ਚੰਡੀਗੜ੍ਹ: ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਸਰਕਾਰ ਵੱਲੋਂ ਪੰਚਾਇਤਾਂ ਭੰਗ ਕਰਨ ਦੇ ਫ਼ੈਸਲੇ ਨੂੰ ਵਾਪਸ ਲੈਣ ਦੇ ਮੱਦੇਨਜ਼ਰ ਕਿਹਾ ਕਿ ਇਹ ਲੋਕਤੰਤਰੀ ਸੰਸਥਾਵਾਂ ਦੀ ਜਿੱਤ ਹੈ। ‘ਆਪ’ ਸਰਕਾਰ ਨੂੰ ਅਜਿਹੇ ਗੈਰ-ਲੋਕਤੰਤਰੀ ਫ਼ੈਸਲੇ ਨੂੰ ਵਾਪਸ ਲੈਣ ਲਈ ਮਜਬੂਰ ਹੋਣਾ ਪਿਆ ਕਿਉਂਕਿ ਪੰਜਾਬ ਸਰਕਾਰ ਦੀ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਖਿਚਾਈ ਕੀਤੀ ਸੀ। ਪੰਜਾਬ ਕਾਂਗਰਸ ਨੇ ਵੀ ਇਸ ਫ਼ੈਸਲੇ ਵਿਰੁੱਧ ਸਖ਼ਤ ਰੁਖ਼ ਲਿਆ ਤੇ ਕਈ ਮੰਚਾਂ ’ਤੇ ਇਹ ਮੁੱਦਾ ਉਠਾਇਆ। ਬਾਜਵਾ ਨੇ ਕਿਹਾ ਕਿ ‘ਆਪ’ ਸਰਕਾਰ ਨੇ ਸਰਪੰਚਾਂ ਦੇ ਅਧਿਕਾਰ ਖੋਹ ਲਏ ਸਨ। ਇਨ੍ਹਾਂ ਫ਼ੈਸਲਿਆਂ ਕਾਰਨ 41,922 ਔਰਤਾਂ ਸਮੇਤ 1,00,312 ਚੁਣੇ ਹੋਏ ਨੁਮਾਇੰਦਿਆਂ ਦੇ ਅਧਿਕਾਰਾਂ ਨਾਲ ਸਮਝੌਤਾ ਕੀਤਾ ਗਿਆ ਸੀ।