ਅੰਮ੍ਰਿਤਸਰ, 5 ਦਸੰਬਰ
ਸ਼੍ਰੋਮਣੀ ਕਮੇਟੀ ਦੇ ਨਵੇਂ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਅੱਜ ਚੌਕ ਮਹਿਤਾ ’ਚ ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ ਨਾਲ ਪਲੇਠੀ ਮੁਲਾਕਾਤ ਕੀਤੀ ਹੈ ਅਤੇ ਸਿੱਖੀ ਦੇ ਪ੍ਰਚਾਰ ਲਈ ਸਹਿਯੋਗ ਦੀ ਮੰਗ ਕੀਤੀ ਹੈ। ਟਕਸਾਲ ਨੇ ਵੀ ਸ਼੍ਰੋਮਣੀ ਕਮੇਟੀ ਨੂੰ ਹਰ ਸੰਭਵ ਸਹਿਯੋਗ ਦਾ ਭਰੋਸਾ ਦਿੱਤਾ ਹੈ।
ਸ੍ਰੀ ਲੌਂਗੋਵਾਲ ਅੱਜ ਬਾਅਦ ਦੁਪਹਿਰ ਦਮਦਮੀ ਟਕਸਾਲ ਦੇ ਹੈੱਡ ਕੁਆਰਟਰ ਪੁੱਜੇ। ਉਨ੍ਹਾਂ ਉੱਥੇ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਵਿਖੇ ਮੱਥਾ ਟੇਕਿਆ ਅਤੇ ਲੰਗਰ ਵੀ ਛਕਿਆ। ਇਸ ਮਗਰੋਂ ਉਨ੍ਹਾਂ ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ ਨਾਲ ਬੰਦ ਕਮਰਾ ਮੀਟਿੰਗ ਕੀਤੀ। ਉਹ ਲਗਪਗ ਇਕ ਘੰਟਾ ਟਕਸਾਲ ਦੇ ਹੈੱਡ ਕੁਆਰਟਰ ਰਹੇ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਲੌਂਗੋਵਾਲ ਨੇ ਆਖਿਆ ਕਿ ਸਿੱਖੀ ਦੇ ਪ੍ਰਚਾਰ ਪ੍ਰਸਾਰ ਵਾਸਤੇ ਤੇ ਸਿੱਖਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਹਰ ਸਿੱਖ ਜਥੇਬੰਦੀ ਤੋਂ ਸਹਿਯੋਗ ਲਿਆ ਜਾਵੇਗਾ।
ਉਨ੍ਹਾਂ ਆਖਿਆ ਕਿ ਡੇਰਾ ਸਿਰਸਾ ਦੇ ਮੁਖੀ ਨੂੰ ਅਦਾਲਤ ਵੱਲੋਂ ਸਜ਼ਾ ਸੁਣਾਏ ਜਾਣ ਮਗਰੋਂ ਲੋਕਾਂ ਸਾਹਮਣੇ ਡੇਰਾ ਮੁਖੀ ਦੀ ਅਸਲੀਅਤ ਆ ਚੁੱਕੀ ਹੈ। ਇਸੇ ਕਾਰਨ ਕਈ ਡੇਰਾ ਪ੍ਰੇਮੀ ਡੇਰੇ ਤੋਂ ਦੂਰ ਹੋ ਗਏ ਹਨ। ਅਜਿਹੀ ਸਥਿਤੀ ਵਿੱਚ ਸ਼੍ਰੋਮਣੀ ਕਮੇਟੀ ਵੱਲੋਂ ਅਜਿਹੇ ਭੁੱਲੜ ਸਾਥੀਆਂ ਨੂੰ ਮੁੜ ਸਿੱਖੀ ਨਾਲ ਜੋੜਨ ਲਈ ਗੁਰਮਤਿ ਪ੍ਰਚਾਰ ਰਾਹੀਂ ਯਤਨ ਕੀਤਾ ਜਾਵੇਗਾ। ਦਮਦਮੀ ਟਕਸਾਲ ਨਾਲ ਆਪਣੀ ਨੇੜਤਾ ਦਾ ਜ਼ਿਕਰ ਕਰਦਿਆਂ ਉਨ੍ਹਾਂ ਖੁਲਾਸਾ ਕੀਤਾ ਕਿ ਉਨ੍ਹਾਂ ਟਕਸਾਲ ਦੇ 12ਵੇਂ ਮੁਖੀ ਗਿਆਨੀ ਗੁਰਬਚਨ ਸਿੰਘ ਖਾਲਸਾ ਕੋਲੋਂ ਅੰਮ੍ਰਿਤਪਾਨ ਕੀਤਾ ਸੀ। ਟਕਸਾਲ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ ਨੇ ਵੀ ਪੰਥਕ ਹਿੱਤਾਂ ਅਤੇ ਪੰਥਕ ਕਾਰਜਾਂ ਲਈ ਸ਼੍ਰੋਮਣੀ ਕਮੇਟੀ ਪ੍ਰਧਾਨ ਨੂੰ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਦੋਵਾਂ ਆਗੂਆਂ ਵਿਚਾਲੇ ਹੋਈ ਬੰਦ ਕਮਰਾ ਮੀਟਿੰਗ ਬਾਰੇ ਕੋਈ ਵੇਰਵੇ ਨਹੀਂ ਮਿਲ ਸਕੇ। ਦਮਦਮੀ ਟਕਸਾਲ ਵੱਲੋਂ ਸ੍ਰੀ ਲੌਂਗੋਵਾਲ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਵੀ ਕੀਤਾ ਗਿਆ।
ਇਸ ਮੌਕੇ ਉਨ੍ਹਾਂ ਨਾਲ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਗੁਰਬਚਨ ਸਿੰਘ ਕਰਮੂੰਵਾਲ, ਅੰਤ੍ਰਿੰਗ ਕਮੇਟੀ ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਸੰਤ ਗੁਰਮੀਤ ਸਿੰਘ ਤਰਲੋਕੇਵਾਲੇ ਅਤੇ ਸੱਜਣ ਸਿੰਘ ਬੱਜੂਮਾਨ ਤੋਂ ਇਲਾਵਾ ਸਾਬਕਾ ਜਥੇਦਾਰ ਜਸਬੀਰ ਸਿੰਘ ਰੋਡੇ, ਸ਼੍ਰੋਮਣੀ ਕਮੇਟੀ ਮੈਂਬਰ ਚਰਨਜੀਤ ਸਿੰਘ ਜੱਸੋਵਾਲ, ਅਜਾਇਬ ਸਿੰਘ ਅਭਿਆਸੀ ਤੇ ਹੋਰ ਪਤਵੰਤੇ ਹਾਜ਼ਰ ਸਨ।