ਚੰਡੀਗੜ੍ਹ, 22
ਅਗਸਤਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਿੰਡਾਂ ਵਿੱਚੋਂ ਸਿਆਸੀ ਕੁੜੱਤਣ ਖਤਮ ਕਰਨ ਤੇ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਸੂਬੇ ’ਚ ਸਰਬਸੰਮਤੀ ਨਾਲ ਚੁਣੀਆਂ ਜਾਣ ਵਾਲੀਆਂ ਪੰਚਾਇਤਾਂ ਨੂੰ ‘ਮੁੱਖ ਮੰਤਰੀ ਪਿੰਡ ਏਕਤਾ ਸਨਮਾਨ’ ਤਹਿਤ 5 ਲੱਖ ਰੁਪਏ ਦੀ ਵਿਸ਼ੇਸ਼ ਗਰਾਂਟ ਦੇਣ ਦਾ ਐਲਾਨ ਕੀਤਾ ਹੈ। ਮਾਨ ਨੇ ਕਿਹਾ ਕਿ ਇਹ ਚੋਣਾਂ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਅਹਿਮ ਹੁੰਦੀਆਂ ਹਨ, ਜਿਸ ਕਰ ਕੇ ਸੂਬਾ ਸਰਕਾਰ ਨੇ ਸਰਬਸੰਮਤੀ ਨਾਲ ਸਰਪੰਚ ਤੇ ਪੰਚ ਚੁਣਨ ਵਾਲੇ ਪਿੰਡਾਂ ਨੂੰ ਪੰਜ ਲੱਖ ਰੁਪਏ ਦੀ ਵਿਸ਼ੇਸ਼ ਗਰਾਂਟ ਦੇਣ ਦਾ ਫੈਸਲਾ ਲਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਚਾਇਤ ਦੀ ਚੋਣ ਪਿੰਡ ਦੇ ਵਿਕਾਸ ਨੂੰ ਯਕੀਨੀ ਬਣਾਉਣ ਲਈ ਹੁੰਦੀ ਹੈ। ਇਨ੍ਹਾਂ ਚੋਣਾਂ ਨੂੰ ਕਦੇ ਵੀ ਸਿਆਸਤ ਦੇ ਰੰਗ ਵਿਚ ਨਹੀਂ ਰੰਗਣਾ ਚਾਹੀਦਾ। ਇਸ ਨਾਲ ਪਿੰਡਾਂ ਵਿੱਚ ਧੜੇਬੰਦੀਆਂ ਪੈਦਾ ਹੁੰਦੀ ਹੈ। ਉਨ੍ਹਾਂ ਕਿਹਾ ਕਿ ਸਰਪੰਚ ਪਿੰਡ ਦਾ ਮੁਖੀ ਹੁੰਦਾ ਹੈ, ਉਸ ਨੂੰ ਇਕ ਧੜੇ ਦੀ ਨਹੀਂ ਸਗੋਂ ਪਿੰਡ ਵਾਸੀਆਂ ਦੀ ਨੁਮਾਇੰਦਗੀ ਕਰਨੀ ਚਾਹੀਦੀ ਹੈ। ਮਾਨ ਨੇ ਸਾਰੇ ਪਿੰਡਾਂ ਨੂੰ ਅਪੀਲ ਕੀਤੀ ਕਿ ਆਉਣ ਵਾਲੀਆਂ ਪੰਚਾਇਤੀ ਚੋਣਾਂ ’ਚ ਸਿਆਸੀ ਵਖਰੇਵਿਆਂ ਨੂੰ ਲਾਂਭੇ ਕਰਕੇ ਸਰਬਸਮੰਤੀ ਨਾਲ ਸਰਪੰਚ-ਪੰਚ ਚੁਣਨ ਤਾਂ ਕਿ ਪਿੰਡਾਂ ਦਾ ਭਾਈਚਾਰਾ ਹੋਰ ਮਜ਼ਬੂਤ ਹੋ ਸਕੇ। ਉਨ੍ਹਾਂ ਕਿਹਾ ਕਿ ਪੰਚਾਇਤੀ ਚੋਣਾਂ ਨੂੰ ਸਿਆਸੀ ਪਰਛਾਵੇਂ ਤੋਂ ਮੁਕਤ ਰੱਖਣ ਦੀ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ। ਇਸ ਦਾ ਮੰਤਵ ਪੰਚਾਇਤੀ ਚੋਣਾਂ ਦੌਰਾਨ ਪਿੰਡਾਂ ਦਾ ਸੁਖਾਵਾਂ ਮਾਹੌਲ ਕਾਇਮ ਰੱਖਣਾ ਤੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਆਪਣੇ ਸਿਆਸੀ ਫਾਇਦਿਆਂ ਲਈ ਪਿੰਡਾਂ ’ਚ ਧੜੇਬੰਦੀ ਪੈਦਾ ਕਰਦੀਆਂ ਸਨ, ਪਰ ਇਸ ਦਾ ਖਮਿਆਜ਼ਾ ਪਿੰਡ ਵਾਸੀਆਂ ਨੂੰ ਭੁਗਤਣਾ ਪੈਂਦਾ ਸੀ।