ਅੰਮ੍ਰਿਤਸਰ, 20 ਅਗਸਤ

ਸ੍ਰੀ ਹਰਿਮੰਦਰ ਸਾਹਿਬ ਵਿੱਚ ਹੁੰਦੇ ਗੁਰਬਾਣੀ ਕੀਰਤਨ ਦੇ ਸਿੱਧੇ ਪ੍ਰਸਾਰਨ ਵਾਸਤੇ ਸ਼੍ਰੋਮਣੀ ਕਮੇਟੀ ਵੱਲੋਂ ਸ਼ੁਰੂ ਕੀਤੇ ਗਏ ਵੈੱਬ ਚੈਨਲ ਨੂੰ ਯੂਟਿਊਬ ਵੱਲੋਂ ‘ਸਿਲਵਰ ਬਟਨ ਯੂਟਿਊਬ ਕ੍ਰੀਏਟਰ ਐਵਾਰਡ’ ਦਿੱਤਾ ਗਿਆ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਸਫ਼ਲਤਾ ’ਤੇ ਤਸੱਲੀ ਦਾ ਪ੍ਰਗਟਾਵਾ ਕਰਦਿਆਂ ਸੰਗਤ ਦਾ ਧੰਨਵਾਦ ਕੀਤਾ ਹੈ। ਯੂਟਿਊਬ ਅਦਾਰੇ ਵੱਲੋਂ ਇਹ ਐਵਾਰਡ ਕੱਲ੍ਹ ਅਮਰੀਕਾ ਤੋਂ ਸ਼੍ਰੋਮਣੀ ਕਮੇਟੀ ਨੂੰ ਭੇਜਿਆ ਗਿਆ, ਜੋ ਸ਼੍ਰੋਮਣੀ ਕਮੇਟੀ ਦੀ ਤਕਨੀਕੀ ਟੀਮ ਤੇ ਅਧਿਕਾਰੀਆਂ ਨੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਸੌਂਪਿਆ। ਸ੍ਰੀ ਧਾਮੀ ਨੇ ਕਿਹਾ ਕਿ ਇਸ ਚੈਨਲ ਨੂੰ ਸੰਗਤ ਦਾ ਭਰਵਾਂ ਹੁੰਗਾਰਾ ਮਿਲ ਰਿਹਾ ਹੈ, ਜਿਸ ਨਾਲ ਗੁਰਬਾਣੀ ਕੀਰਤਨ ਪ੍ਰਸਾਰਨ ਸੇਵਾਂਵਾ ਨੂੰ ਹੋਰ ਸੁਹਿਰਦਤਾ ਨਾਲ ਜਾਰੀ ਰੱਖਣ ਲਈ ਉਤਸ਼ਾਹ ਮਿਲਦਾ ਹੈ। ਯੂਟਿਊਬ ਵੱਲੋਂ ਇਹ ਅਵਾਰਡ ਇੱਕ ਲੱਖ ਫਾਲੋਅਰ ਹੋਣ ’ਤੇ ਦਿੱਤਾ ਜਾਂਦਾ ਹੈ। ਸ਼੍ਰੋਮਣੀ ਕਮੇਟੀ ਵੱਲੋਂ ਪਿਛਲੇ ਮਹੀਨੇ ਆਪਣਾ ਵੈੱਬ ਚੈਨਲ ਸ਼ੁਰੂ ਕੀਤਾ ਗਿਆ ਸੀ ਤੇ ਕੁਝ ਹੀ ਦਿਨਾਂ ਵਿੱਚ ਇਸ ਦੇ ਇੱਕ ਲੱਖ ਤੋਂ ਵੱਧ ਫਾਲੋਅਰ ਬਣ ਗਏ ਸਨ। ਇਸ ਵੇਲੇ ਇਸ ਚੈਨਲ ਨੂੰ ਦੇਖਣ ਵਾਲਿਆਂ ਦੀ ਗਿਣਤੀ ਲਗਪਗ 2 ਲੱਖ 29 ਹਜ਼ਾਰ ਹੋ ਚੁੱਕੀ ਹੈ। ਸ਼੍ਰੋਮਣੀ ਕਮੇਟੀ ਦੀ ਤਕਨੀਕੀ ਟੀਮ ਦੇ ਮੈਂਬਰਾਂ ਨੇ ਦੱਸਿਆ ਕਿ ਗੁਰਬਾਣੀ ਚੈਨਲ ਦੇਖਣ ਵਾਲਿਆਂ ਦੀ ਗਿਣਤੀ ਵਿੱਚ ਰੋਜ਼ਾਨਾ ਲਗਪਗ 2500 ਤੋ 3 ਹਜ਼ਾਰ ਤੱਕ ਦਾ ਔਸਤ ਵਾਧਾ ਹੋ ਰਿਹਾ ਹੈ। ਇਸੇ ਤਰ੍ਹਾਂ ਇਹ ਚੈਨਲ ਫੇਸਬੁੱਕ ਤੇ ਵੀ ਦੇਖਿਆ ਜਾ ਰਿਹਾ ਹੈ ਅਤੇ ਦੇਖਣ ਵਾਲਿਆਂ ਦੀ ਗਿਣਤੀ ਚਾਰ ਲੱਖ ਤੋਂ ਵੱਧ ਹੈ।