ਚੰਡੀਗੜ੍ਹ, ਅਦਾਲਤ ਨੇ ਹਰਿਆਣਾ ਭਾਜਪਾ ਦੇ ਪ੍ਰਧਾਨ ਸੁਭਾਸ਼ ਬਰਾਲਾ ਦੇ ‘ਕਾਕੇ’ ਵਿਕਾਸ ਬਰਾਲਾ ਅਤੇ ਉਸ ਦੇ ਸਾਥੀ ਅਸ਼ੀਸ਼ ਕੁਮਾਰ ਨੂੰ ਤੀਜੀ ਵਾਰ ਜ਼ਮਾਨਤ ਦੇਣ ਤੋਂ ਨਾਂਹ ਕਰ ਦਿੱਤੀ ਹੈ। ਕੇਸ ਦੀ ਅਗਲੀ ਸੁਣਵਾਈ 27 ਅਕਤੂਬਰ ਨੂੰ ਹੋਵੇਗੀ। ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਬਲਵਿੰਦਰ ਸਿੰਘ ਨੇ ਪਹਿਲਾਂ ਵੀ ਦੋ ਵਾਰ ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਸੀ। ਮੁਲਜ਼ਮਾਂ ਉਤੇ ਹਰਿਆਣਾ ਦੇ ਸੀਨੀਅਰ ਆਈਏਐਸ ਅਫ਼ਸਰ ਦੀ ਬੇਟੀ ਨੂੰ ਅਗਵਾ ਕਰਨ ਦਾ ਦੋਸ਼ ਹੈ। ਬਹਿਸ ਦੌਰਾਨ ਬਚਾਅ ਪੱਖ ਨੇ ਜ਼ਮਾਨਤ ਦੀ ਮੰਗ ਕਰਦਿਆਂ ਕਿਹਾ ਕਿ ਵਿਕਾਸ ਅਤੇ ਅਸ਼ੀਸ਼ ਖ਼ਿਲਾਫ਼ ਚਾਲਾਨ ਪੇਸ਼ ਹੋ ਚੁੱਕਾ ਹੈ ਅਤੇ ਦੋਸ਼ ਵੀ ਆਇਦ ਹੋ ਚੁੱਕੇ ਹਨ ਜਿਸ ਕਰਕੇ ਉਨ੍ਹਾਂ ਨੂੰ ਜੇਲ੍ਹ ਵਿੱਚ ਹੋਰ ਰੱਖਣ ਦੀ ਜ਼ਰੂਰਤ ਨਹੀਂ ਹੈ।