ਅੰਮ੍ਰਿਤਸਰ, 9 ਅਗਸਤ
ਸ਼੍ਰੋਮਣੀ ਕਮੇਟੀ ਵੱਲੋਂ ਸਨੌਰ ਘਟਨਾ ਦੀ ਪੜਤਾਲ ਲਈ ਚਾਰ ਮੈਂਬਰੀ ਸਬ-ਕਮੇਟੀ ਗਠਿਤ ਕੀਤੀ ਗਈ ਹੈ। ਸ਼੍ਰੋਮਣੀ ਕਮੇਟੀ ਦੇ ਬੁਲਾਰੇ ਤੇ ਸਕੱਤਰ ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਪਟਿਆਲਾ ਨੇੜੇ ਸਨੌਰ ਵਿੱਚ ਪੁਲੀਸ ਵੱਲੋਂ ਸਿੱਖ ਨੌਜਵਾਨਾਂ ’ਤੇ ਕੀਤੇ ਗਏ ਅਣਮਨੁੱਖੀ ਤਸ਼ੱਦਦ ਅਤੇ ਕੇਸਾਂ ਦੀ ਬੇਅਦਬੀ ਦੇ ਮਾਮਲੇ ਸਬੰਧੀ ਮੁਕੰਮਲ ਜਾਣਕਾਰੀ ਪ੍ਰਾਪਤ ਕਰਨ ਲਈ ਚਾਰ ਮੈਂਬਰੀ ਸਬ-ਕਮੇਟੀ ਬਣਾਈ ਹੈ।
ਇਸ ਕਮੇਟੀ ਵਿੱਚ ਸ਼੍ਰੋਮਣੀ ਕਮੇਟੀ ਮੈਂਬਰ ਜਰਨੈਲ ਸਿੰਘ ਕਰਤਾਰਪੁਰ, ਜਥੇਦਾਰ ਜਸਮੇਲ ਸਿੰਘ ਲਾਛੜੂ, ਧਰਮ ਪ੍ਰਚਾਰ ਕਮੇਟੀ ਦੇ ਪ੍ਰਚਾਰਕ ਭਾਈ ਬਲਦੇਵ ਸਿੰਘ ਅਤੇ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਪਟਿਆਲਾ ਦੇ ਮੈਨੇਜਰ ਕਰਨੈਲ ਸਿੰਘ ਨੂੰ ਕੋਆਰਡੀਨੇਟਰ ਵਜੋਂ ਸ਼ਾਮਲ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਗੁਰਦੁਆਰੇ ਆ ਰਹੇ ਸਿੱਖ ਨੌਜਵਾਨਾਂ ਨੂੰ ਥਾਣੇ ਲਿਜਾ ਕੇ ਕੁੱਟਮਾਰ ਕਰਨ ਅਤੇ ਕੇਸਾਂ ਦੀ ਬੇਅਦਬੀ ਕਰਨ ਵਾਲਿਆਂ ’ਤੇ ਪਰਚੇ ਦਰਜ ਹੋਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਨੌਜਵਾਨਾਂ ਤੱਕ ਪਹੁੰਚ ਕਰਕੇ ਮੁਕੰਮਲ ਜਾਣਕਾਰੀ ਪ੍ਰਾਪਤ ਕੀਤੀ ਜਾਵੇਗੀ ਤਾਂ ਜੋ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿਵਾਉਣ ਲਈ ਪੀੜਤਾਂ ਦੀ ਮਦਦ ਕੀਤੀ ਜਾ ਸਕੇ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸਬ-ਕਮੇਟੀ ਨੂੰ ਤਿੰਨ ਦਿਨਾਂ ’ਚ ਰਿਪੋਰਟ ਦੇਣ ਲਈ ਕਿਹਾ ਹੈ।
ਭਾਜਪਾ ਦੀ ਸਾਬਕਾ ਮੰਤਰੀ ਪ੍ਰੋ. ਲਕਸ਼ਮੀ ਕਾਂਤਾ ਚਾਵਲਾ ਨੇ ਮੁੱਖ ਮੰਤਰੀ ਤੇ ਡੀਜੀਪੀ ਨੂੰ ਪੱਤਰ ਭੇਜ ਕੇ ਆਖਿਆ ਕਿ ਸਨੌਰ ਵਿੱਚ 4 ਨੌਜਵਾਨਾਂ ’ਤੇ ਅਣਮਨੁੱਖੀ ਤਸ਼ੱਦਦ ਕਰਨ ਵਾਲੇ ਪੁਲੀਸ ਕਰਮਚਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।