ ਦੀ ਰਿਹਾਈ ਮਗਰੋਂ ਹੋਵੇਗਾ ਅਤੇ ਧਰਨਾ ਬਾਕੀ ਮੰਗਾਂ ਮੰਨੇ ਜਾਣ ਮਗਰੋਂ ਚੁੱਕਿਆ ਜਾਵੇਗਾ। ਮੀਟਿੰਗ ’ਚ ਆਈਜੀ (ਇੰਟੈਲੀਜੈਂਸ) ਜਸਕਰਨ ਸਿੰਘ, ਆਈਜੀ (ਪਟਿਆਲਾ ਰੇਂਜ) ਮੁਖਵਿੰਦਰ ਸਿੰਘ ਛੀਨਾ, ਆਈਜੀ (ਬਾਰਡਰ ਰੇਂਜ ਅੰਮ੍ਰਿਤਸਰ) ਨਰਿੰਦਰ ਭਾਰਗਵ ਅਤੇ ਸੰਗਰੂਰ ਦੇ ਐੱਸਐੱਸਪੀ ਸੁਰੇਂਦਰ ਲਾਂਬਾ ਸ਼ਾਮਲ ਸਨ। ਮੀਟਿੰਗ ਮਗਰੋਂ ਪੁਲੀਸ ਅਧਿਕਾਰੀਆਂ ਨੇ ਕਿਸਾਨਾਂ ਦੀਆਂ ਮੰਗਾਂ ਬਾਰੇ ਸਹਿਮਤੀ ਬਣਨ ਸਬੰਧੀ ਪੁਸ਼ਟੀ ਕੀਤੀ ਹੈ। ਮੀਟਿੰਗ ਤੋਂ ਬਾਅਦ ਭਾਰਤੀ ਕਿਸਾਨ ਯੂਨੀਅਨ ਏਕਤਾ-ਆਜ਼ਾਦ ਦੇ ਪ੍ਰਮੁੱਖ ਆਗੂ ਜਸਵਿੰਦਰ ਸਿੰਘ ਲੌਂਗੋਵਾਲ, ਦਿਲਬਾਗ ਸਿੰਘ ਹਰੀਗੜ੍ਹ, ਭਾਕਿਯੂ ਕ੍ਰਾਂਤੀਕਾਰੀ ਦੇ ਆਗੂ ਸੁਰਜੀਤ ਸਿੰਘ ਫੂਲ, ਕਿਰਤੀ ਕਿਸਾਨ ਯੂਨੀਅਨ ਦੇ ਆਗੂ ਭੁਪਿੰਦਰ ਲੌਂਗੋਵਾਲ ਅਤੇ ਹਰਿਆਣਾ ਤੋਂ ਕਿਸਾਨ ਆਗੂ ਤੇਜਵੀਰ ਸਿੰਘ ਨੇ ਦੱਸਿਆ ਕਿ ਕਿਸਾਨਾਂ ਦੀਆਂ ਮੰਗਾਂ ਮੰਨ ਲਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸ਼ਹੀਦ ਕਿਸਾਨ ਪ੍ਰੀਤਮ ਸਿੰਘ ਮੰਡੇਰ ਕਲਾਂ ਦੇ ਪਰਿਵਾਰ ਨੂੰ 10 ਲੱਖ ਰੁਪਏ ਮੁਆਵਜ਼ਾ, ਪਰਿਵਾਰ ਦੇ ਇੱਕ ਮੈਂਬਰ ਨੂੰ ਯੋਗਤਾ ਅਨੁਸਾਰ ਸਰਕਾਰੀ ਨੌਕਰੀ ਅਤੇ ਕਿਸਾਨ ਪਰਿਵਾਰ ਸਿਰ ਚੜ੍ਹਿਆ ਸਾਰਾ ਸਰਕਾਰੀ ਕਰਜ਼ਾ ਮੁਆਫ਼ ਕੀਤਾ ਜਾਵੇਗਾ। ਇਸ ਤੋਂ ਇਲਾਵਾ ਲਾਠੀਚਾਰਜ ਦੌਰਾਨ ਗੰਭੀਰ ਜ਼ਖ਼ਮੀ ਹੋਏ ਕਿਸਾਨਾਂ ਨੂੰ 2 ਲੱਖ ਅਤੇ ਘੱੱਟ ਜ਼ਖ਼ਮੀ ਹੋਏ ਕਿਸਾਨਾਂ ਨੂੰ 1 ਲੱਖ ਰੁਪਏ ਮੁਆਵਜ਼ਾ, ਲਾਠੀਚਾਰਜ ਦੌਰਾਨ ਕਿਸਾਨਾਂ ਦੇ ਟੁੱਟੇ ਵਾਹਨਾਂ ਦੀ ਸਰਕਾਰ ਆਪਣੇ ਖ਼ਰਚੇ ’ਤੇ ਮੁਰੰਮਤ ਕਰਵਾਏਗੀ, ਕਿਸਾਨਾਂ ਖ਼ਿਲਾਫ਼ ਇਰਾਦਾ ਕਤਲ ਤੇ ਹੋਰ ਧਾਰਾਵਾਂ ਤਹਿਤ ਦਰਜ ਕੀਤੇ ਵਾਪਸ ਲਏ ਜਾਣਗੇ ਅਤੇ ਗ੍ਰਿਫ਼ਤਾਰ ਕੀਤੇ ਗਏ ਦੋ ਕਿਸਾਨਾਂ ਨੂੰ ਰਿਹਾਅ ਕੀਤਾ ਜਾਵੇਗਾ। ਪੰਜਾਬ ਭਰ ਵਿਚ ਗ੍ਰਿਫ਼ਤਾਰ ਕੀਤੇ ਗਏ ਕਰੀਬ 150-200 ਕਿਸਾਨ ਵੀ ਰਿਹਾਅ ਕੀਤੇ ਜਾਣਗੇ, ਸੰਘਰਸ਼ ਦੌਰਾਨ ਮੁਹਾਲੀ ਦੇ ਇੱਕ ਨੌਜਵਾਨ ਕਿਸਾਨ ਦੀ ਲੱਤ ਕੱਟਣ ਦੇ ਮਾਮਲੇ ’ਚ ਉਸ ਦਾ ਅੰਗਹੀਣ ਸਰਟੀਫਿਕੇਟ ਬਣਾ ਕੇ ਉਸ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇਗੀ। ਕਿਸਾਨਾਂ ਦੀਆਂ ਮੰਗਾਂ ਸਬੰਧੀ ਕੇਂਦਰ ਸਰਕਾਰ ਦੇ ਕਿਸੇ ਮੰਤਰੀ ਨਾਲ ਮੀਟਿੰਗ ਨਿਸ਼ਚਿਤ ਕਰਾਉਣ ਲਈ ਪੰਜਾਬ ਦੇ ਰਾਜਪਾਲ ਤੋਂ ਲਿਖਤੀ ਪੱਤਰ ਪੰਜਾਬ ਸਰਕਾਰ ਲੈ ਕੇ ਦੇਵੇਗੀ। ਕਿਸਾਨ ਸੰਗਠਨਾਂ ਤੇ ਮੀਡੀਆ ਦੇ ਸੋਸ਼ਲ ਮੀਡੀਆ ’ਤੇ ਬੈਨ ਕੀਤੇ ਪੇਜ ਚਾਲੂ ਹੋਣਗੇ। ਮੀਟਿੰਗ ’ਚ ਕਿਸਾਨ ਆਗੂ ਮਨਜੀਤ ਸਿੰਘ ਨਿਆਲ, ਜਰਨੈਲ ਸਿੰਘ ਕਾਲੇਕੇ ਅਤੇ ਹਰਿਆਣਾ ਤੋਂ ਸੁਰੇਸ਼ ਕੌਥ ਵੀ ਸ਼ਾਮਲ ਸਨ।