ਮਾਨਸਾ, 29 ਅਕਤੂਬਰ
ਦਿੱਲੀ ਦੇ ਟਿੱਕਰੀ ਬਾਰਡਰ ’ਤੇ ਵਾਪਰੀ ਮੰਦਭਾਗੀ ਘਟਨਾ ਕਾਰਨ ਸ਼ਹੀਦ ਹੋਈਆਂ ਮਾਨਸਾ ਜ਼ਿਲ੍ਹੇ ਦੇ ਪਿੰਡ ਖੀਵਾ ਦਿਆਲੂਵਾਲਾ ਦੀਆਂ ਤਿੰਨ ਔਰਤਾਂ ਅਮਰਜੀਤ ਕੌਰ, ਸੁਖਵਿੰਦਰ ਕੌਰ ਅਤੇ ਗੁਰਮੇਲ ਕੌਰ ਦਾ ਅੰਤਿਮ ਸਸਕਾਰ ਉਨ੍ਹਾਂ ਦੇ ਜੱਦੀ ਪਿੰਡ ਵਿਚ ਦੇਰ ਸ਼ਾਮ ਕੀਤਾ ਗਿਆ। ਇਸ ਤੋਂ ਪਹਿਲਾਂ ਪਰਿਵਾਰਕ ਮੈਂਬਰਾਂ ਦੀ ਸਹਿਮਤੀ ਨਾਲ ਉਨ੍ਹਾਂ ਦੀਆਂ ਮ੍ਰਿਤਕ ਦੇਹਾਂ ਦਾ ਪੋਸਟਮਾਰਟਮ ਬਹਾਦਰਗੜ੍ਹ ਦੇ ਸਿਵਲ ਹਸਪਤਾਲ ਵਿੱਚ ਕਰਨ ਉਪਰੰਤ ਲਾਸ਼ਾਂ ਕਿਸਾਨ ਜਥੇਬੰਦੀ ਅਤੇ ਰਿਸ਼ਤੇਦਾਰਾਂ ਨੂੰ ਸੌਂਪੀਆਂ ਗਈਆਂ। ਅੰਤਿਮ ਸੰਸਕਾਰ ਤੋਂ ਪਹਿਲਾਂ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵੱਲੋਂ ਪਿੰਡ ਸਮਾਓਂ ਤੋਂ ਵੱਡੇ ਕਾਫ਼ਲੇ ਦੇ ਵਿੱਚ ਮ੍ਰਿਤਕ ਦੇਹਾਂ ਨੂੰ ਲਿਜਾ ਕੇ ਸ਼ਹੀਦਾਂ ਦੇ ਸਨਮਾਨ ਲਈ ਝੰਡਾ ਪਾਉਣ ਉਪਰੰਤ ਸਲਾਮੀ ਭੇਟ ਕੀਤੀ ਗਈ। ਜਥੇਬੰਦੀ ਦੇ ਸੂਬਾ ਸਕੱਤਰ ਸ਼ਿੰਗਾਰਾ ਸਿੰਘ ਮਾਨ ਅਤੇ ਜ਼ਿਲ੍ਹਾ ਮਾਨਸਾ ਦੇ ਪ੍ਰਧਾਨ ਰਾਮ ਸਿੰਘ ਭੈਣੀਬਾਘਾ ਨੇ ਕਿਹਾ ਕਿ ਕੇਂਦਰ ਸਰਕਾਰ ਇਨ੍ਹਾਂ ਔਰਤਾਂ ਸਮੇਤ 700 ਤੋਂ ਵੱਧ ਕਿਸਾਨਾਂ ਦੇ ਕਥਿਤ ਕਤਲਾਂ ਲਈ ਜਿੰਮੇਵਾਰ ਹੈ। ਜ਼ਿਕਰਯੋਗ ਹੈ ਕਿ ਪਿੰਡ ਖੀਵਾ ਦਿਆਲੂਵਾਲਾ ਦੀਆਂ 7 ਔਰਤਾਂ ਟਿੱਕਰੀ ਬਾਰਡਰ ਤੋਂ 28 ਅਕਤੂਬਰ ਨੂੰ ਸਵੇਰੇ 6 ਵਜੇ ਪਿੰਡ ਵਾਪਸ ਆਉਣ ਲਈ ਫੁੱਟਪਾਥ ’ਤੇ ਬੈਠ ਕੇ ਰੇਲਵੇ ਸਟੇਸ਼ਨ ’ਤੇ ਜਾਣ ਲਈ ਆਟੋ-ਰਿਕਸ਼ਾ ਦੀ ਉਡੀਕ ਕਰ ਰਹੀਆਂ ਸਨ ਜਿੱਥੇ ਉਨ੍ਹਾਂ ’ਤੇ ਟਿੱਪਰ ਚੜ੍ਹਾ ਦਿੱਤਾ ਗਿਆ ਅਤੇ ਦੋ ਔਰਤਾਂ ਦੀ ਮੌਕੇ ’ਤੇ ਮੌਤ ਹੋ ਗਈ ਅਤੇ ਇੱਕ ਰੋਹਤਕ ਦੇ ਹਸਪਤਾਲ ਵਿੱਚ ਦਮ ਤੋੜ ਗਈ ਜਦੋਂ ਕਿ ਦੋ ਔਰਤਾਂ ਗੰਭੀਰ ਜ਼ਖ਼ਮੀ ਹਨ। ਇਸ ਮੌਕੇ ਸੰਯੁਕਤ ਕਿਸਾਨ ਮੋਰਚੇ ਦੇ ਆਗੂ ਰੁਲਦੂ ਸਿੰਘ ਮਾਨਸਾ ਅਤੇ ਗੁਰਨਾਮ ਸਿੰਘ ਚੜੂਨੀ ਵੀ ਹਾਜ਼ਰ ਸਨ।