ਚੰਡੀਗੜ੍ਹ, 15 ਅਗਸਤ
ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਪੰਜਾਬ ਵਿਧਾਨ ਸਭਾ ਦੇ ਆਗਾਮੀ ਸੈਸ਼ਨ ਦੌਰਾਨ ਪੰਜ ਦਿਨਾਂ ਦੇ ਵਿਸ਼ੇਸ਼ ਸੈਸ਼ਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਪੰਜ ਦਿਨਾਂ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਬਹਿਬਲ ਕਲਾਂ ਗੋਲੀ ਕਾਂਡ, ਪੰਜਾਬ ਦੇ ਨੌਜਵਾਨਾਂ ਉੱਤੇ ਬੇਰੁਜ਼ਗਾਰੀ ਅਤੇ ਡਰੱਗ ਮਾਫ਼ੀਆ ਦੀ ਮਾਰ, ਰਸੂਖ਼ਦਾਰ ਲੋਕਾਂ ਅਤੇ ਸਰਕਾਰੀ ਨਾਕਾਮੀਆਂ ਕਾਰਨ ਪ੍ਰਦੂਸ਼ਿਤ ਹੋ ਰਹੇ ਦਰਿਆ ਅਤੇ ਕੁਦਰਤੀ ਸਰੋਤਾਂ, ਕਿਸਾਨ-ਮਜ਼ਦੂਰਾਂ ਦੀਆਂ ਖੁਦਕੁਸ਼ੀਆਂ ਸਮੇਤ ਦਲਿਤ ਸਮਾਜ ਨਾਲ ਸਬੰਧਤ ਮੁੱਦਿਆਂ ਦੇ ਸਾਰਥਿਕ ਹੱਲ ਲਈ ਇੱਕ-ਇੱਕ ਦਿਨ ਸੰਜੀਦਾ ਬਹਿਸ ਨੂੰ ਸਮਰਪਿਤ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਇੱਕ ਦਿਨ ਦਾ ਸੈਸ਼ਨ ਪੰਜਾਬ ਦੀਆਂ ਦਹਾਕਿਆਂ ਤੋਂ ਲਟਕਦੀ ਆ ਰਹੀ ਰਾਜਧਾਨੀ, ਪੰਜਾਬੀ ਬੋਲਦੇ ਇਲਾਕਿਆਂ ਅਤੇ ਪੰਜਾਬ ਦੇ ਦਰਿਆਈ ਪਾਣੀਆਂ ਵਰਗੇ ਰਵਾਇਤੀ ਮੁੱਦਿਆਂ ਲਈ ਰਾਖਵਾਂ ਰੱਖਣ ਦੀ ਮੰਗ ਕੀਤੀ ਤਾਂ ਕਿ ਇਨ੍ਹਾਂ ਸਾਰੇ ਸੰਵੇਦਨਸ਼ੀਲ ਮੁੱਦਿਆਂ ਉੱਤੇ ਪੰਜਾਬ ਵਿਧਾਨ ਸਭਾ ’ਚ ਸਾਰੀਆਂ ਪਾਰਟੀਆਂ ਆਪੋ-ਆਪਣਾ ਸਟੈਂਡ ਸਪਸ਼ਟ ਕਰ ਸਕਣ। ਸ੍ਰੀ ਚੀਮਾ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਬਹਿਬਲ ਕਲਾਂ ਦੀਆਂ ਘਟਨਾਵਾਂ ਉੱਤੇ ਕੈਪਟਨ ਸਰਕਾਰ ਦੀ ਪੈਰਵਾਈ ਵੀ ਪਿਛਲੀ ਬਾਦਲ ਸਰਕਾਰ ਦੀ ਤਰ੍ਹਾਂ ਸ਼ੱਕ ਅਤੇ ਸ਼ੰਕੇ ਪੈਦਾ ਕਰ ਰਹੀ ਹੈ। ਇਸੇ ਤਰ੍ਹਾਂ ਵੱਡੇ ਪਲੀਤ ਕੀਤੇ ਜਾ ਰਹੇ ਦਰਿਆਈ ਪਾਣੀ ਨੂੰ ਲੈ ਕੇ ਸੈਸ਼ਨ ਦਾ ਇੱਕ ਦਿਨ ਵਾਤਾਵਰਨ ਨੂੰ ਸਮਰਪਿਤ ਕੀਤਾ ਜਾਵੇ। ਉਨ੍ਹਾਂ ਕੈਪਟਨ ਸਰਕਾਰ ਦੇ ਚੋਣ ਵਾਅਦੇ ਅਤੇ ਕਿਸਾਨਾਂ ਤੇ ਖੇਤ ਮਜ਼ਦੂਰਾਂ ਸਿਰ ਭਾਰੀ ਹੋ ਰਹੀ ਕਰਜ਼ ਦੀ ਪੰਡ ਨੂੰ ਲਗਾਤਾਰ ਵੱਧ ਰਹੀਆਂ ਆਤਮ ਹੱਤਿਆਵਾਂ ਦਾ ਮੁੱਖ ਕਾਰਨ ਦੱਸਿਆ। ਉਨ੍ਹਾਂ ਕਿਹਾ ਕਿ ਪਿਛਲੇ 30 ਦਿਨਾਂ ’ਚ 34 ਕਿਸਾਨਾਂ ਤੇ ਮਜ਼ਦੂਰਾਂ ਦੀਆਂ ਆਤਮ ਹੱਤਿਆਵਾਂ ਦੀਆਂ ਰਿਪੋਰਟਾਂ ਨਜ਼ਰਅੰਦਾਜ਼ ਨਹੀਂ ਕੀਤੀਆਂ ਜਾ ਸਕਦੀਆਂ। ਇਸ ਲਈ ਜਿੱਥੇ ਕੈਪਟਨ ਸਰਕਾਰ ਵੱਲੋਂ ਹੁਣ ਤੱਕ ਉਠਾਏ ਗਏ ਕਦਮਾਂ ਦਾ ਹਿਸਾਬ ਮੰਗਿਆ ਜਾਵੇਗਾ।