ਬਠਿੰਡਾ, 12 ਸਤੰਬਰ

ਪੰਜਾਬ ਦੇ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਭਗਵੰਤ ਮਾਨ ਸਰਕਾਰ ’ਤੇ ਦੋਸ਼ ਲਾਇਆ ਹੈ ਕਿ ਉਹ ਲੋਕਾਂ ਦੇ ਮਸਲੇ ਹੱਲ ਕਰਨ ਦੀ ਬਜਾਏ ਵਿਜੀਲੈਂਸ ਦੇ ਦਬਕੇ ਨਾਲ ਵਿਰੋਧੀਆਂ ਦੀ ਆਵਾਜ਼ ਬੰਦ ਕਰਨਾ ਚਾਹੁੰਦੀ ਹੈ ਪਰ ਇਸ ਤੋਂ ਕਾਂਗਰਸ ਲੀਡਰਸ਼ਿਪ ਡਰਨ ਵਾਲੀ ਨਹੀਂ ਹੈ ਸਗੋਂ ਉਹ ਪੰਜਾਬ ਦੇ ਮੁੱਦਿਆਂ ’ਤੇ ਡੱਟ ਕੇ ਆਵਾਜ਼ ਬੁਲੰਦ ਕਰੇਗੀ। ਉਨ੍ਹਾਂ ਪੰਜਾਬ ਵਿੱਚ ਲੋਕ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਨਾਲ ਕਾਂਗਰਸ ਦੇ ਗੱਠਜੋੜ ਬਾਰੇ ਪੁੱਛਣ ’ਤੇ ਕਿਹਾ ਕਿ ਇਸ ਸਬੰਧੀ ਪਾਰਟੀ ਵੱਲੋਂ ਹਾਲੇ ਤੱਕ ਕੋਈ ਫ਼ੈਸਲਾ ਨਹੀਂ ਲਿਆ ਗਿਆ ਹੈ।

ਜ਼ਿਲ੍ਹਾ ਕਾਂਗਰਸ ਬਠਿੰਡਾ (ਦਿਹਾਤੀ) ਦੀ ਇੱਥੇ ਕਾਂਗਰਸ ਭਵਨ ਵਿੱਚ ਜ਼ਿਲ੍ਹਾ ਪ੍ਰਧਾਨ ਖ਼ੁਸ਼ਬਾਜ਼ ਸਿੰਘ ਜਟਾਣਾ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ’ਚ ਪੁੱਜੇ ਆਸ਼ੂ ਨੇ ਅੱਗੇ ਕਿਹਾ ਕਿ ਪੰਜਾਬ ਦੇ ਲੋਕ ‘ਆਪ’ ਸਰਕਾਰ ਤੋਂ ਦੁਖੀ ਹਨ ਅਤੇ ਇਸ ਦੇ ਮੁਕਾਬਲੇ ਕਾਂਗਰਸ ਦਾ ਜਨ ਆਧਾਰ ਵਧ ਰਿਹਾ ਹੈ। ਉਨ੍ਹਾਂ ਦੱਸਿਆ ਕਿ ਆਗਾਮੀ ਲੋਕ ਸਭਾ ਚੋਣਾਂ ਲਈ ਕਾਂਗਰਸ ਪਾਰਟੀ ਵੱਲੋਂ ਸਾਫ਼ ਅਕਸ ਵਾਲੇ ਉਮੀਦਵਾਰਾਂ ਨੂੰ ਅੱਗੇ ਲਿਆਂਦਾ ਜਾਵੇਗਾ। ਜ਼ਿਲ੍ਹਾ ਪ੍ਰਧਾਨ ਖੁਸ਼ਬਾਜ਼ ਸਿੰਘ ਜਟਾਣਾ ਨੇ ਦਾਅਵਾ ਕੀਤਾ ਕਿ ਕਾਂਗਰਸ ਲੋਕ ਸਭਾ ਚੋਣਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰੇਗੀ, ਇਸ ਲਈ ਵਰਕਰਾਂ ’ਚ ਹੁਣ ਤੋਂ ਹੀ ਉਤਸ਼ਾਹ ਹੈ। ਸ੍ਰੀ ਆਸ਼ੂ ਵੱਲੋਂ ਇਸ ਮੌਕੇ ਨਵ-ਨਿਯਕਤ ਕਾਂਗਰਸੀ ਅਹੁਦੇਦਾਰਾਂ ਨੂੰ ਸ਼ਨਾਖ਼ਤੀ ਪੱਤਰ ਦਿੱਤੇ ਗਏ। ਮੀਟਿੰਗ ਵਿੱਚ ਜ਼ਿਲ੍ਹਾ ਕਾਂਗਰਸ (ਸ਼ਹਿਰੀ) ਦੇ ਪ੍ਰਧਾਨ ਰਾਜਨ ਗਰਗ, ਕਿਰਨਜੀਤ ਸਿੰਘ ਗਹਿਰੀ, ਕਿਰਨਦੀਪ ਕੌਰ ਵਿਰਕ, ਰੁਪਿੰਦਰ ਬਿੰਦਰਾ, ਰਣਜੀਤ ਸਿੰਘ ਸੰਧੂ, ਲਖਵਿੰਦਰ ਸਿੰਘ ਲੱਖੀ ਤੇ ਅੰਮ੍ਰਿਤਾ ਗਿੱਲ ਵੀ ਮੌਜੂਦ ਸਨ।