ਅਮਰੀਕਾ ਤੋਂ ਇਕ ਬੇਹੱਦ ਸਨਸਨੀਖੇਜ਼ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੋਂ ਦੇ ਕੈਲੀਫੌਰਨੀਆ ਦੇ ਟਰਲਾਕ ਸਥਿਤ ਗੁਰਦੁਆਰਾ ਸਾਹਿਬ ਦੇ ਅੰਦਰ ਇਕ ਵਿਅਕਤੀ ਨੇ ਗੋਲ਼ੀ ਮਾਰ ਕੇ ਖ਼ੁਦਕੁਸ਼ੀ ਕਰ ਲਈ ਹੈ। ਜਾਣਕਾਰੀ ਮੁਤਾਬਕ ਸਵੇਰੇ ਕਰੀਬ ਸਵਾ 9 ਵਜੇ ਟਰਲਾਕ ਪੁਲਸ ਨੂੰ ਇਕ ਵਿਅਕਤੀ ਨੇ ਫ਼ੋਨ ਕਰ ਕੇ ਸੂਚਨਾ ਦਿੱਤੀ ਸੀ ਕਿ ਕਿਸੇ ਵਿਅਕਤੀ ਨੇ ਗੁਰਦੁਆਰਾ ਸਾਹਿਬ ਦੇ ਅਰਦਾਸ ਹਾਲ ‘ਚ ਖ਼ੁਦ ਨੂੰ ਗੋਲ਼ੀ ਮਾਰ ਲਈ ਹੈ, ਜਿਸ ਕਾਰਨ ਉਸ ਦੀ ਮੌਤ ਹੋ ਗਈ ਹੈ।
ਇਸ ਸੂਚਨਾ ‘ਤੇ ਤੁਰੰਤ ਕਾਰਵਾਈ ਕਰਦਿਆਂ ਟਰਲਾਕ ਪੁਲਸ ਟਰਲਾਕ ਦੀ 5ਵੀਂ ਸਟ੍ਰੀਟ ਦੇ 1300 ਬਲਾਕ ਸਥਿਤ ਗੁਰਦੁਆਰਾ ਸਾਹਿਬ ਵਿਖੇ ਫਾਇਰ ਬ੍ਰਿਗੇਡ ਤੇ ਮੈਡੀਕਲ ਟੀਮਾਂ ਸਣੇ ਮੌਕੇ ‘ਤੇ ਪਹੁੰਚ ਗਈਆਂ ਹਨ।

ਇਸ ਮਗਰੋਂ ਪੁਲਸ ਅਧਿਕਾਰੀਆਂ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਕੀਤੀ ਤਾਂ ਵਿਅਕਤੀ ਨੂੰ ਮ੍ਰਿਤਕ ਐਲਾਨ ਦਿੱਤਾ। ਵਾਰਦਾਤ ਦੌਰਾਨ ਵਰਤਿਆ ਗਿਆ ਹਥਿਆਰ ਵੀ ਬਰਾਮਦ ਕਰ ਲਿਆ ਗਿਆ ਹੈ। ਫਿਲਹਾਲ ਪੁਲਸ ਮ੍ਰਿਤਕ ਦੀ ਪਛਾਣ ਕਰਨ ਦੀਆਂ ਕੋਸ਼ਿਸ਼ਾਂ ‘ਚ ਜੁਟੀ ਹੋਈ ਹੈ। ਇਲਾਕੇ ਦੀ ਘੇਰਾਬੰਦੀ ਕਰ ਲਈ ਹੈ ਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਪੁਲਸ ਵੱਲੋਂ ਸ਼ੁਰੂ ਕਰ ਦਿੱਤੀ ਗਈ ਹੈ।