ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਨੇ ਬੀਤੇ ਦਿਨ ਗੁਰਦਾਸਪੁਰ ਵਿਖੇ ਕਤਲ ਕੀਤੇ ਗਏ ਪੁਲਿਸ ਮੁਲਾਜ਼ਮ ਦੇ ਪਰਿਵਾਰ ਲਈ ਆਰਥਿਕ ਮਦਦ ਦਾ ਐਲਾਨ ਕੀਤਾ ਹੈ। ਪੰਜਾਬ ਸਰਕਾਰ ਨੇ ਇਹਨਾਂ ਦੋਵਾਂ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਐਕਸ-ਗ੍ਰੇਸ਼ੀਆ ਦੇਣ ਦਾ ਐਲਾਨ ਕੀਤਾ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੇ ਇਕ ਪੋਸਟ ਸਾਂਝੀ ਕਰ ਕਿਹਾ ਕਿ “ਸ਼ਹੀਦ ਏ.ਐੱਸ.ਆਈ. ਗੁਰਨਾਮ ਸਿੰਘ ਅਤੇ ਪੀ.ਐੱਚ.ਜੀ. ਅਸ਼ੋਕ ਕੁਮਾਰ ਦੀ ਬਹਾਦਰੀ ਅਤੇ ਸਰਵੋਚ ਕੁਰਬਾਨੀ ਨੂੰ ਸਲਾਮ, ਜਿਨ੍ਹਾਂ ਨੇ ਡਿਊਟੀ ਦੌਰਾਨ ਆਪਣੀਆਂ ਜਾਨਾਂ ਵਾਰ ਦਿੱਤੀਆਂ। ਪੰਜਾਬ ਸਰਕਾਰ ਉਨ੍ਹਾਂ ਦੇ ਪਰਿਵਾਰਾਂ ਨੂੰ 1-1 ਕਰੋੜ ਰੁਪਏ ਦੀ ਐਕਸਗ੍ਰੇਸ਼ੀਆ ਰਾਸ਼ੀ ਪ੍ਰਦਾਨ ਕਰੇਗੀ, ਜਦੋਂ ਕਿ ਐੱਚ.ਡੀ.ਐੱਫ.ਸੀ. ਬੈਂਕ ਵੱਲੋਂ 1-1 ਕਰੋੜ ਰੁਪਏ ਦੀ ਵਾਧੂ ਬੀਮਾ ਰਾਸ਼ੀ ਦਿੱਤੀ ਜਾਵੇਗੀ। ਅਸੀਂ ਆਪਣੇ ਸ਼ਹੀਦਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਮਜ਼ਬੂਤੀ ਨਾਲ ਖੜ੍ਹੇ ਹਾਂ। ਉਨ੍ਹਾਂ ਦੀ ਕੁਰਬਾਨੀ ਸਾਨੂੰ ਸਾਰਿਆਂ ਨੂੰ ਸਨਮਾਨ ਅਤੇ ਬਹਾਦਰੀ ਨਾਲ ਡਿਊਟੀ ਨਿਭਾਉਣ ਲਈ ਪ੍ਰੇਰਿਤ ਕਰਦੀ ਹੈ।”
ਦੱਸ ਦੇਈਏ ਕਿ ਸ਼ਨੀਵਾਰ ਐਤਵਾਰ ਦੀ ਦਰਮਿਆਨੀ ਰਾਤ ਨੂੰ ਗੁਰਦਾਸਪੁਰ ਵਿੱਚ ਪਾਕਿਸਤਾਨ ਸਰਹੱਦ ਤੋਂ ਕਰੀਬ ਡੇਢ ਕਿਲੋਮੀਟਰ ਦੂਰ ਆਦੀਆਂ ਪੁਲਿਸ ਚੌਕੀ ਵਿੱਚ ਡਿਊਟੀ ‘ਤੇ ਤਾਇਨਾਤ ਏ.ਐੱਸ.ਆਈ ਗੁਰਨਾਮ ਸਿੰਘ ਅਤੇ ਹੋਮਗਾਰਡ ਅਸ਼ੋਕ ਕੁਮਾਰ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਏ.ਐੱਸ.ਆਈ ਦੇ ਸਿਰ ਅਤੇ ਹੋਮਗਾਰਡ ਦੀ ਛਾਤੀ ਵਿੱਚ ਗੋਲੀ ਮਾਰੀ ਗਈ। ਇਸ ਘਟਨਾ ਦੀ ਇਕ ਸੀਸੀਟੀਵੀ ਫੁਟੇਜ ਵੀ ਵਾਇਰਲ ਹੋ ਰਹੀ ਹੈ, ਜਿਸ ਵਿੱਚ ਸ਼ੱਕੀ ਵਿਅਕਤੀ ਬਾਈਕ ‘ਤੇ ਭੱਜਦੇ ਦਿਖਾਈ ਦੇ ਰਹੇ ਹਨ।
ਇਸ ਘਟਨਾ ਤੋਂ ਬਾਅਦ ਰਾਜ ਦੇ ਸਰਹੱਦੀ ਇਲਾਕਿਆਂ ਵਿੱਚ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਅੰਮ੍ਰਿਤਸਰ ਦੇ ਸਰਹੱਦੀ ਖੇਤਰ ਅਜਨਾਲਾ ਵਿੱਚ ਪੁਲਿਸ ਨੇ ਵਿਸ਼ੇਸ਼ ਨਾਕਾਬੰਦੀ ਕੀਤੀ ਹੈ। ਹਰ ਆਉਣ-ਜਾਣ ਵਾਲੀ ਗੱਡੀ ਦੀ ਸਖ਼ਤੀ ਨਾਲ ਵਿਸ਼ੇਸ਼ ਜਾਂਚ ਕੀਤੀ ਜਾ ਰਹੀ ਹੈ।














