ਸੰਗਰੂਰ, ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਸਥਾਨ ਤੇ ਨਾਨਕੇ ਪਿੰਡ ਬਡਰੁੱਖਾਂ ਨੂੰ ਸ਼ੇਰ-ਏ-ਪੰਜਾਬ ਦੇ ਜਨਮ ਦਿਹਾੜੇ ਮੌਕੇ ਭਾਵੇਂ ਪੰਜਾਬ ਸਰਕਾਰ, ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅਣਗੌਲਿਆ ਕਰ ਦਿੱਤਾ ਗਿਆ ਹੈ ਪਰ ਪਿੰਡ ਬਡਰੁੱਖਾਂ ਦੇ ਲੋਕਾਂ ਵਲੋਂ ਪਿੰਡ ਦੀ ਧੀ ਮਾਤਾ ਰਾਜ ਕੌਰ ਦੀ ਕੁੱਖੋਂ ਪੈਦਾ ਹੋਏ ਮਹਾਰਾਜਾ ਰਣਜੀਤ ਸਿੰਘ ਦਾ ਜਨਮ ਦਿਹਾੜਾ ਮਨਾਇਆ ਗਿਆ।
ਗੁਰਦੁਆਰਾ ਯਾਦਗਾਰ ਮਹਾਰਾਜਾ ਰਣਜੀਤ ਸਿੰਘ ਵਿੱਚ ਅਖੰਡ ਪਾਠ ਦੇ ਭੋਗ ਪਾਏ ਗਏ। ਭੋਗ ਮੌਕੇ ਜਿਥੇ ਰਾਗੀ ਜਥਿਆਂ ਵਲੋਂ ਕੀਰਤਨ ਕੀਤਾ ਗਿਆ। ਢਾਡੀ ਜਥਿਆਂ ਵਲੋਂ ਕਵਿਸ਼ਰੀ ਰਾਹੀਂ ਸ਼ੇਰ-ਏ-ਪੰਜਾਬ ਦੇ ਜੀਵਨ ਅਤੇ ਕਾਰਜਕਾਲ ਨੂੰ ਪੇਸ਼ ਕੀਤਾ ਗਿਆ। ਅੱਜ ਸਮਾਗਮ ਦੌਰਾਨ ਨਾ ਤਾਂ ਪੰਜਾਬ ਸਰਕਾਰ, ਨਾ ਸ਼੍ਰੋਮਣੀ ਅਕਾਲੀ ਦਲ ਅਤੇ ਨਾ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕਿਸੇ ਨੁਮਾਇੰਦੇ ਨੇ ਹਾਜ਼ਰੀ ਭਰੀ। ਵਿਧਾਨ ਸਭਾ ਹਲਕਾ ਸੁਨਾਮ ਤੋਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੂਬਾ ਸਕੱਤਰ ਹਰਮਨਦੇਵ ਸਿੰਘ ਗੱਗੀ ਬਾਜਵਾ ਸਮਾਗਮ ਵਿਚ ਸ਼ਾਮਲ ਹੋਏ। ਇਸ ਮੌਕੇ ਪਿੰਡ ਦੇ ਸਰਪੰਚ ਕੁਲਜੀਤ ਸਿੰਘ ਤੂਰ, ਗੁਰਦੁਆਰੇ ਦੇ ਮੁੱਖ ਸੇਵਾਦਾਰ ਬਾਬਾ ਬਾਬੂ ਸਿੰਘ, ਟਰੱਕ ਯੂਨੀਅਨ ਦੇ ਸਾਬਕਾ ਪ੍ਰਧਾਨ ਰਣਦੀਪ ਸਿੰਘ ਮਿੰਟੂ, ਪੰਚ ਸੁਖਵਿੰਦਰ ਸਿੰਘ ਸੱਤੂ, ਸਾਬਕਾ ਪੰਚ ਬਲਵਿੰਦਰ ਸਿੰਘ, ਭਾਈ ਅਵਤਾਰ ਸਿੰਘ ਸਮੇਤ ਪਿੰਡ ਦੇ ਮੋਹਤਬਰ ਮੌਜੂਦ ਸਨ।
ਸਮਾਗਮ ਦੌਰਾਨ ਗੱਗੀ ਬਾਜਵਾ ਨੇ ਕਿਹਾ ਕਿ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਸਮਾਗਮਾਂ ’ਚ ਰੁੱਝੇ ਹੋਣ ਕਾਰਨ ਇਸ ਵਾਰ ਸ਼ੇਰ-ਏ-ਪੰਜਾਬ ਦੇ ਜਨਮ ਦਿਹਾੜਾ ਵੱਡੇ ਪੱਧਰ ’ਤੇ ਨਹੀਂ ਮਨਾਇਆ ਜਾ ਸਕਿਆ ਪਰ ਅਗਲੇ ਸਾਲ ਬਡਰੁੱਖਾਂ ’ਚ ਜਨਮ ਦਿਹਾੜਾ ਵੱਡੇ ਪੱਧਰ ’ਤੇ ਮਨਾਇਆ ਜਾਵੇਗਾ। ਉਨ੍ਹਾਂ ਭਰੋਸਾ ਦਿੱਤਾ ਕਿ ਪਾਰਕ ਵਿਚ ਜਲਦ ਹੀ ਸ਼ੇਰ-ਏ-ਪੰਜਾਬ ਦਾ ਬੁੱਤ ਸਥਾਪਤ ਕੀਤਾ ਜਾਵੇਗਾ।
ਐਸਜੀਪੀਸੀ ਦੇ ਮਰਹੂਮ ਪ੍ਰਧਾਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਦੇ ਯਤਨ ਸਦਕਾ ਕਾਰ ਸੇਵਾ ਦਿੱਲੀ ਵਾਲਿਆਂ ਵਲੋਂ ਪਿੰਡ ਵਿੱਚ ਸ਼ੇਰ-ਏ-ਪੰਜਾਬ ਦੀ ਯਾਦ ’ਚ ਗੁਰਦੁਆਰਾ ਬਣਾਇਆ ਗਿਆ ਸੀ।