ਅੰਮ੍ਰਿਤਸਰ, 2 ਅਗਸਤ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅਮਰੀਕਾ ਦੀ ਨਿਊਯਾਰਕ ਪੁਲੀਸ ’ਚ ਸਿੱਖਾਂ ਨੂੰ ਦਾੜ੍ਹੀ ਰੱਖਣ ਤੋਂ ਰੋਕਣ ਵਾਲੇ ਨਿਯਮ ਵਿਰੁੱਧ ਸਖ਼ਤ ਇਤਰਾਜ਼ ਜਤਾਇਆ ਹੈ ਤੇ ਇਸ ਸਬੰਧੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਮਰੀਕਾ ਵਿੱਚ ਭਾਰਤ ਦੇ ਸਫ਼ੀਰ ਤਰਨਜੀਤ ਸਿੰਘ ਸੰਧੂ ਨੂੰ ਪੱਤਰ ਭੇਜਿਆ ਹੈ। ਸ਼੍ਰੋਮਣੀ ਕਮੇਟੀ ਨੇ ਇਸ ਸਬੰਧ ਵਿਚ ਕੇਂਦਰੀ ਵਿਦੇਸ਼ ਮੰਤਰੀ ਡਾ. ਐੱਸ. ਜੈਸ਼ੰਕਰ ਪਾਸੋਂ ਵੀ ਦਖ਼ਲ ਦੀ ਮੰਗ ਕੀਤੀ ਹੈ। ਅਮਰੀਕਾ ’ਚ ਭਾਰਤੀ ਰਾਜਦੂਤ ਤਰਨਜੀਤ ਸਿੰਘ ਸੰਧੂ ਨੂੰ ਲਿਖੇ ਪੱਤਰ ਵਿੱਚ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸੁਰੱਖਿਆ ਦੇ ਨਾਂ ਹੇਠ ਅਮਰੀਕਾ ਪੁਲੀਸ ਵੱਲੋਂ ਸਿੱਖਾਂ ਨੂੰ ਦਾੜ੍ਹੀ ਰੱਖਣ ਤੋਂ ਰੋਕਣ ਦਾ ਨਿਯਮ ਤਰਕਸੰਗਤ ਨਹੀਂ ਹੈ। ਗੈਸ ਮਾਸਕ ਦੇ ਹਵਾਲੇ ਨਾਲ ਦਾੜ੍ਹੀ ਰੱਖਣ ’ਤੇ ਪਾਬੰਦੀ ਗਲਤ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਦਾੜ੍ਹੀ ਬੰਨ੍ਹ ਕੇ ਗੈਸ ਮਾਸਕ ਆਸਾਨੀ ਨਾਲ ਪਹਿਨਿਆ ਜਾ ਸਕਦਾ ਹੈ, ਇਸ ਦੀ ਉਦਾਹਰਨ ਭਾਰਤੀ ਫ਼ੌਜ ਵਿਚ ਸੇਵਾ ਕਰ ਰਹੇ ਸਿੱਖ ਸਿਪਾਹੀ ਹਨ ਜੋ ਦੁਨੀਆ ਦੀਆਂ ਸਿਖਰਲੀਆਂ ਫ਼ੌਜਾਂ ਵਿੱਚ ਇਕ ਹੈ। ਧਾਮੀ ਨੇ ਕਿਹਾ, ‘‘ਸਿੱਖਾਂ ਵੱਲੋਂ ਕੇਸ ਨਾ ਕੱਟਣੇ ਆਪਣੇ ਗੁਰੂ ਸਾਹਿਬਾਨ ਅਤੇ ਧਰਮ ਪ੍ਰਤੀ ਵਚਨਬੱਧਤਾ ਹੈ ਅਤੇ ਨਿਊਯਾਰਕ ਪੁਲੀਸ ਵੱਲੋਂ ਸਿੱਖ ਸਿਪਾਹੀਆਂ ਨੂੰ ਦਾੜ੍ਹੀ ਰੱਖਣ ਤੋਂ ਰੋਕਣ ਦਾ ਕਾਨੂੰਨ ਸਿੱਖਾਂ ਦੀ ਧਾਰਮਿਕ ਆਜ਼ਾਦੀ ’ਤੇ ਹਮਲਾ ਹੈ। ਅਮਰੀਕਾ ਵਰਗੇ ਲੋਕਤੰਤਰੀ ਦੇਸ਼ ਵਿੱਚ ਸਿੱਖ ਭਾਈਚਾਰੇ ਨਾਲ ਅਜਿਹਾ ਵਿਤਕਰਾ ਠੀਕ ਨਹੀਂ ਹੈ।’’ ਉਨ੍ਹਾਂ ਨੇ ਰਾਜਦੂਤ ਸ੍ਰੀ ਸੰਧੂ ਨੂੰ ਇਸ ਮਾਮਲੇ ਵਿਚ ਦਖ਼ਲ ਦੇ ਕੇ ਅਤੇ ਨਿਊਯਾਰਕ ਪੁਲੀਸ ਦੀ ਸਿੱਖ ਵਿਰੋਧੀ ਨੀਤੀ ’ਤੇ ਇਤਰਾਜ਼ ਪ੍ਰਗਟਾਉਣ ਦੀ ਅਪੀਲ ਕੀਤੀ ਹੈ।