ਕਿੱਲੀ ਚਾਹਲਾਂ (ਮੋਗਾ), 14 ਦਸੰਬਰ

ਲੁਧਿਆਣਾ-ਫਿਰੋਜ਼ਪੁਰ ਮੁੱਖ ਮਾਰਗ ’ਤੇ ਮੋਗਾ ਅਤੇ ਲੁਧਿਆਣੇ ਜ਼ਿਲ੍ਹੇ ਦੀ ਹੱਦ ’ਤੇ ਪਿੰਡ ਕਿੱਲੀ ਚਾਹਲਾਂ ਵਿਖੇ ਮਿਸ਼ਨ 2022 ਤਹਿਤ ਆਪਣੇ 100ਵੇਂ ਸਥਾਪਨਾ ਦਿਵਸ ਉੱਤੇ ਸ਼੍ਰੋਮਣੀ ਅਕਾਲੀ ਦਲ ਨੇ ਜ਼ੋਰਦਾਰ ਸ਼ਕਤੀ ਪ੍ਰਦਰਸ਼ਨ ਕੀਤਾ। ਇਸ ਰੈਲੀ ’ਚ ਸੁਖਬੀਰ ਬਾਦਲ ਨੇ ਧਾਰਮਿਕ ਸਥਾਨਾਂ ਨੂੰ ਮੁਫਤ ਬਿਜਲੀ, ਸੂਬੇ ’ਚੋਂ ਸ਼ਰਾਬ ਮਾਫੀਆ ਨੂੰ ਖਤਮ ਕਰਨ ਲਈ ਸ਼ਰਾਬ ਨਿਗਮ ਅਤੇ ਰੇਤ ਮਾਫੀਆ ਲਈ ਮਾਈਨਿੰਗ ਕਾਰਪੋਰੇਸ਼ਨ ਬਣਾਉਣ ਤੋਂ ਇਲਾਵਾ ਸਰਕਾਰ ਬਣਨ ’ਤੇ ਮੁਲਾਜ਼ਮਾਂ ਦੀ ਪੁਰਾਣੀ ਪੈਨਸ਼ਨ ਬਹਾਲ ਕਰਨ ਦਾ ਐਲਾਨ ਕੀਤਾ। ਇਸ ਮੌਕੇ ਅਕਾਲੀ ਦਲ ਦੇ ਸਰਪ੍ਰਸਤ ਪਰਕਾਸ਼ ਸਿੰਘ ਬਾਦਲ ਨੇ ਸੂਬੇ ’ਚ ਅਕਾਲੀ-ਭਾਜਪਾ ਗੱਠਜੋੜ ਦੀ ਸਰਕਾਰ ਬਣਾਉਣ ਦਾ ਸੱਦਾ ਦਿੰਦੇ ਕਾਂਗਰਸ ਉੱਤੇ ਨਿਸ਼ਾਨਾ ਸਾਧਦੇ ਕਿਹਾ ਕਿ ਵਾਅਦਾ ਉਹ ਕਰੋ ਜੋ ਪੂਰਾ ਕਰ ਸਕੋ। ਉਨ੍ਹਾਂ ਵਿਧਾਨ ਸਭਾ ਚੋਣ ਲੜਨ ਦਾ ਇਸ਼ਾਰਾ ਕਰਦਿਆਂ ਇਹ ਵੀ ਕਿਹਾ ਜਿਥੋਂ ਤੁਸੀ ਮੈਨੂੰ ਸੇਵਾ ਦਿਉਗੋ ਮੈਂ ਹਾਜ਼ਰ ਹਾਂ। ਉਨ੍ਹਾਂ ਦਾਅਵਾ ਕੀਤਾ ਕਿ ਸੂਬੇ ’ਚ ਕਿਸਾਨਾਂ, ਮਜ਼ਦੂਰਾਂ, ਗਰੀਬਾਂ ਲਈ ਭਲਾਈ ਸਕੀਮਾਂ ਸਿਰਫ਼ ਅਕਾਲੀ ਸਰਕਾਰ ਸਮੇਂ ਹੀ ਬਣੀਆਂ। ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਆਗੂਆਂ ਤੇ ਵਰਕਰਾਂ ਨੂੰ ਕਿਹਾ ਉਨ੍ਹਾਂ ਦੀ ਤਿੰਨ ਸਰਕਾਰਾਂ ਭਾਵ ਕੇਂਦਰ ਦੀ ਮੋਦੀ, ਦਿੱਲੀ ਦੀ ਕੇਜਰੀਵਾਲ ਤੇ ਸੂਬੇ ’ਚ ਕਾਂਗਰਸ ਸਰਕਾਰ ਨਾਲ ਟੱਕਰ ਹੈ।

ਬਸਪਾ ਦੇ ਕੌਮੀ ਆਗੂ ਤੇ ਰਾਜ ਸਭਾ ਮੈਂਬਰ ਸਤੀਸ਼ ਮਿਸ਼ਰਾ ਨੇ ਜਿਥੇ ਕਾਂਗਰਸ ਉੱਤੇ ਤਿੱਖੇ ਸ਼ਬਦੀ ਹਮਲੇ ਕੀਤੇ ਉਥੇ ਸਾਬਕਾ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਦੀ ਤਰੀਫ਼ ਕੀਤੀ। ਇਸ ਮੌਕੇ ਪ੍ਰੇਮ ਸਿੰਘ ਚੰਦੂ ਮਾਜਰਾ, ਬਲਵਿੰਦਰ ਸਿੰਘ ਭੂੰਦੜ, ਗੁਲਜ਼ਾਰ ਸਿੰਘ ਰਣੀਕੇ, ਹੀਰਾ ਸਿੰਘ ਗਾਬੜੀਆ, ਐੱਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਸਿਕੰਦਰ ਸਿੰਘ ਮਲੂਕਾ, ਅਨਿਲ ਜੋਸੀ, ਸੁੱਚਾ ਸਿੰਘ ਛੋਟੇਪੁਰ, ਜਗਮੀਤ ਸਿੰਘ ਬਰਾੜ, ਬਸਪਾ ਸੁਬਾਈ ਪ੍ਰਧਾਨ ਜਸਵੀਰ ਸਿੰਘ ਗੜੀ ਤੇ ਹੋਰ ਆਗੂਆਂ ਨੇ ਜਿੱਥੇ ਅਕਾਲੀ ਦਲ ਦੀ ਵਡਿਆਈ ਕੀਤੀ ਉਥੇ ਅਗਾਮੀ ਚੋਣਾਂ ਵਿੱਚ ਸੁਖਬੀਰ ਸਿੰਘ ਬਾਦਲ ਨੂੰ ਮੁੱਖ ਮੰਤਰੀ ਦੇ ਰੂਪ ਵਿਚ ਪੇਸ਼ ਕੀਤਾ। ਇਸ ਮੌਕੇ ਜਥੇਦਾਰ ਤੋਤਾ ਸਿੰਘ, ਸਾਬਕਾ ਕੇਂਦਰੀ ਮੰਤਰੀ ਤੇ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ, ਬਰਜਿੰਦਰ ਸਿੰਘ ਮੱਖਣ ਬਰਾੜ ਤੇ ਹੋਰ ਵੱਡੀ ਗਿਣਤੀ ’ਚ ਆਗੂ ਸਟੇਜ ਉੱਤੇ ਸਨ। ਇਸ ਰੈਲੀ ਵਿੱਚ ਲੱਖਾਂ ਦੀ ਗਿਣਤੀ ’ਚ ਮਾਰਦਾ ਇਕੱਠ ਸੀ।