ਕਾਠਮੰਡੂ, 17 ਅਪਰੈਲ
ਪ੍ਰਧਾਨ ਮੰਤਰੀ ਪੁਸ਼ਪ ਕਮਲ ਦਾਹਲ ‘ਪ੍ਰਚੰਡ’ ਨੇ ਅੱਜ ਇੱਥੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਵਿਦੇਸ਼ ਰਹਿੰਦੇ ਨੇਪਾਲੀ ਨਾਗਰਿਕਾਂ ਨੂੰ ਵੋਟ ਦਾ ਅਧਿਕਾਰ ਦੇਣ ਲਈ ਜ਼ਰੂਰੀ ਪ੍ਰਬੰਧ ਯਕੀਨੀ ਬਣਾਵੇਗੀ। ਦੇਸ਼ ਦੇ ਵਿਦੇਸ਼ੀ ਰੁਜ਼ਗਾਰ ਵਿਭਾਗ ਨੇ ਦੱਸਿਆ ਕਿ 2021 ਵਿੱਚ 6.50 ਲੱਖ ਨੇਪਾਲੀ ਨਾਗਰਿਕ ਰੁਜ਼ਗਾਰ ਦੀ ਭਾਲ ਵਿੱਚ ਪਰਵਾਸ ਕਰ ਗਏ ਹਨ। ਪ੍ਰਧਾਨ ਮੰਤਰੀ ਪ੍ਰਚੰਡ ਨੇ ਸ਼ੁੱਕਰਵਾਰ ਨੂੰ ਸੀਪੀਐਨ (ਮਾਓਵਾਦੀ ਕੇਂਦਰ) ਮਾਈਗ੍ਰੇਸ਼ਨ ਕੋਆਰਡੀਨੇਸ਼ਨ ਕਮੇਟੀ ਦੇ ਇੱਕ ਵਰਚੁਅਲ ਸਮਾਗਮ ਨੂੰ ਸੰਬੋਧਨ ਕਰਦਿਆਂ ਕਿਹਾ, ‘‘ਵਿਦੇਸ਼ ਰਹਿੰਦੇ ਨੇਪਾਲੀ ਨਾਗਰਿਕਾਂ ਨੂੰ ਵੋਟ ਦਾ ਅਧਿਕਾਰ ਦੇਣ ਲਈ ਪ੍ਰਬੰਧ ਕੀਤੇ ਜਾਣਗੇ।’’ ਮਾਈ ਰਿਪਬਲਿਕਾ ਅਖ਼ਬਾਰ ਦੀ ਖ਼ਬਰ ਅਨੁਸਾਰ ਉਨ੍ਹਾਂ ਕਿਹਾ ਕਿ ਸਰਕਾਰ ਦੇ ਇਸ ਕਦਮ ਨਾਲ ਲੱਖਾਂ ਪਰਵਾਸੀਆਂ ਨੂੰ ਫਾਇਦਾ ਹੋਵੇਗਾ ਅਤੇ ਉਹ ਆਪਣੀ ਵੋਟ ਪਾ ਸਕਣਗੇ। ਪ੍ਰਧਾਨ ਮੰਤਰੀ ਨੇ ਕਿਹਾ ਕਿ ਵਿਦੇਸ਼ਾਂ ਵਿੱਚ ਰਹਿ ਰਹੇ ਨੇਪਾਲੀਆਂ ਵੱਲੋਂ ਭੇਜੇ ਗਏ ਪੈਸੇ ਨੇ ਦੇਸ਼ ਦੇ ਵਿਦੇਸ਼ੀ ਮੁਦਰਾ ਭੰਡਾਰ ਵਿੱਚ ਵਾਧਾ ਕੀਤਾ ਹੈ। ਨੇਪਾਲ ਸਰਕਾਰ ਦੇ ਅਨੁਮਾਨਾਂ ਅਨੁਸਾਰ ਦੇਸ਼ ਦੀ ਰਾਸ਼ਟਰੀ ਆਮਦਨ ਦਾ ਇੱਕ ਚੌਥਾਈ ਹਿੱਸਾ ਵਿਦੇਸ਼ਾਂ ਤੋਂ ਭੇਜੇ ਗਏ ਧਨ ਦਾ ਹੈ। ਪਿਛਲੇ ਕੁੱਝ ਸਾਲਾਂ ਤੋਂ ਵਿਦੇਸ਼ੀ ਨੇਪਾਲੀਆਂ ਵੱਲੋਂ ਭੇਜੀ ਗਈ ਰਕਮ ਨੇ ਦੇਸ਼ ਦੇ ਆਰਥਿਕ ਅਤੇ ਸਮਾਜਿਕ ਵਿਕਾਸ ਵਿੱਚ ਯੋਗਦਾਨ ਪਾਇਆ ਹੈ।