ਦੇਵੀਗੜ੍ਹ, 23 ਅਗਸਤ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਇਸ ਵਾਰ ਹੜ੍ਹਾਂ ਕਾਰਨ ਪੰਜਾਬ ਵਿੱਚ ਫ਼ਸਲਾਂ, ਘਰਾਂ, ਪਸ਼ੂਆਂ ਅਤੇ ਮਨੁੱਖੀ ਜਾਨਾਂ ਦਾ ਭਾਰੀ ਨੁਕਸਾਨ ਹੋਇਆ ਹੈ ਪਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹਾਲੇ ਤਕ ਕਿਸਾਨਾਂ ਨੂੰ ਕੋਈ ਵੀ ਮੁਆਵਜ਼ਾ ਨਹੀਂ ਦਿੱਤਾ ਜਦਕਿ ਮੁੱਖ ਮੰਤਰੀ ਨੇ ਬਹੁਤ ਵਾਰ ਹੜ੍ਹਾਂ ਨਾਲ ਹੋਏ ਖ਼ਰਾਬੇ ਦਾ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਸੀ ਜਿਸ ਕਰਕੇ ਪੰਜਾਬ ਦੇ ਲੋਕ ਬਹੁਤ ਨਾਰਾਜ਼ ਹਨ। ਉਨ੍ਹਾਂ ਕਿਹਾ ਕਿ ਜਦੋਂ ਤਕ ਕਿਸਾਨਾਂ ਤੇ ਮਜ਼ਦੂਰਾਂ ਨੂੰ ਇਹ ਮੁਆਵਜ਼ਾ ਨਹੀਂ ਮਿਲਦਾ ਉਦੋਂ ਤੱਕ ਅਕਾਲੀ ਦਲ ਰੋਸ ਧਰਨਿਆਂ ਦਾ ਸਿਲਸਿਲਾ ਜਾਰੀ ਰੱਖੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਕਿਹਾ ਸੀ ਕਿ ਫਸਲਾਂ ਤੋਂ ਇਲਾਵਾ ਹੜ੍ਹਾਂ ਨਾਲ ਮਰੀਆਂ ਮੁਰਗੀਆਂ ਦਾ ਵੀ ਮੁਆਵਜ਼ਾ ਦਿੱਤਾ ਜਾਵੇਗਾ ਪਰ ਅੱਜ ਤੱਕ ਕਿਸੇ ਕਿਸਾਨ ਨੂੰ ਇੱਕ ਪੈਸਾ ਵੀ ਮੁਆਵਜ਼ੇ ਦਾ ਨਹੀਂ ਮਿਲਿਆ। ਪੰਦਰਾਂ ਅਗਸਤ ਨੂੰ ਉਨ੍ਹਾਂ ਜੋ ਚੈੱਕ ਦਿੱਤੇ ਸਨ ਉਨ੍ਹਾਂ ਦੇ ਲਿਫਾਫੇ ਉੱਤੇ 40 ਹਜ਼ਾਰ ਰੁਪਏ ਲਿਖਿਆ ਸੀ ਪਰ ਅੰਦਰ ਚੈੱਕ ਸਿਰਫ 4 ਹਜ਼ਾਰ ਰੁਪਏ ਦੇ ਨਿਕਲੇ ਜੋ ਕਿਸਾਨਾਂ ਨਾਲ ਕੋਝਾ ਮਜ਼ਾਕ ਹੈ। ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਸਰਕਾਰ ਦਾ ਸਾਥ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਦਾ ਸਾਥ ਦੇਣ ਤਾਂ ਕਿ ਇਸ ਪੰਜਾਬ ਵਿਰੋਧੀ ਸਰਕਾਰ ਨੂੰ ਚਲਦਾ ਕੀਤਾ ਜਾ ਸਕੇ।

ਇਸ ਮੌਕੇ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਪੰਜਾਬ ਦਾ ਵਿਕਾਸ ਸਿਰਫ ਅਕਾਲੀ ਸਰਕਾਰ ਸਮੇਂ ਹੀ ਹੋਇਆ ਹੈ ਜਦੋਂ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਮੌਕੇ ਪੰਜਾਬ ਦਾ ਵਿਨਾਸ਼ ਹੀ ਹੋਇਆ ਹੈ। ਜਦੋਂ ਤੱਕ ਮੁਆਵਜ਼ਾ ਨਹੀਂ ਮਿਲਦਾ ਉਦੋਂ ਤੱਕ ਲੋਕ ਸਰਕਾਰ ਦੇ ਨੁਮਾਇੰਦਿਆਂ ਨੂੰ ਪਿੰਡਾਂ ਵਿੱਚ ਨਾ ਵੜਨ ਦੇਣ। ਉਨ੍ਹਾਂ 50 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਫੌਰੀ ਤੌਰ ’ਤੇ ਜਾਰੀ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਸੱਤ ਸਾਲ ਸੰਸਦ ’ਚ ਰਹਿ ਕੇ ਭਗਵੰਤ ਮਾਨ ਨੇ ਘੱਗਰ ਦੇ ਹੱਲ ਲਈ ਇੱਕ ਸ਼ਬਦ ਵੀ ਨਹੀਂ ਬੋਲਿਆ। ਇਸੇ ਦੌਰਾਨ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਹਲਕੇ ਦੇ ਲੋਕਾਂ ਨੂੰ ਵਿਸ਼ਵਾਸ ਦੁਆਇਆ ਕਿ ਉਹ ਫਸਲਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਮਿਲਣ ਤੱਕ ਸੜਕਾਂ ਤੱਕ ਜਾਮ ਕਰਨਗੇ।