ਨਵੀਂ ਦਿੱਲੀ, 21 ਸਤੰਬਰ
ਸ਼੍ਰੋਮਣੀ ਅਕਾਲੀ ਦਲ ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਥੇ ਪਾਕਿਸਤਾਨ ਦੇ ਦੂਤਾਵਾਸ ਬਾਹਰ ਰੋਸ ਪ੍ਰਦਰਸ਼ਨ ਕਰਕੇ ਪਾਕਿਸਤਾਨ ਵਿੱਚ ਘੱਟਗਿਣਤੀ ਸਿੱਖਾਂ ਉਪਰ ਹੋ ਰਹੇ ਜ਼ੁਲਮਾਂ ਵਿਰੁੱਧ ਆਵਾਜ਼ ਬੁਲੰਦ ਕੀਤੀ ਗਈ। ਦਲ ਦੇ ਪ੍ਰਦੇਸ਼ਕ ਪ੍ਰਧਾਨ ਹਰਮੀਤ ਸਿੰਘ ਕਾਲਕਾ ਤੇ ਦਿੱਲੀ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਦੀ ਅਗਵਾਈ ਹੇਠ ਸਿੱਖ ਕਾਰਕੁਨਾਂ ਵੱਲੋਂ ਪਾਕਿਸਤਾਨ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ। ਆਗੂਆਂ ਨੇ ਮੰਗ ਕੀਤੀ ਕਿ ਸ੍ਰੀ ਪੰਜਾ ਸਾਹਿਬ ਦੇ ਮੁੱਖ ਗ੍ਰੰਥੀ ਦੀ 17 ਸਾਲਾ ਧੀ ਨੂੰ ਅਗਵਾਕਾਰਾਂ ਦੇ ਚੁੰਗਲ ਵਿੱਚੋਂ ਸੁਰੱਖਿਅਤ ਕੱਢ ਕੇ ਮਾਪਿਆਂ ਦੇ ਹਵਾਲੇ ਕੀਤਾ ਜਾਵੇ। ਬੀਤੇ ਦਿਨੀਂ ਦਲ ਵੱਲੋਂ ਇਹ ਮਾਮਲਾ ਵਿਦੇਸ਼ ਮੰਤਰਾਲੇ ਕੋਲ ਵੀ ਪੁੱਜਦਾ ਕੀਤਾ ਗਿਆ ਸੀ।