ਚੰਡੀਗੜ੍ਹ, 29 ਅਕਤੂਬਰ: ਸਮਾਜ ਵਿੱਚੋਂ ਭ੍ਰਿਸ਼ਟਾਚਾਰ ਦੇ ਖਾਤਮੇ ਲਈ ਪੰਜਾਬ ਵਿਜੀਲੈਂਸ ਬਿਓਰੋ ਵੱਲੋਂ ਅੱਜ ਪੰਜਾਬ ਵਿਜੀਲੈਂਸ ਭਵਨ, ਐਸ.ਏ.ਐਸ ਨਗਰ ਵਿਖੇ ਵਿਜੀਲੈਂਸ ਜਾਗਰੂਕਤਾ ਹਫ਼ਤਾ ਮਨਾਇਆ ਗਿਆ ਜਿਥੇ ਏ.ਡੀ.ਜੀ.ਪੀ.-ਕਮ-ਚੀਫ਼ ਡਾਇਰੈਕਟਰ ਵਿਜੀਲੈਂਸ ਬਿਓਰੋ ਬੀ.ਕੇ. ਉੱਪਲ ਨੇ ਸਾਰੇ ਅਧਿਕਾਰੀਆਂ ਨੂੰ ਸੂਬੇ ਵਿੱਚੋਂ ਭ੍ਰਿਸ਼ਟਾਚਾਰ ਦੇ ਖਾਤਮੇ ਦੀ ਸਹੁੰ ਚੁਕਾਈ।

ਅਧਿਕਾਰੀਆਂ ਤੇ ਕਰਮਚਾਰੀਆਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਵਿਜੀਲੈਂਸ ਬਿਓਰੋ ਦੇ ਚੀਫ਼ ਡਾਇਰੈਕਟਰ ਨੇ ਕਿਹਾ ਕਿ ਲੋਕਾਂ ਨੂੰ ਉਹਨਾਂ ਦੇ ਅਧਿਕਾਰਾਂ ਪ੍ਰਤੀ ਜਾਗਰੂਕ ਕਰਨਾ ਸਾਡੀ ਨੈਤਿਕ ਡਿਊਟੀ ਹੈ। ਉਹਨਾਂ ਕਿਹਾ ਕਿ ਮੌਜੂਦਾ ਸੰਦਰਭ ਵਿਚ ਸਾਡੀ ਜਿੰਮੇਵਾਰੀ ਵਿੱਚ ਵਾਧਾ ਹੋਇਆ ਹੈ ਅਤੇ ਸਾਨੂੰ ਇਸ ਚੁਣੌਤੀ ਨੂੰ ਪਾਰਦਰਸ਼ਤਾ, ਜਵਾਬਦੇਹੀ ਅਤੇ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਦੀ ਨੀਤੀ ਪ੍ਰਤੀ ਲੋਕ ਜਾਗਰੂਕਤਾ ਪੈਦਾ ਕਰਨ ਦੇ ਇੱਕ ਅਵਸਰ ਵਜੋਂ ਵਰਤਣਾ ਚਾਹੀਦਾ ਹੈ।

ਉਹਨਾਂ ਦੱਸਿਆ ਕਿ ਨੌਜਵਾਨਾਂ ਨੂੰ ਭ੍ਰਿਸ਼ਟਾਚਾਰ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਬਿਓਰੋ ਵੱਲੋਂ ਇਸ ਹਫ਼ਤੇ ਦੌਰਾਨ ਸੂਬੇ ਭਰ ਵਿੱਚ ਖ਼ਾਸਕਰ ਵਿਦਿਅਕ ਸੰਸਥਾਵਾਂ ਵਿੱਚ ਜਾਗਰੂਕਤਾ ਮੁਹਿੰਮ ਚਲਾਈ ਜਾਵੇਗੀ। ਇਸ ਦੇ ਨਾਲ ਹੀ ਸਰਕਾਰੀ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਦੀ ਰੋਕਥਾਮ ਲਈ ਸੂਬਾ ਵਿਜੀਲੈਂਸ ਬਿਓਰੋ ਵੱਲੋਂ ਕੀਤੇ ਜਾ ਰਹੇ ਯਤਨਾਂ ਪ੍ਰਤੀ ਲੋਕਾਂ ਨੂੰ ਜਾਣੂ ਕਰਵਾਇਆ ਜਾਵੇਗਾ। ਉਹਨਾਂ ਕਿਹਾ ਕਿ ਇਸ ਹਫਤੇ ਦੌਰਾਨ, ਵਿਜੀਲੈਂਸ ਬਿਓਰੋ ਭਾਸ਼ਨ ਅਤੇ ਮੁਕਾਬਲਿਆਂ ਰਾਹੀਂ ਵਿਦਿਆਰਥੀਆਂ ਨਾਲ ਜੁੜੇਗਾ ਤਾਂ ਜੋ ਇਸ ਬੁਰਾਈ ਵਿਰੁੱਧ ਦ੍ਰਿੜਤਾ ਨਾਲ ਖੜੇ ਹੋਣ ਲਈ ਉਨ੍ਹਾਂ ਨੂੰ ਮਜ਼ਬੂਤ ਬਣਾਇਆ ਜਾ ਸਕੇ।

ਵਿਜੀਲੈਂਸ ਬਿਓਰੋ ਦੇ ਮੁਖੀ ਨੇ ਅੱਗੇ ਕਿਹਾ ਕਿ ਵਿਜੀਲੈਂਸ ਜਾਗਰੂਕਤਾ ਹਫ਼ਤਾ “ਇਮਾਨਦਾਰੀ – ਜੀਵਨ ਦਾ ਇਕ ਰਾਹ’ ਦੇ ਵਿਸ਼ੇ ਨਾਲ ਮਨਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਹਫਤੇ ਦੌਰਾਨ ਸਾਡਾ ਧਿਆਨ ਭ੍ਰਿਸ਼ਟਾਚਾਰ ਦੀ ਰੋਕਥਾਮ ਅਤੇ ਸਮਾਜ ਵਿੱਚ ਜਾਗਰੂਕਤਾ ਪੈਦਾ ਕਰਨ ਵੱਲ ਹੋਵੇਗਾ। ਉਹਨਾਂ ਦੱਸਿਆ ਕਿ ਇਸ ਤੋਂ ਇਲਾਵਾ, ਵਿਜੀਲੈਂਸ ਬਿਓਰੋ ਉਨ੍ਹਾਂ ਸਮੂਹਾਂ ਦੀ ਪਛਾਣ ਕਰੇਗਾ ਜਿਨ੍ਹਾਂ ਨੂੰ ਆਮ ਤੌਰ ‘ਤੇ ਭ੍ਰਿਸ਼ਟਾਚਾਰ ਵਿੱਚ ਸ਼ਾਮਲ ਹੋਣ ਲਈ ਜ਼ਿੰਮੇਵਾਰ ਠਹਿਰਾਇਆ ਗਿਆ ਸੀ ਅਤੇ ਉਨ੍ਹਾਂ ਦੇ ਕੰਮਕਾਜ ਦੇ ਢੰਗ ਵਿਚ ਬਦਲਾਅ ਲਿਆਉਣ ਲਈ ਉਨ੍ਹਾਂ ਦਾ ਮਾਰਗ ਦਰਸ਼ਨ ਕਰੇਗਾ।