ਅੰਮ੍ਰਿਤਸਰ, 19 ਅਗਸਤ

ਗੁਰੂ ਗ੍ਰੰਥ ਸਾਹਿਬ ਦਾ ਪਹਿਲਾ ਪ੍ਰਕਾਸ਼ ਪੁਰਬ ਅੱਜ ਇਥੇ ਹਰਿਮੰਦਰ ਸਾਹਿਬ ਵਿਖੇ ਸ਼੍ਰੋਮਣੀ ਕਮੇਟੀ ਵੱਲੋਂ ਸੰਗਤ ਦੇ ਸਹਿਯੋਗ ਨਾਲ ਸ਼ਰਧਾ ਨਾਲ਼ ਮਨਾਇਆ ਜਾ ਰਿਹਾ। ਇਸ ਸਬੰਧ ਵਿੱਚ ਅੱਜ ਸਵੇਰੇ ਗੁਰਦੁਆਰਾ ਰਾਮਸਰ ਤੋਂ ਨਗਰ ਕੀਰਤਨ ਸਜਾਇਆ ਗਿਆ, ਜੋ ਹਰਿਮੰਦਰ ਸਾਹਿਬ ਵਿਖੇ ਸੰਪੰਨ ਹੋਇਆ ਹੈ।

ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੇ ਪਾਵਨ ਸਰੂਪ ਨੂੰ ਹਰਿਮੰਦਰ ਸਾਹਿਬ ਤੱਕ ਲਿਆਉਣ ਦੀ ਸੇਵਾ ਨਿਭਾਈ। ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ। ਸ਼੍ਰੋਮਣੀ ਕਮੇਟੀ ਦੇ ਅਧਿਕਾਰੀ ਤੇ ਅਹੁਦੇਦਾਰ ਵੀ ਹਾਜ਼ਰ ਸਨ। ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਹਰਿਮੰਦਰ ਸਾਹਿਬ, ਅਕਾਲ ਤਖ਼ਤ ਅਤੇ ਗੁਰਦੁਆਰਾ ਅਟੱਲ ਰਾਏ ਵਿਖੇ ਸੁੰਦਰ ਜਲੌਅ ਵੀ ਸਜਾਏ ਗਏ ਹਨ। ਹਰਿਮੰਦਰ ਸਾਹਿਬ ਅਤੇ ਹੋਰ ਇਮਾਰਤਾਂ ਤੇ ਅੱਜ ਫੁੱਲਾਂ ਨਾਲ ਸੁੰਦਰ ਸਜਾਵਟ ਵੀ ਕੀਤੀ ਗਈ ਹੈ।

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਅੱਜ ਜ਼ਿਲ੍ਹੇ ਵਿੱਚ ਛੁੱਟੀ ਦਾ ਵੀ ਐਲਾਨ ਕੀਤਾ ਹੈ। ਸ਼੍ਰੋਮਣੀ ਕਮੇਟੀ ਵੱਲੋਂ ਅੱਜ ਦਾ ਇਹ ਨਗਰ ਕੀਰਤਨ ਭਾਵੇਂ ਸੰਕੇਤਕ ਰੂਪ ਵਿੱਚ ਸਜਾਉਣ ਦਾ ਐਲਾਨ ਕੀਤਾ ਗਿਆ ਸੀ ਪਰ ਵੱਡੀ ਗਿਣਤੀ ਵਿੱਚ ਸੰਗਤਾਂ ਪੁੱਜੀਆਂ ਹੋਈਆਂ ਸਨ। ਕੁਝ ਸੰਗਤਾਂ ਨੇ ਮਾਸਕ ਪਾਏ ਹੋਏ ਸਨ। ਰਾਤ ਨੂੰ ਦੀਪਮਾਲਾ ਅਤੇ ਆਤਿਸ਼ਬਾਜ਼ੀ ਵੀ ਹੋਵੇਗੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਇਸ ਮੌਕੇ ਸਿੱਖ ਸੰਗਤਾਂ ਦੇ ਨਾਂ ਵਧਾਈ ਸੰਦੇਸ਼ ਵੀ ਜਾਰੀ ਕੀਤਾ ਹੈ।