ਤਲਵੰਡੀ ਸਾਬੋ, 6 ਅਪਰੈਲ
ਤਖ਼ਤ ਦਮਦਮਾ ਸਾਹਿਬ, ਤਲਵੰਡੀ ਸਾਬੋ ਵਿਖੇ 14 ਅਪਰੈਲ ਨੂੰ ਲੱਗਣ ਵਾਲੇ ਵਿਸਾਖੀ ਮੇਲੇ ਮੌਕੇ ਆਮ ਆਦਮੀ ਪਾਰਟੀ ਵੱਲੋਂ ਸਿਆਸੀ ਕਾਨਫਰੰਸ ਨਹੀਂ ਕੀਤੀ ਜਾਵੇਗੀ ਪਰ ਪਾਰਟੀ ਆਗੂ ਤਖ਼ਤ ਸਾਹਿਬ ਵਿਖੇ ਮੱਥਾ ਟੇਕਣਗੇ।
ਇਹ ਫੈਸਲਾ ਅੱਜ ਪਾਰਟੀ ਦੇ ਵਿਧਾਇਕਾਂ ਅਤੇ ਸੀਨੀਅਰ ਆਗੂਆਂ ਦੀ ਇੱਥੇ ਕਮਿਊਨਿਟੀ ਸੈਂਟਰ ਵਿੱਚ ਹੋਈ ਮੀਟਿੰਗ ਵਿੱਚ ਲਿਆ ਗਿਆ। ਆਮ ਆਦਮੀ ਪਾਰਟੀ ਦੀ ਮੀਟਿੰਗ ਪਾਰਟੀ ਦੇ ਸੂਬਾ ਸਹਿ ਪ੍ਰਧਾਨ ਡਾ. ਬਲਬੀਰ ਸਿੰਘ ਦੀ ਅਗਵਾਈ ਵਿੱਚ ਅੱਜ ਇਥੇ ਕਮਿਊਨਿਟੀ ਸੈਂਟਰ ਵਿੱਚ ਹੋਈ। ਇਸ ਵਿੱਚ ਸੂਬਾਈ ਜਨਰਲ ਸਕੱਤਰ ਜਰਨੈਲ ਸਿੰਘ ਮਨੂ, ਮਹਿਲਾ ਵਿੰਗ ਦੀ ਸੂਬਾ ਕਨਵੀਨਰ ਤੇ ਹਲਕਾ ਵਿਧਾਇਕਾ ਪ੍ਰੋ. ਬਲਜਿੰਦਰ ਕੌਰ, ਵਿਧਾਇਕ ਰੁਪਿੰਦਰ ਕੌਰ ਰੂਬੀ, ਬੁੱਧ ਰਾਮ ਬੁਢਲਾਡਾ, ਨਾਜਰ ਸਿੰਘ ਮਾਨਸ਼ਾਹੀਆ, ਅਨਿਲ ਠਾਕੁਰ ਤੇ ਦਲਬੀਰ ਸਿੰਘ ਢਿੱਲੋਂ ਦੋਵੇਂ ਪ੍ਰਧਾਨ ਮਾਲਵਾ ਜ਼ੋਨ, ਪਰਮਜੀਤ ਸੱਚਦੇਵਾ, ਪ੍ਰਧਾਨ ਦੋਆਬਾ ਜ਼ੋਨ, ਗੁਰਦਿੱਤ ਸਿੰਘ ਸੇਖੋਂ ਪ੍ਰਧਾਨ ਜ਼ੋਨ-2, ਕੁਲਦੀਪ ਸਿੰਘ ਧਾਲੀਵਾਲ ਪ੍ਰਧਾਨ ਮਾਝਾ ਜ਼ੋਨ ਅਤੇ ਹੋਰ ਆਗੂ ਸ਼ਾਮਲ ਹੋਏ।
ਮੀਟਿੰਗ ਵਿੱਚ ਪਹਿਲਾਂ ਗਿਲੇ-ਸ਼ਿਕਵੇ ਦੂਰ ਕੀਤੇ ਗਏ ਅਤੇ ਫਿਰ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਹੇਠਲੇ ਪੱਧਰ ਤੱਕ ਮਜ਼ਬੂਤ ਕਰਨ ਲਈ ਵਿਚਾਰ-ਵਟਾਂਦਰਾ ਹੋਇਆ। ਇਸ ਮੌਕੇ ਤਲਵੰਡੀ ਸਾਬੋ ਵਿਖੇ 14 ਅਪਰੈਲ ਨੂੰ ਲੱਗਣ ਵਾਲੇ ਵਿਸਾਖੀ ਮੇਲੇ ਮੌਕੇ ਪਾਰਟੀ ਵੱਲੋਂ ਕਾਨਫਰੰਸ ਕਰਨ ਬਾਰੇ ਸਲਾਹ-ਮਸ਼ਵਰਾ ਹੋਇਆ। ਆਗੂਆਂ ਨੇ ਕਿਹਾ ਕਿ ਧਾਰਮਿਕ ਮੇਲਿਆਂ ਮੌਕੇ ਕੀਤੀਆਂ ਜਾਂਦੀਆਂ ਸਿਆਸੀ ਕਾਨਫਰੰਸਾਂ ਵਿੱਚ ਲੀਡਰਾਂ ਵੱਲੋਂ ਵਿਰੋਧੀਆਂ ਖ਼ਿਲਾਫ਼ ਦੂਸ਼ਣਬਾਜ਼ੀ ਕਰਨ ਸਮੇਂ ਧਾਰਮਿਕ ਮਰਿਆਦਾ ਦਾ ਖਿਆਲ ਨਹੀਂ ਰੱਖਿਆ ਜਾਂਦਾ। ਇਸ ਲਈ ਆਮ ਆਦਮੀ ਪਾਰਟੀ ਵਿਸਾਖੀ ਮੇਲੇ ਦੀ ਧਾਰਮਿਕ ਮਹੱਤਤਾ ਨੂੰ ਕਾਇਮ ਰੱਖਦਿਆਂ ਆਪਣੀ ਸਿਆਸੀ ਕਾਨਫਰੰਸ ਨਹੀਂ ਕਰੇਗੀ। ਪਾਰਟੀ ਵਿਧਾਇਕ ਤੇ ਲੀਡਰਸ਼ਿਪ ਵਿਸਾਖੀ ਵਾਲੇ ਦਿਨ 14 ਅਪਰੈਲ ਨੂੰ ਆਮ ਸ਼ਰਧਾਲੂਆਂ ਦੀ ਤਰ੍ਹਾਂ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ ਹੋਵੇਗੀ। ਮੀਟਿੰਗ ਵਿੱਚ ਪਾਰਟੀ ਵੱਲੋਂ ਵਿਸਾਖੀ ਮੇਲੇ ਵਿੱਚ ਠੰਢੇ-ਮਿੱਠੇ ਜਲ ਦੀਆਂ ਛਬੀਲਾਂ ਅਤੇ ਖੂਨਦਾਨ ਕੈਂਪ ਲਾਉਣ ਸਬੰਧੀ ਵੀ ਵਿਚਾਰਾਂ ਹੋਈਆਂ।