ਬਸੀ ਪਠਾਣਾਂ, 30 ਮਈ
ਸਹਿਕਾਰਤਾ ਵਿਭਾਗ ਦਾ ਕਿਸਾਨਾਂ ਦੀ ਆਰਥਿਕਤਾ ਮਜ਼ਬੂਤ ਕਰਨ ਵਿੱਚ ਅਹਿਮ ਯੋਗਦਾਨ ਹੈ ਅਤੇ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਦੀਆਂ 114 ਬਹੁਮੰਤਵੀ ਸਹਿਕਾਰੀ ਸਭਾਵਾਂ ਨੂੰ ਆਧੁਨਿਕ ਤਰੀਕਿਆਂ ਨਾਲ ਵਿਕਸਿਤ ਕਰਕੇ ਇਨ੍ਹਾਂ ਨੂੰ ਆਤਮ ਨਿਰਭਰ ਬਣਾਇਆ ਜਾਵੇਗਾ ਤਾਂ ਜੋ ਕਿਸਾਨਾਂ ਦੀਆਂ ਸਾਰੀਆਂ ਲੋੜਾਂ ਸਹਿਕਾਰੀ ਸਭਾਵਾਂ ਰਾਹੀਂ ਪੂਰੀਆਂ ਹੋ ਸਕਣ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਦੇ ਸਹਿਕਾਰਤਾ ਤੇ ਜੇਲ੍ਹਾਂ ਬਾਰੇ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਬਸੀ ਪਠਾਣਾਂ ਦੇ ਲਾਗਲੇ ਪਿੰਡ ਗੰਢੂਆਂ ਦੇ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਬਾਅਦ ਇੱਕ ਧਾਰਮਿਕ ਸਮਾਗਮ ਵਿੱਚ ਸ਼ਿਰਕਤ ਕਰਨ ਤੋਂ ਬਾਅਦ ਕੀਤਾ। ਸਹਿਕਾਰਤਾ ਮੰਤਰੀ ਨੇ ਆਖਿਆ ਕਿ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਦੀਆਂ ਕਈ ਬਹੁਮੰਤਵੀ ਸਹਿਕਾਰੀ ਸਭਾਵਾਂ ਪੰਜਾਬ ਦੀਆਂ ਹੋਰ ਸਭਾਵਾਂ ਲਈ ਇੱਕ ਰੋਲ ਮਾਡਲ ਹਨ। ਉਨ੍ਹਾਂ ਕਿਹਾ ਕਿ ਉਹ ਜਲਦੀ ਹੀ ਇਨ੍ਹਾਂ ਸਭਾਵਾਂ ਦਾ ਦੌਰਾ ਕਰਕੇ ਸਭਾਵਾਂ ਦੇ ਪ੍ਰਬੰਧਕਾਂ ਨਾਲ ਵਿਚਾਰ ਵਟਾਂਦਰਾ ਕਰਨਗੇ।
ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਸਾਰੀਆਂ ਜੇਲ੍ਹਾਂ ਵਿੱਚ ਸੀ.ਸੀ.ਟੀ.ਵੀ. ਕੈਮਰੇ ਲੱਗੇ ਹੋਏ ਹਨ ਅਤੇ ਜਿੱਥੇ ਕਿਤੇ ਤਕਨੀਕੀ ਖਰਾਬੀ ਹੈ, ਉਸ ਨੂੰ ਤੁਰੰਤ ਦੂਰ ਕਰਵਾ ਕੇ ਜੇਲ੍ਹਾਂ ਦੀ ਸੁਰੱਖਿਆ ਨੂੰ ਪੂਰੀ ਤਰ੍ਹਾਂ ਮਜ਼ਬੂਤ ਕੀਤਾ ਜਾਵੇਗਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਡਿਪਟੀ ਰਜਿਸਟਰਾਰ ਅਨਿਲ ਕੁਮਾਰ, ਸਹਾਇਕ ਰਜਿਸਟਰਾਰ ਅਮਲੋਹਬਲਵੀਰ ਸਿੰਘ ਤੋਂ ਇਲਾਵਾ ਸਹਿਕਾਰਤਾ ਵਿਭਾਗ ਦੇ ਹੋਰ ਉੱਚ ਅਧਿਕਾਰੀ ਅਤੇ ਪਤਵੰਤੇ ਮੌਜੂਦ ਸਨ।