ਨਵੀਂ ਦਿੱਲੀ/ਅੰਮ੍ਰਿਤਸਰ, 5 ਨਵੰਬਰ
ਅਕਾਲੀ ਦਲ (ਦਿੱਲੀ) ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੂੰ ਦਿੱਲੀ ਹਾਈ ਕੋਰਟ ਨੇ ਪਾਕਿਸਤਾਨ ਜਾਣ ਦੀ ਆਗਿਆ ਦੇ ਦਿੱਤੀ ਹੈ। ਉਨ੍ਹਾਂ ਨੂੰ 5 ਲੱਖ ਰੁਪਏ ਦੀ ਜ਼ਾਮਨੀ ਨਾਲ 16 ਨਵੰਬਰ ਜਾਂ ਉਸ ਤੋਂ ਪਹਿਲਾਂ ਭਾਰਤ ਪਰਤਣ ਦੀ ਹਦਾਇਤ ਵੀ ਦਿੱਤੀ ਗਈ ਹੈ। ਹਾਈ ਕੋਰਟ ਨੇ 2012 ਦੇ ਇਕ ਮੁਕੱਦਮੇ ਦੇ ਆਧਾਰ ’ਤੇ ਸ੍ਰੀ ਸਰਨਾ ਖ਼ਿਲਾਫ਼ ਜਾਰੀ ਹੋਇਆ ‘ਲੁੱਕ ਆਊਟ ਨੋਟਿਸ’ ਵੀ ਮੁਅੱਤਲ ਕਰ ਦਿੱਤਾ ਹੈ। ਉਹ 7 ਨਵੰਬਰ ਨੂੰ ਅਟਾਰੀ ਸਰਹੱਦ ਰਾਹੀਂ ਪਾਕਿਸਤਾਨ ਜਾਣਗੇ ਜਿਥੇ ਉਹ ਗੁਰੂ ਨਾਨਕ ਦੇਵ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ’ਚ ਹਿੱਸਾ ਲੈਣਗੇ।
ਸ੍ਰੀ ਸਰਨਾ ਦੀ ਪਟੀਸ਼ਨ ’ਤੇ ਅਦਾਲਤ ਵੱਲੋਂ ਕੇਂਦਰੀ ਗ੍ਰਹਿ ਤੇ ਵਿਦੇਸ਼ ਮੰਤਰਾਲੇ ਅਤੇ ਦਿੱਲੀ ਪੁਲੀਸ ਦੇ ਆਰਥਿਕ ਅਪਰਾਧ ਵਿੰਗ ਤੋਂ ਜਵਾਬ ਮੰਗਿਆ ਗਿਆ ਹੈ। ਹਾਈ ਕੋਰਟ ਨੇ ਕੇਸ ਦੀ ਅਗਲੀ ਸੁਣਵਾਈ 22 ਜਨਵਰੀ 2020 ’ਤੇ ਪਾ ਦਿੱਤੀ ਹੈ।
ਸ੍ਰੀ ਸਰਨਾ ਨੂੰ 31 ਅਕਤੂਬਰ ਨੂੰ ਪਾਕਿਸਤਾਨ ਜਾਣ ਤੋਂ ਉਦੋਂ ਰੋਕ ਦਿੱਤਾ ਗਿਆ ਸੀ ਜਦੋਂ ਉਹ ਅਟਾਰੀ ਸਰਹੱਦ ਰਾਹੀਂ ਗੁਰੂ ਨਾਨਕ ਦੇਵ ਦੇ 550ਵੇਂ ਪ੍ਰਕਾਸ਼ ਦਿਵਸ ਦੇ ਸਬੰਧ ’ਚ ਨਗਰ ਕੀਰਤਨ ਦੀ ਅਗਵਾਈ ਕਰਦੇ ਹੋਏ ਨਨਕਾਣਾ ਸਾਹਿਬ ਲਈ ਜਾ ਰਹੇ ਸਨ। ਸ੍ਰੀ ਸਰਨਾ ਨੇ ਦੱਸਿਆ ਕਿ ਦਿੱਲੀ ਹਾਈ ਕੋਰਟ ਵਿਚ ਵਕੀਲਾਂ ਦੀ ਹੜਤਾਲ ਦੇ ਬਾਵਜੂਦ ਉਨ੍ਹਾਂ ਨੂੰ ਰਾਹਤ ਮਿਲੀ ਹੈ। ਉਨ੍ਹਾਂ ਦਾ ਪੱਖ ਹਾਈ ਕੋਰਟ ’ਚ ਭਤੀਜੇ ਪ੍ਰਭਜੀਤ ਸਿੰਘ ਨੇ ਰੱਖਿਆ।