ਨਵੀਂ ਦਿੱਲੀ/ਅੰਮ੍ਰਿਤਸਰ, 3 ਜੂਨ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸਜੀਪੀਸੀ) ਦੇ ਵਫ਼ਦ ਨੇ ਨਵੀਂ ਦਿੱਲੀ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਇਹ ਵਫਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਮਿਲਿਆ। ਇਸ ਦੌਰਾਨ ਸ਼੍ਰੋਮਣੀ ਕਮੇਟੀ ਵਫ਼ਦ ਨੇ ਗ੍ਰਹਿ ਮੰਤਰੀ ਨਾਲ ਗੁਰਦੁਆਰਿਆਂ ਦੇ ਪ੍ਰਬੰਧਾਂ ਦੇ ਅਹਿਮ ਮਸਲਿਆਂ ’ਤੇ ਵਿਚਾਰ ਕੀਤੀ।

ਸ਼੍ਰੋਮਣੀ ਕਮੇਟੀ ਨੇ ਬਿਆਨ ਜਾਰੀ ਕਰ ਕੇ ਕਿਹਾ ਕਿ ਵਫ਼ਦ ਨੇ ਗੁਰਦੁਆਰਿਆਂ ਦੇ ਕੰਮਕਾਜ, ਪ੍ਰਬੰਧ ਤੇ ਹੋਰ ਸਿੱਖ ਮਸਲਿਆਂ ਬਾਰੇ ਗੱਲਬਾਤ ਕੀਤੀ। ਇਸ ਮੌਕੇ ਵਫਦ ਨੇ ਕਿਹਾ ਕਿ ਗੁਰਦੁਆਰਿਆਂ ਦੇ ਪ੍ਰਬੰਧ ਨੂੰ ਸੁਚਾਰੂ ਬਣਾਇਆ ਜਾਵੇਗਾ। ਸ੍ਰੀ ਧਾਮੀ ਨੇ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਧਾਰਾ 85 ਅਤੇ ਧਾਰਾ 87 ਤਹਿਤ ਆਉਂਦੇ ਗੁਰਦੁਆਰਿਆਂ ਦੇ ਪ੍ਰਬੰਧਾਂ ਬਾਰੇ ਨੋਟੀਫਿਕੇਸ਼ਨ ਜਾਰੀ ਕਰਨ, ਅਜਿਹੇ ਗੁਰਦੁਆਰਿਆਂ ਦੀ ਆਮਦਨ ਦੀ ਹੱਦ ਵਿੱਚ ਤਬਦੀਲੀ ਕਰਨ, ਬੰਦੀ ਸਿੰਘਾਂ ਦੀ ਰਿਹਾਈ ਦੇ ਮੁੱਦੇ ਸਮੇਤ ਕਮੇਟੀ ਮੁਲਾਜ਼ਮਾਂ ਤੇ ਕਮੇਟੀ ਪ੍ਰਬੰਧ ਨਾਲ ਜੁੜੇ ਮਸਲੇ ਵਿਚਾਰੇ ਗਏ। ਇਸ ਮੌਕੇ ਸ਼ਾਹ ਨੇ ਇਨ੍ਹਾਂ ਮਾਮਲਿਆਂ ਵਿੱਚ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਤੇ ਮਸਲਿਆਂ ਦਾ ਹੱਲ ਕਰਨ ਦਾ ਭਰੋਸਾ ਦਿਵਾਇਆ। ਇਸ ਮੁਲਾਕਾਤ ਨੂੰ ਸਿਆਸੀ ਹਲਕਿਆਂ ਵਿੱਚ ਵੱਖਰੇ ਪਾਸੇ ਤੋਂ ਵੀ ਦੇਖਿਆ ਜਾ ਰਿਹਾ ਹੈ ਕਿਉਂਕਿ ਐਸਜੀਪੀਸੀ ਚੋਣਾਂ ਵੱਲ ਵੀ ਸਿੱਖ ਸਿਆਸੀ ਧਿਰਾਂ ਦਾ ਧਿਆਨ ਕੇਂਦਰਿਤ ਹੈ। ਵਫ਼ਦ ’ਚ ਸ਼੍ਰੋਮਣੀ ਕਮੇਟੀ ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਸੀਨੀਅਰ ਐਡਵੋਕੇਟ ਏਪੀਐੱਸ ਆਹਲੂਵਾਲੀਆ ਸ਼ਾਮਲ ਸਨ।