ਨਵੀਂ ਦਿੱਲੀ, ਸੂਬੇ ਦੇ ਸਾਂਝੇ ਹਿੱਤਾਂ ਦੀ ਰਾਖੀ ਲਈ ਇਕੱਠੇ ਹੋ ਕੇ ਲੜਨ ਦੀ ਨਵੀਂ ਪਿਰਤ ਸ਼ੁਰੂ ਕਰਦਿਆਂ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੰਸਦ ਮੈਂਬਰਾਂ ਵੱਲੋਂ ਅੱਜ ਗੁਰਦਾਸਪੁਰ ਤੋਂ ਸੰਸਦ ਮੈਂਬਰ ਸੁਨੀਲ ਜਾਖੜ ਦੀ ਪਹਿਲ ’ਤੇ, ਸ੍ਰੀ ਦਰਬਾਰ ਸਾਹਿਬ ਦੇ ਲੰਗਰ ਲਈ ਲੋੜੀਂਦੀਆਂ ਵਸਤਾਂ ਨੂੰ ਜੀਐਸਟੀ ਤੋਂ ਛੋਟ ਨਾ ਦੇਣ ’ਤੇ ਕੇਂਦਰ ਸਰਕਾਰ ਵਿਰੁੱਧ ਸੰਸਦ ਦੇ ਬਾਹਰ ਸਾਂਝੇ ਤੌਰ ’ਤੇ ਰੋਸ ਪ੍ਰਦਰਸ਼ਨ ਕੀਤਾ ਗਿਆ। ਸ੍ਰੀ ਦਰਬਾਰ ਸਾਹਿਬ ਦੇ ਲੰਗਰ ਨੂੰ ਜੀਐਸਟੀ ਤੋਂ ਛੋਟ ਨਾ ਦੇਣ ’ਤੇ ਕੇਂਦਰ ਵਿਰੁੱਧ ਰੋਸ ਪ੍ਰਦਰਸ਼ਨ ਕਰਨ ਲਈ ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਗੁਰਦਾਸਪੁਰ ਤੋਂ ਸੰਸਦ ਮੈਂਬਰ ਸੁਨੀਲ ਜਾਖੜ ਵੱਲੋਂ ਕੀਤੀ ਗਈ ਅਪੀਲ ’ਤੇ ਸ਼੍ਰੋਮਣੀ ਅਕਾਲੀ ਦਲ ਦੇ ਸੰਸਦ ਮੈਂਬਰ ਸੁਖਦੇਵ ਸਿੰਘ ਢੀਂਡਸਾ ਅਤੇ ਬਲਵਿੰਦਰ ਸਿੰਘ ਭੂੰਦੜ ਸਮੇਤ ਬਿਹਾਰ ਤੋਂ ਕਾਂਗਰਸੀ ਸੰਸਦ ਮੈਂਬਰ ਸ੍ਰੀਮਤੀ ਰਣਜੀਤਾ ਰੰਜਨ ਵੱਲੋਂ ਸੰਸਦ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਗਿਆ। ਅਕਾਲੀ ਸੰਸਦ ਮੈਂਬਰਾਂ ਅਤੇ ਸ੍ਰੀਮਤੀ ਰਣਜੀਤਾ ਰੰਜਨ ਦਾ ਧਰਨੇ ਵਿੱਚ ਸ਼ਾਮਿਲ ਹੋਣ ਲਈ ਧੰਨਵਾਦ ਕਰਦਿਆਂ ਸ੍ਰੀ ਜਾਖੜ ਨੇ ਪੰਜਾਬ ਦੇ ਹੋਰਨਾਂ ਸੰਸਦ ਮੈਂਬਰਾਂ ਨੂੰ ਵੀ ਅਪੀਲ ਕੀਤੀ ਕਿ ਉਹ ਕੇਂਦਰ ਵੱਲੋਂ ਇਸ ਮੁੱਦੇ ’ਤੇ ਅਪਣਾਏ ਗਏ ਅੜੀਅਲ ਰਵੱਈਏ ਵਿਰੁੱਧ ਆਪਣੀ ਆਵਾਜ਼ ਬੁਲੰਦ ਕਰਨ। ਸ਼੍ਰੀ ਜਾਖੜ ਨੇ ਪੰਜਾਬੀਆਂ ਦੀਆਂ ਭਾਵਨਾਵਾਂ ਨੂੰ ਸਮਝਣ ਤੋਂ ਇਨਕਾਰੀ ਹੋਈ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਅਸੰਵੇਦਨਸ਼ੀਲਤਾ ’ਤੇ ਖੇਦ ਪ੍ਰਗਟ ਕੀਤਾ। ਉਨ੍ਹਾਂ ਕਿਹਾ ਕਿ ਸਿਰਫ਼ ਪੰਜਾਬ ਵਿੱਚ ਰਹਿੰਦੇ ਲੋਕ ਹੀ ਨਹੀਂ ਬਲਕਿ ਸੱਤ ਸਮੁੰਦਰੋਂ ਪਾਰ ਦੇਸ਼-ਵਿਦੇਸ਼ ਵਿੱਚ ਵੱਸਦੇ ਪੰਜਾਬੀ ਵੀ ਜਜ਼ਬਾਤੀ ਤੌਰ ’ਤੇ ਦਰਬਾਰ ਸਾਹਿਬ ਨਾਲ ਜੁੜੇ ਹੋਏ ਹਨ। ਉਨ੍ਹਾਂ ਕਿਹਾ ਕਿ ਜੇ ਲੰਗਰ ਤੋਂ ਜੀਐਸਟੀ ਹਟਾ ਦਿੱਤੀ ਜਾਂਦੀ ਤਾਂ ਸਰਕਾਰੀ ਖ਼ਜ਼ਾਨੇ ਨੂੰ ਮਾਮੂਲੀ ਰਕਮ ਦਾ ਫ਼ਰਕ ਪੈਣਾ ਸੀ ਪਰ ਇਸ ਨਾਲ ਜਿੱਥੇ ਲੋਕਾਂ ਦੀਆਂ ਭਾਵਨਾਵਾਂ ਅਤੇ ਜਜ਼ਬਾਤ ਦੀ ਕਦਰ ਹੋਣੀ ਸੀ ਉਥੇ ਇੱਕ ਮਹੱਤਵਪੂਰਨ ਸੰਦੇਸ਼ ਵੀ ਜਾਣਾ ਸੀ। ਉਨ੍ਹਾਂ ਕੇਂਦਰ ਸਰਕਾਰ ਅੱਗੇ ਆਪਣੀ ਅਪੀਲ ਦੁਹਰਾਉਂਦਿਆਂ    ਆਸ ਕੀਤੀ ਕਿ ਇਸ ਦਾ ਵਧੀਆ ਸਿੱਟਾ ਨਿਕਲੇਗਾ ਅਤੇ ਕੇਂਦਰ ਵੱਲੋਂ ਲੰਗਰ ਦੀਆਂ ਵਸਤਾਂ ਤੋਂ ਜੀਐਸਟੀ ਹਟਾ ਦਿੱਤਾ ਜਾਵੇਗਾ।