ਅੰਮ੍ਰਿਤਸਰ, 15 ਦਸੰਬਰ
ਸ਼੍ਰੋਮਣੀ ਅਕਾਲੀ ਦਲ ਨੇ ਅੱਜ ਇਥੇ ਆਪਣਾ 97ਵਾਂ ਸਥਾਪਨਾ ਦਿਵਸ ਮਨਾਉਂਦਿਆਂ ਐਲਾਨ ਕੀਤਾ ਕਿ ਪਾਰਟੀ ਵੱਲੋਂ ਜਬਰ ਅਤੇ ਜ਼ੁਲਮ ਖ਼ਿਲਾਫ਼ ਜੰਗ ਜਾਰੀ ਰਹੇਗੀ। ਪਾਰਟੀ ਵੱਲੋਂ ਮੁੜ ਅੰਮ੍ਰਿਤਸਰ ਵਿਚ ਇਕ ਦਫਤਰ ਸਥਾਪਤ ਕਰਨ ਦਾ ਵੀ ਐਲਾਨ ਕੀਤਾ ਗਿਆ ਹੈ।
ਸ਼੍ਰੋਮਣੀ ਅਕਾਲੀ ਦਲ ਨੇ ਲੰਮੇ ਅਰਸੇ ਮਗਰੋਂ ਸਿੱਖਾਂ ਦੀ ਸਿਆਸੀ ਰਾਜਧਾਨੀ ਰਹੀ ਅੰਮ੍ਰਿਤਸਰ ਨੂੰ ਆਪਣੀਆਂ ਗਤੀਵਿਧੀਆਂ ਦਾ ਕੇਂਦਰ ਬਣਾਉਣਾ ਸ਼ੁਰੂ ਕੀਤਾ ਹੈ। ਇਸ ਤਹਿਤ ਇਥੇ ਪਾਰਟੀ ਦਾ 97ਵਾਂ ਸਥਾਪਨਾ ਦਿਵਸ ਮਨਾਇਆ ਗਿਆ। ਸ੍ਰੀ ਹਰਿਮੰਦਰ ਸਾਹਿਬ ਸਮੂਹ ਸਥਿਤ ਮੰਜੀ ਸਾਹਿਬ ਦੀਵਾਨ ਹਾਲ ਵਿੱਚ ਇਸ ਸਬੰਧੀ ਰੱਖੇ ਅਖੰਡ ਪਾਠ ਦੇ ਭੋਗ ਪਾਏ ਗਏ। ਗੁਰਬਾਣੀ ਕੀਰਤਨ ਮਗਰੋਂ ਪਾਰਟੀ ਦੇ ਸੀਨੀਅਰ ਆਗੂਆਂ ਨੇ ਆਪਣੇ ਵਿਚਾਰ ਪ੍ਰਗਟਾਏ। ਸੀਨੀਅਰ ਆਗੂਆਂ ਵਿਚ ਪਾਰਟੀ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ, ਪ੍ਰਧਾਨ ਸੁਖਬੀਰ ਸਿੰਘ ਬਾਦਲ, ਸੁਖਦੇਵ ਸਿੰਘ ਢੀਂਡਸਾ, ਰਣਜੀਤ ਸਿੰਘ ਬ੍ਰਹਮਪੁਰਾ, ਬਲਵਿੰਦਰ ਸਿੰਘ ਭੂੰਦੜ ਆਦਿ ਸ਼ਾਮਲ ਸਨ। ਇਸ ਮੌਕੇ ਅਕਾਲੀ ਆਗੂਆਂ ਨੇ ਐਲਾਨ ਕੀਤਾ ਕਿ ਪਾਰਟੀ ਵੱਲੋਂ ਇਕ ਦਫ਼ਤਰ ਅੰਮ੍ਰਿਤਸਰ ਵਿਚ ਵੀ ਸਥਾਪਤ ਕੀਤਾ ਜਾਵੇਗਾ।
ਦੱਸਣਯੋਗ ਹੈ ਕਿ ਸਾਕਾ ਨੀਲਾ ਤਾਰਾ ਤੋਂ ਪਹਿਲਾਂ ਪਾਰਟੀ ਦਾ ਦਫਤਰ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਚ ਹੁੰਦਾ ਸੀ, ਜਿਸ ਨੂੰ ਦੋ ਦਹਾਕੇ ਪਹਿਲਾਂ ਚੰਡੀਗੜ੍ਹ ਤਬਦੀਲ ਕਰ ਦਿੱਤਾ ਗਿਆ ਸੀ। ਇਸ ਵਾਰ ਵਿਧਾਨ ਸਭਾ ਚੋਣਾਂ ਵਿਚ ਹੋਈ ਨਮੋਸ਼ੀਜਨਕ ਹਾਰ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਨੇ ਮੁੜ ਅੰਮ੍ਰਿਤਸਰ ਵੱਲ ਧਿਆਨ ਕੀਤਾ ਹੈ। ਜਿਸ ਤੋਂ ਸਪੱਸ਼ਟ ਸੰਕੇਤ ਮਿਲਦਾ ਹੈ ਕਿ ਉਹ ਮੁੜ ਪੰਥਕ ਏਜੰਡੇ ਵੱਲ ਪਰਤ ਰਹੇ ਹਨ। ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਇਸ ਮੌਕੇ ਦੇਸ਼ ਵੰਡ ਤੋਂ ਪਹਿਲਾਂ ਅਤੇ ਬਾਅਦ ਦੀ ਸਥਿਤੀ ਦਾ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰ ਦੇ ਜਬਰ ਅਤੇ ਜ਼ੁਲਮ ਦਾ ਡਟ ਕੇ ਸਾਹਮਣਾ ਕੀਤਾ ਜਾਵੇਗਾ। ਇਸ ਮੌਕੇ ਉਨ੍ਹਾਂ ਅਕਾਲੀ ਸਰਕਾਰ ਦੀਆਂ ਪ੍ਰਾਪਤੀਆਂ ਦਾ ਵੀ ਜ਼ਿਕਰ ਕੀਤਾ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੀ ਪੰਜਾਬੀਆਂ ਨਾਲ ਹੋਏ ਵਿਤਕਰਿਆਂ ਦੀ ਗੱਲ ਕੀਤੀ। ਉਨ੍ਹਾਂ ਐਲਾਨ ਕੀਤਾ ਕਿ ਚੰਡੀਗੜ੍ਹ ਮੁੱਖ ਦਫ਼ਤਰ ਵਿਚ ਇਕ ਅਜਾਇਬ ਘਰ ਸਥਾਪਤ ਕੀਤਾ ਜਾਵੇਗਾ, ਜਿਥੇ ਪਾਰਟੀ ਵਰਕਰਾਂ ਦੀਆਂ ਫੋਟੋਆਂ ਸਥਾਪਤ ਹੋਣਗੀਆਂ। ਸਮਾਗਮ ਨੂੰ ਦਿੱਲੀ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਵੀ ਸੰਬੋਧਨ ਕੀਤਾ। ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਦੇ ਇਤਿਹਾਸ ਤੇ ਪ੍ਰਾਪਤੀਆਂ ਦਾ ਜ਼ਿਕਰ ਕੀਤਾ। ਮੰਚ ਸੰਚਾਲਨ ਡਾ. ਦਲਜੀਤ ਸਿੰਘ ਚੀਮਾ ਨੇ ਕੀਤਾ।