ਅੰਮ੍ਰਿਤਸਰ, 9 ਨਵੰਬਰ
ਸ਼੍ਰੋਮਣੀ ਅਕਾਲੀ ਦਲ ਵੱਲੋਂ ਭਲਕੇ 9 ਨਵੰਬਰ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਤੇ ਹੋਰ ਅਹੁਦੇਦਾਰਾਂ ਦੀ ਚੋਣ ਲਈ ਹੋਣ ਵਾਲੇ ਜਨਰਲ ਇਜਲਾਸ ਵਿੱਚ ਪ੍ਰਧਾਨ ਦੇ ਅਹੁਦੇ ਲਈ ਪਾਰਟੀ ਉਮੀਦਵਾਰ ਵਜੋਂ ਹਰਜਿੰਦਰ ਸਿੰਘ ਧਾਮੀ ਦੇ ਨਾਂ ਦਾ ਐਲਾਨ ਕੀਤਾ ਜਾ ਚੁੱਕਾ ਹੈ, ਪਰ ਇਸ ਦੇ ਬਾਵਜੂਦ ਪਾਰਟੀ ਦੀ ਰਵਾਇਤ ਮੁਤਾਬਕ ਅੱਜ ਬਾਕੀ ਅਹੁਦੇਦਾਰ ਚੁਣਨ ਦਾ ਅਧਿਕਾਰ ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧਤ ਕਮੇਟੀ ਮੈਂਬਰਾਂ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਸੌਂਪ ਦਿੱਤੇ ਹਨ। ਇਨ੍ਹਾਂ ਸ਼੍ਰੋਮਣੀ ਕਮੇਟੀ ਮੈਂਬਰਾਂ ਦੀ ਮੀਟਿੰਗ ਇਥੇ ਤੇਜਾ ਸਿੰਘ ਸਮੁੰਦਰੀ ਹਾਲ ਸਥਿਤ ਮੁੱਖ ਦਫ਼ਤਰ ਵਿਚ ਹੋਈ। ਮੀਟਿੰਗ ਦੀ ਪ੍ਰਧਾਨਗੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਕੀਤੀ ਗਈ। ਉਨ੍ਹਾਂ ਦਾਅਵਾ ਕੀਤਾ ਕਿ ਅਕਾਲੀ ਦਲ, ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਅਹੁਦੇ ਦੀ ਚੋਣ ਵਿੱਚ ਇਤਿਹਾਸਕ ਜਿੱਤ ਹਾਸਲ ਕਰੇਗਾ। ਚੇਤੇ ਰਹੇ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ, ਜੂਨੀਅਰ ਮੀਤ ਪ੍ਰਧਾਨ, ਜਨਰਲ ਸਕੱਤਰ ਅਤੇ ਅੰਤ੍ਰਿੰਗ ਕਮੇਟੀ ਦੇ ਗਿਆਰਾਂ ਮੈਂਬਰਾਂ ਦੀ ਸਾਲਾਨਾ ਚੋਣ ਵਾਸਤੇ 9 ਨਵੰਬਰ ਨੂੰ ਜਨਰਲ ਇਜਲਾਸ ਹੋ ਰਿਹਾ ਹੈ। ਇਜਲਾਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਆਪਣੀ ਹੀ ਪਾਰਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨਾਲ ਮੁਕਾਬਲੇ ਵਿੱਚੋਂ ਲੰਘਣਾ ਪਵੇਗਾ। ਇਜਲਾਸ ਇੱਥੇ ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਬਾਅਦ ਦੁਪਹਿਰ ਇੱਕ ਵਜੇ ਆਰੰਭ ਹੋਵੇਗਾ। ਜਨਰਲ ਇਜਲਾਸ ਤੋਂ ਇਕ ਦਿਨ ਪਹਿਲਾਂ ਅੱਜ ਸ਼ਾਮ ਇੱਥੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਨਾਲ ਸਬੰਧਤ ਸ਼੍ਰੋਮਣੀ ਕਮੇਟੀ ਮੈਂਬਰਾਂ ਦੀ ਮੀਟਿੰਗ ਕੀਤੀ ਹੈ। ਮੀਟਿੰਗ ਵਿੱਚ ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧਤ ਲਗਪਗ 107 ਸ਼੍ਰੋਮਣੀ ਕਮੇਟੀ ਮੈਂਬਰਾਂ ਦੇ ਸ਼ਾਮਲ ਹੋਣ ਦਾ ਦਾਅਵਾ ਕੀਤਾ ਗਿਆ ਹੈ। ਸ਼੍ਰੋਮਣੀ ਕਮੇਟੀ ਦੇ ਕੁੱਲ 157 ਮੈਂਬਰਾਂ ਨੂੰ ਭਲਕੇ ਹੋਣ ਵਾਲੇ ਜਨਰਲ ਇਜਲਾਸ ਲਈ ਸੱਦਾ ਦਿੱਤਾ ਗਿਆ ਹੈ। ਅੱਜ ਦੀ ਮੀਟਿੰਗ ਵਿੱਚ ਵੱਡੀ ਗਿਣਤੀ ਮੈਂਬਰਾਂ ਦੀ ਸ਼ਮੂਲੀਅਤ ਨੂੰ ਦੇਖਣ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਦੇ ਚਿਹਰੇ ’ਤੇ ਰਾਹਤ ਦਿਖਾਈ ਦਿੱਤੀ ਹੈ ਜਦੋਂ ਕਿ ਪਹਿਲਾਂ ਉਹ ਇਸ ਚੋਣ ਨੂੰ ਲੈ ਕੇ ਕੁਝ ਤਣਾਅ ਵਿੱਚ ਸਨ।
ਲੰਮੀ ਚੱਲੀ ਮੀਟਿੰਗ ਉਪਰੰਤ ਮੀਡੀਆ ਨਾਲ ਗੱਲ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਦਾਅਵਾ ਕੀਤਾ ਕਿ ਭਲਕੇ ਹੋਣ ਵਾਲੀ ਚੋਣ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਦੀ ਜਿੱਤ ਹੋਵੇਗੀ। ਉਨ੍ਹਾਂ ਨੇ ਬੀਬੀ ਜਗੀਰ ਕੌਰ ਨੂੰ ਸਤਿਕਾਰਤ ਦਸਦਿਆਂ ਅਪੀਲ ਕੀਤੀ ਕਿ ਉਹ ਚੋਣ ਮੈਦਾਨ ਵਿਚੋਂ ਹਟ ਜਾਣ। ਉਨ੍ਹਾਂ ਬੀਬੀ ਜਗੀਰ ਕੌਰ ਨੂੰ ਸੰਬੋਧਨ ਹੁੰਦਿਆਂ ਕਿਹਾ, ‘‘ਤੁਸੀਂ ਆਪਣੀ ਸਾਰੀ ਉਮਰ ਅਕਾਲੀ ਦਲ ਵਿੱਚ ਬਿਤਾਈ ਹੈ ਅਤੇ ਹਮੇਸ਼ਾ ਅਕਾਲੀ ਦਲ ਦਾ ਸਹਿਯੋਗ ਕੀਤਾ ਹੈ ਪਰ ਹੁਣ ਇਸ ਮਾਮਲੇ ਦਾ ਸਿਆਸੀਕਰਨ ਕਰਨ ਦੀ ਥਾਂ ਪੰਥ ਦੀ ਇੱਛਾ ਮੁਤਾਬਕ ਚੱਲਣ।’’ ਇਸ ਤੋਂ ਪਹਿਲਾਂ ਉਨ੍ਹਾਂ ਮੀਟਿੰਗ ਵਿੱਚ ਸ਼੍ਰੋਮਣੀ ਕਮੇਟੀ ਮੈਂਬਰਾਂ ਨੂੰ ਸੰਬੋਧਨ ਵੀ ਕੀਤਾ। ਇਸ ਮੌਕੇ ਮੀਡੀਆ ਨੂੰ ਮੀਟਿੰਗ ਤੋਂ ਦੂਰ ਰੱਖਿਆ ਗਿਆ। ਮੀਟਿੰਗ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਗੋਬਿੰਦ ਸਿੰਘ ਲੌਂਗੋਵਾਲ ਤੋਂ ਇਲਾਵਾ ਡਾ. ਦਲਜੀਤ ਸਿੰਘ ਚੀਮਾ ਅਤੇ ਕਰਨੈਲ ਸਿੰਘ ਪੰਜੋਲੀ ਨੇ ਵੀ ਸੰਬੋਧਨ ਕੀਤਾ। ਉਧਰ ਪੰਥਕ ਹਲਕਿਆਂ ਮੁਤਾਬਕ ਭਲਕੇ ਸਾਲਾਨਾ ਚੋਣ ਵਿਚ ਜੇਕਰ ਵਿਰੋਧੀ ਧਿਰ ਨੂੰ ਵਧੇਰੇ ਮੈਂਬਰਾਂ ਦਾ ਸਮਰਥਨ ਹਾਸਲ ਹੁੰਦਾ ਹੈ ਤਾਂ ਉਹ ਅੰਤ੍ਰਿੰਗ ਕਮੇਟੀ ਵਿਚ ਆਪਣੇ ਵਧੇਰੇ ਮੈਂਬਰ ਸ਼ਾਮਲ ਕਰਨ ਵਿੱਚ ਸਫ਼ਲ ਹੋਣਗੇ। ਉਂਜ ਇਹ ਵੀ ਚਰਚਾ ਹੈ ਕਿ ਪਿਛਲੇ ਕੁਝ ਸਮੇਂ ਤੋਂ ਹਾਰ ਦਾ ਸਾਹਮਣਾ ਕਰ ਰਹੇ ਸ਼੍ਰੋਮਣੀ ਅਕਾਲੀ ਦਲ ਨੂੰ ਇਸ ਵਾਰ ਸ਼੍ਰੋਮਣੀ ਕਮੇਟੀ ਵਿੱਚੋਂ ਵੀ ਬਗ਼ਾਵਤ ਦਾ ਸਾਹਮਣਾ ਕਰਨਾ ਪਿਆ ਹੈ ਜੋ ਕਿ ਸ਼੍ਰੋਮਣੀ ਅਕਾਲੀ ਦਲ ਦੀ ਹੋਂਦ ਲਈ ਵੱਡੀ ਚੁਣੌਤੀ ਹੈ।
ਇਹ ਵੀ ਚੇਤੇ ਰਹੇ ਕਿ ਐਤਕੀਂ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਖ਼ਿਲਾਫ਼ ਚੋਣ ਲੜਨ ਦਾ ਐਲਾਨ ਕੀਤਾ ਗਿਆ ਹੈ। ਬੀਬੀ ਜਗੀਰ ਕੌਰ ਦੇ ਆਪਣੇ ਇਸ ਸਟੈਂਡ ’ਤੇ ਬਜ਼ਿੱਦ ਰਹਿਣ ਕਾਰਨ ਸ਼੍ਰੋਮਣੀ ਅਕਾਲੀ ਦਲ ਵੱਲੋਂ ਮਹਿਲਾ ਆਗੂ ਨੂੰ ਪਾਰਟੀ ਵਿਚੋਂ ਫਾਰਗ ਕਰ ਦਿੱਤਾ ਗਿਆ ਹੈ। ਇਸ ਵੇਲੇ ਬੀਬੀ ਜਗੀਰ ਕੌਰ ਨੂੰ ਵਿਰੋਧੀ ਧਿਰ ਦੇ ਸ਼੍ਰੋਮਣੀ ਕਮੇਟੀ ਮੈਂਬਰਾਂ ਤੋਂ ਇਲਾਵਾ ਆਪਣੇ ਕੁਝ ਸਮਰਥਕ ਅਤੇ ਹਰਿਆਣਾ ਵਿੱਚ ਵੱਖਰੀ ਕਮੇਟੀ ਸਮਰਥਕ ਮੈਂਬਰਾਂ ਦੀ ਹਮਾਇਤ ਹਾਸਲ ਹੈ।