ਚੰਡੀਗੜ੍ਹ, 23 ਜੂਨ- ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਦੇ ਲੰਘੇ ਵਿਸ਼ੇਸ਼ ਸੈਸ਼ਨ ਦੌਰਾਨ ਪਾਸ ਕੀਤੇ ਚਾਰ ਬਿੱਲਾਂ ’ਤੇ ਦਸਤਖ਼ਤ ਕਰਕੇ ਉਨ੍ਹਾਂ ਨੂੰ ਕਾਨੂੰਨੀ ਮਸ਼ੀਰ ਕੋਲ ਭੇਜ ਦਿੱਤਾ ਹੈ ਤਾਂ ਜੋ ਰਾਜਪਾਲ ਕੋਲ ਇਨ੍ਹਾਂ ਬਿੱਲਾਂ ਨੂੰ ਭੇਜਣ ਤੋਂ ਪਹਿਲਾਂ ਕਾਨੂੰਨੀ ਮਸ਼ੀਰ ਤੋਂ ਘੋਖ ਕਰਾ ਲਈ ਜਾਵੇ। ਚੇਤੇ ਰਹੇ ਕਿ ਪੰਜਾਬ ਵਿਧਾਨ ਸਭਾ ਵੱਲੋਂ ਸਿੱਖ ਗੁਰਦੁਆਰਾ ਸੋਧ ਬਿੱਲ-2023, ਪੰਜਾਬ ਪੁਲੀਸ ਸੋਧ ਬਿੱਲ -2023, ਪੰਜਾਬ ਐਫੀਲੀਏਟਿਡ ਕਾਲਜ (ਸੇਵਾਵਾਂ ਦੀ ਸੁਰੱਖਿਆ), 2023 ਅਤੇ ਪੰਜਾਬ ਯੂਨੀਵਰਸਿਟੀਜ਼ ਲਾਅਜ਼ ਸੋਧ ਬਿੱਲ 2023 ਪਾਸ ਕੀਤਾ ਗਿਆ ਸੀ। ਪਤਾ ਲੱਗਾ ਹੈ ਕਿ ਪੰਜਾਬ ਵਿਧਾਨ ਸਭਾ ਵੱਲੋਂ ਦਿਹਾਤੀ ਵਿਕਾਸ ਫੰਡਾਂ ਨੂੰ ਲੈ ਕੇ ਕੇਂਦਰ ਖ਼ਿਲਾਫ਼ ਪਾਸ ਕੀਤਾ ਮਤਾ ਵੀ ਅੱਜ ਮੁੱਖ ਸਕੱਤਰ ਨੂੰ ਭੇਜ ਦਿੱਤਾ ਗਿਆ ਹੈ ਤਾਂ ਜੋ ਇਸ ਮਤੇ ਨੂੰ ਅੱਗੇ ਕੇਂਦਰ ਸਰਕਾਰ ਨੂੰ ਭੇਜਿਆ ਜਾ ਸਕੇ।