ਨਵੀਂ ਦਿੱਲੀ, 1 ਦਸੰਬਰ

ਕਾਂਗਰਸੀ ਆਗੂ ਤੇ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਲੋਕ ਸਭਾ ਵਿੱਚ ਅੱਜ ਸਰਕਾਰ ਤੋਂ ਮੰਗ ਕੀਤੀ ਹੈ ਕਿ ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਹਰ ਪਰਿਵਾਰ ਨੂੰ ਪੰਜ ਕਰੋੜ ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇ ਅਤੇ ਕਿਸਾਨਾਂ ਦੀਆਂ ਹੋਰਨਾਂ ਮੰਗਾਂ ਨੂੰ ਵੀ ਮੰਨਿਆ ਜਾਵੇ। ਉਨ੍ਹਾਂ ਨੇ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਲਈ ਕਾਨੂੰਨੀ ਗਾਰੰਟੀ ਦੀ ਮੰਗ ਨੂੰ ਵੀ ਮੰਨਣ ਉੱਤੇ ਜ਼ੋਰ ਦਿੱਤਾ। ਸ੍ਰੀ ਤਿਵਾੜੀ ਨੇ ਕਿਹਾ ਕਿ ਕਿਸਾਨਾਂ ਦੇ ਇਤਿਹਾਸਕ ਸੰਘਰਸ਼ ਕਾਰਨ ਹੀ ਸਰਕਾਰ ਖੇਤੀ ਕਾਨੂੰਨ ਵਾਪਸ ਲੈਣ ਲਈ ਮਜਬੂਰ ਹੋਈ ਹੈ ਤੇ ਇਸ ਸੰਘਰਸ਼ ਦੌਰਾਨ 700 ਕਿਸਾਨ ਸ਼ਹੀਦ ਹੋੲੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਇਨ੍ਹਾਂ ਸ਼ਹੀਦ ਕਿਸਾਨਾਂ ਦੀ ਲਿਸਟ ਬਣਾਏ ਤੇ ਹਰ ਪੀੜਤ ਪਰਿਵਾਰ ਨੂੰ ਪੰਜ ਕਰੋੜ ਰੁਪਏ ਦਾ ਮੁਆਵਜ਼ਾ ਦੇਵੇ। ਇਸੇ ਦੌਰਾਨ ਫਤਹਿਗੜ੍ਹ ਸਾਹਿਬ ਤੋਂ ਕਾਂਗਰਸੀ ਸੰਸਦ ਮੈਂਬਰ ਅਮਰ ਸਿੰਘ ਨੇ ਵੀ ਮੰਗ ਕੀਤੀ ਕਿ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਗਰੰਟੀ ਲਈ ਕਾਨੂੰਨ ਬਣਾਇਆ ਜਾਵੇ।