ਅੰਮ੍ਰਿਤਸਰ, 3 ਅਗਸਤ
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਸ਼ਰਾਬ ਨਾਲ ਹੋਈਆਂ ਇੱਕ ਸੌ ਤੋਂ ਵੱਧ ਮੌਤਾਂ ’ਤੇ ਫਿਕਰਮੰਦੀ ਜ਼ਾਹਿਰ ਕਰਦਿਆਂ ਪੰਜਾਬ ਵਿਚ ਹਰ ਤਰ੍ਹਾਂ ਦੇ ਨਸ਼ਿਆਂ ’ਤੇ ਪਾਬੰਦੀ ਲਾਉਣ ਦੀ ਮੰਗ ਕੀਤੀ ਹੈ। ਇੱਕ ਬਿਆਨ ਵਿਚ ਸ੍ਰੀ ਲੌਂਗੋਵਾਲ ਨੇ ਆਖਿਆ ਕਿ ਸਰਕਾਰੀ ਤੌਰ ’ਤੇ ਨਸ਼ਾ ਭਾਵੇਂ ਜਾਇਜ਼ ਮੰਨਿਆ ਜਾਂਦਾ ਹੋਵੇ ਜਾਂ ਨਜਾਇਜ਼, ਇਸ ’ਤੇ ਰੋਕ ਲੱਗਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਗੁਰੂਆਂ ਦੀ ਧਰਤੀ ਹੈ, ਇਥੇ ਅੰਮ੍ਰਿਤਮਈ ਵਿਚਾਰਧਾਰਾ ਪ੍ਰਵਾਨ ਚੜ੍ਹੀ ਹੈ। ਇਸ ਧਰਤੀ ’ਤੇ ਨਸ਼ਿਆਂ ਦਾ ਬੋਲਬਾਲਾ ਇਥੋਂ ਦੇ ਇਤਿਹਾਸਕ ਤੇ ਧਾਰਮਿਕ ਖਾਸੇ ਦੇ ਵਿਰੁੱਧ ਹੈ। ਗੁਰੂਆਂ ਦੀ ਧਰਤੀ ਉਤੇ ਨਸ਼ਿਆਂ ਨਾਲ ਮੌਤਾਂ ਇੱਕ ਵੱਡਾ ਸਵਾਲ ਹੈ। ਉਨ੍ਹਾਂ ਨੇ ਸ਼ਰਾਬ ਕਾਰਨ ਮਰਨ ਵਾਲਿਆਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕਰਦਿਆਂ ਕੈਪਟਨ ਸਰਕਾਰ ਦੀ ਕਾਰਜਸ਼ੈਲੀ ’ਤੇ ਵੀ ਤਿੱਖੇ ਸਵਾਲ ਚੁੱਕੇ। ਉਨ੍ਹਾਂ ਮੁੱਖ ਮਤਰੀ ਨੂੰ ਸਵਾਲ ਕੀਤਾ ਕਿ ਸ਼ਰੇਆਮ ਨਸ਼ਿਆਂ ਦੇ ਸੌਦਾਗਰ ਲੋਕਾਂ ਦੀਆਂ ਜਾਨਾਂ ਨਾਲ ਖੇਡ ਰਹੇ ਹਨ ਅਤੇ ਪੰਜਾਬ ਦੀ ਸਰਕਾਰ ਸੁੱਤੀ ਹੋਈ ਹੈ। ਇਹ ਸਰਕਾਰ ਦੀ ਵੱਡੀ ਨਲਾਇਕੀ ਹੈ, ਜਿਸ ਦੀ ਜ਼ਿੰਮੇਵਾਰੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਖੁਦ ਲੈਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਮੌਤ ਦੇ ਇਨ੍ਹਾਂ ਵਪਾਰੀਆਂ ਦੀ ਪੁਸ਼ਤਪਨਾਹੀ ਕਰਨ ਵਾਲੇ ਰਾਜਸੀ ਲੋਕਾਂ ਦੀਆਂ ਚਰਚਾਵਾਂ ਦੀ ਵੀ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਮੰਗ ਕੀਤੀ ਕਿ ਸਾਰੇ ਮਾਮਲੇ ਦੀ ਜਾਂਚ ਹਾਈ ਕੋਰਟ ਦੇ ਮੌਜੂਦਾ ਜੱਜ ਪਾਸੋਂ ਕਰਵਾਈ ਜਾਵੇ। ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਤੋਂ ਦੂਰ ਰਹਿਣ।